Nabaz-e-punjab.com

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਰੂਪ ਵਿੱਚ ਦੁਕਾਨਦਾਰ ਤੋਂ ਜ਼ਾਮਨੀ ਮੰਗਣ ਵਾਲਾ ਵਿਅਕਤੀ ਗ੍ਰਿਫ਼ਤਾਰ

ਸਿਹਤ ਵਿਭਾਗ ਤੇ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀ ਅਤੇ ਕਰਮਚਾਰੀ ਦੀ ਸ਼ੱਕੀ ਭੂਮਿਕਾ ਸਬੰਧੀ ਜਾਂਚ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਦਸੰਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਵਿਜੀਲੈਂਸ ਮੁਹਾਲੀ ਦੇ ਡੀਐਸਪੀ ਰਵਿੰਦਰ ਸਿੰਘ ਰੰਧਾਵਾ, ਸੀਨੀਅਰ ਇੰਸਪੈਕਟਰ ਇੰਦਰਪਾਲ ਸਿੰਘ ਅਤੇ ਏਐਸਆਈ ਗੁਰਮੀਤ ਸਿੰਘ ਤੇ ਕਸ਼ਮੀਰ ਸਿੰਘ ’ਤੇ ਆਧਾਰਿਤ ਵਿਜੀਲੈਂਸ ਦੀ ਵਿਸ਼ੇਸ਼ ਟੀਮ ਵੱਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਇੱਕ ਦੁਕਾਨਦਾਰ ਨੂੰ ਸੁਰੱਖਿਆ ਦੇ ਰੂਪ ਵਿੱਚ ਆਪਣਾ ਕਾਰੋਬਾਰ ਬਿਨਾਂ ਕਿਸੇ ਸਰਕਾਰੀ ਰੁਕਾਵਟ ਅਤੇ ਭੈਅ ਤੋਂ ਚਲਾਉਣ ਬਦਲੇ 3 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਦੇਰ ਸ਼ਾਮ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਵਾਸੀ ਪਿੰਡ ਪੜੌਲ (ਮੁਹਾਲੀ) ਨੂੰ ਪੀੜਤ ਦੁਕਾਨਦਾਰ ਸੁਭਾਸ਼ ਸਿੰਘ ਵਾਸੀ ਪਿੰਡ ਨਵਾਂ ਗਰਾਓਂ ਦੀ ਸ਼ਿਕਾਇਤ ’ਤੇ 3 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੀੜਤ ਦੁਕਾਨਦਾਰ ਨੇ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਵਿਅਕਤੀ ਵੱਲੋਂ ਉਸ ਦੀ ਮਿਠਾਈ ਦੀ ਦੁਕਾਨ ਨੂੰ ਸਿਹਤ ਵਿਭਾਗ ਅਤੇ ਸਿਵਲ ਸਰਜਨ ਦਫ਼ਤਰ ਦੇ ਕਰਮਚਾਰੀਆਂ ਤੋਂ ਦੁਕਾਨ ਵਿੱਚ ਖਾਣ-ਪੀਣ ਦੀਆਂ ਵਸਤਾਂ ਦੇ ਨਮੂਨੇ ਲਿਜਾਉਣ ਤੋਂ ਰੋਕਣ ਅਤੇ ਕਾਰੋਬਾਰ ਨੂੰ ਬਿਨਾਂ ਕਿਸੇ ਸਰਕਾਰੀ ਰੋਕ ਟੋਕ ਤੋਂ ਚਲਾਉਣ ਦੀ ਜ਼ਾਮਨੀ ਦੇਣ 6 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਬਾਅਦ ਵਿੱਚ ਸੌਦਾ 3 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ।
ਵਿਜੀਲੈਂਸ ਅਨੁਸਾਰ ਸ਼ਿਕਾਇਤ ਦੀ ਪੜਤਾਲ ਉਪਰੰਤ ਜਸਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪੀੜਤ ਦੁਕਾਨਦਾਰ ਕੋਲੋਂ 3 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕੀਤਾ ਗਿਆ। ਇਸ ਮਾਮਲੇ ਵਿੱਚ ਸਿਹਤ ਵਿਭਾਗ ਜਾਂ ਸਿਵਲ ਸਰਜਨ ਦਫ਼ਤਰ ਮੁਹਾਲੀ ਦੇ ਕਿਸੇ ਅਧਿਕਾਰੀ ਅਤੇ ਕਰਮਚਾਰੀ ਦੀ ਸ਼ੱਕੀ ਭੂਮਿਕਾ ਹੋਣ ਸਬੰਧੀ ਜਾਂਚ ਜਾਰੀ ਹੈ। ਜੋ ਕੋਈ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਵੀ ਉਕਤ ਕੇਸ ਵਿੱਚ ਨਾਮਜ਼ਦ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਮੁਲਜ਼ਮ ਨੂੰ ਭਲਕੇ 22 ਦਸੰਬਰ ਨੂੰ ਮੁਹਾਲੀ ਦੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…