nabaz-e-punjab.com

ਵਿਜੀਲੈਂਸ ਵੱਲੋਂ ਡੀਐਸਪੀ ਦਾ ਰੀਡਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਬਠਿੰਡਾ ਦੇ ਵਿਅਕਤੀ ਦੀ ਸ਼ਿਕਾਇਤ ’ਤੇ ਕੀਤੀ ਕਾਰਵਾਈ, ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਦਾ ਕੇਸ ਦਰਜ

ਸ਼ਿਕਾਇਤ ਕਰਤਾ ਦਾ ਮਾਮੇ ਨਾਲ ਪ੍ਰਾਪਰਟੀ ਨੂੰ ਲੈ ਕੇ ਚੱਲ ਰਹੇ ਝਗੜੇ ਦੇ ਨਿਪਟਾਰੇ ਲਈ ਮੰਗੀ ਸੀ ਰਿਸ਼ਵਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚੀਫ਼ ਡਾਇਰੈਕਟਰ ਬੀਕੇ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁਹਾਲੀ ਦੇ ਐਸਐਸਪੀ (ਵਿਜੀਲੈਂਸ) ਆਰਕੇ ਬਖ਼ਸ਼ੀ ਦੀ ਅਗਵਾਈ ਹੇਠ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਖਰੜ ਦੇ ਡੀਐਸਪੀ ਸਿਮਰਨਜੀਤ ਸਿੰਘ ਲੰਗ ਦੇ ਰੀਡਰ ਹੌਲਦਾਰ ਅਮਰਿੰਦਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਅੱਜ ਸ਼ਾਮੀ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਡੀਐਸਪੀ ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਹੌਲਦਾਰ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਬਠਿੰਡਾ ਦੇ ਵਸਨੀਕ ਅਮਰਜੀਤ ਸਿੰਘ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਮੁਲਜ਼ਮ ਨੂੰ ਭਲਕੇ ਐਤਵਾਰ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਕਰਤਾ ਦਾ ਉਸ ਦੇ ਮਾਮੇ ਨਾਲ ਪ੍ਰਾਪਰਟੀ ਨੂੰ ਲੈ ਕੇ ਝਗੜਾ ਚਲ ਰਿਹਾ ਹੈ। ਇਸ ਸਬੰਧੀ ਅਮਰਜੀਤ ਸਿੰਘ ਨੇ ਡੀਐਸਪੀ ਦਫ਼ਤਰ ਵਿੱਚ ਦੂਜੀ ਧਿਰ ਦੇ ਖ਼ਿਲਾਫ਼ ਬਣਦੀ ਕਾਰਵਾਈ ਲਈ ਦਰਖਾਸਤ ਦਿੱਤੀ ਗਈ। ਪੀੜਤ ਦੀ ਸ਼ਿਕਾਇਤ ’ਤੇ ਕਾਰਵਾਈ ਕਰਨ ਲਈ ਡੀਐਸਪੀ ਦੇ ਰੀਡਰ ਮਨਿੰਦਰ ਸਿੰਘ ਨੇ ਉਸ ਕੋਲੋਂ 50 ਹਜ਼ਾਰ ਰੁਪਏ ਰਿਸ਼ਵਤ ਮੰਗੀ ਗਈ ਸੀ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਹੌਲਦਾਰ ਦੀਆਂ ਵਧੀਕੀਆਂ ਤੋਂ ਤੰਗ ਆ ਕੇ ਅਮਰਜੀਤ ਸਿੰਘ ਵੱਲੋਂ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਗਈ ਅਤੇ ਹੌਲਦਾਰ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੀੜਤ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਅੱਜ ਡੀਐਸਪੀ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ ਦੀ ਵਿਸ਼ੇਸ਼ ਟੀਮ ਨੇ ਟਰੈਪ ਲਗਾ ਕੇ ਡੀਐਸਪੀ ਦੇ ਰੀਡਰ ਨੂੰ ਸ਼ਿਕਾਇਤ ਕਰਤਾ ਕੋਲੋਂ 20 ਹਜ਼ਾਰ ਰੁਪਏ ਪਹਿਲੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹੌਲਦਾਰ ਦਾ ਪੁਲੀਸ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਹ ਪਤਾ ਲਗਾਇਆ ਜਾਵੇਗਾ ਕਿ ਇਸ ਮਾਮਲੇ ਵਿੱਚ ਹੋਰ ਕੌਣ ਕੌਣ ਸ਼ਾਮਲ ਹਨ।
ਉਧਰ, ਪੁਲੀਸ ਸੂਤਰਾਂ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਡੀਐਸਪੀ ਦੀ ਕਥਿਤ ਸ਼ੱਕੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜ ਪੈਣ ’ਤੇ ਪੁਲੀਸ ਅਧਿਕਾਰੀ ਨੂੰ ਵਿਜੀਲੈਂਸ ਦਫ਼ਤਰ ਵਿੱਚ ਤਲਬ ਕਰਕੇ ਜਾਂਚ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਵਿਜੀਲੈਂਸ ਦੀ ਇਸ ਕਾਰਵਾਈ ਤੋਂ ਬਾਅਦ ਮੁਹਾਲੀ ਪੁਲੀਸ ਦੇ ਅਧਿਕਾਰੀ ਅਤੇ ਅਧਿਕਾਰੀਆਂ ਦਾ ਦਫ਼ਤਰੀ ਸਟਾਫ਼ ਚੌਕੰਨਾ ਹੋ ਗਿਆ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …