
ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ ’ਤੇ ਨੌਕਰੀ ਹਾਸਲ ਕਰਨ ਵਾਲੀ ਪ੍ਰਿੰਸੀਪਲ ਗ੍ਰਿਫ਼ਤਾਰ
ਨਬਜ਼-ਏ-ਪੰਜਾਬ, ਮੁਹਾਲੀ, 17 ਜੁਲਾਈ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11 (ਮੁਹਾਲੀ) ਵਿੱਚ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਡਿਗਰੀ ਦੇ ਆਧਾਰ ’ਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਹਾਸਲ ਕਰਨ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਫ਼ੀ ਸਮੇਂ ਤੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਇਹ ਮੁੱਦਾ ਚੁੱਕਿਆ ਜਾ ਰਿਹਾ ਸੀ ਪ੍ਰੰਤੂ ਮਹਿਲਾ ਪ੍ਰਿੰਸੀਪਲ ਰਸੂਖਵਾਨ ਹੋਣ ਕਾਰਨ ਉਹ ਕਾਨੂੰਨੀ ਕਾਰਵਾਈ ਤੋਂ ਬਚਦੀ ਆ ਰਹੀ ਸੀ ਲੇਕਿਨ ਅੱਜ ਵਿਜੀਲੈਂਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਸੋਮਵਾਰ ਸ਼ਾਮ ਨੂੰ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਬਿਹਾਰ ਦੀ ਮੁਗਧ ਯੂਨੀਵਰਸਿਟੀ ਵੱਲੋਂ ਜਾਰੀ ਐਮ.ਕਾਮ ਦੀ ਡਿਗਰੀ ਦੇ ਆਧਾਰ ਉੱਤੇ ਸਰਕਾਰੀ ਨੌਕਰੀ ਹਾਸਲ ਕੀਤੀ ਸੀ। ਡਿਗਰੀ ਦੀ ਤਸਦੀਕ ਨਾ ਹੋਣ ਉਪਰੰਤ ਉਸ ਖ਼ਿਲਾਫ਼ ਵਿਜੀਲੈਂਸ ਬਿਊਰੋ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਸੀ। ਦੱਸਿਆ ਗਿਆ ਹੈ ਕਿ ਵਿਜੀਲੈਂਸ ਦੀ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਪ੍ਰਿੰਸੀਪਲ ਪਰਮਜੀਤ ਕੌਰ ਵੱਲੋਂ ਸਰਕਾਰੀ ਨੌਕਰੀ ਲੈਣ ਲਈ ਵਰਤੀ ਗਈ ਡਿਗਰੀ ਫ਼ਰਜ਼ੀ ਹੈ। ਸਰਕਾਰੀ ਨੌਕਰੀ ਅਤੇ ਤਰੱਕੀ ਲਈ ਜਾਅਲੀ ਡਿਗਰੀ ਸਰਟੀਫਿਕੇਟ ਦਾ ਸਹਾਰਾ ਲੈਣ ਦੇ ਦੋਸ਼ ਹੇਠ ਮੁਲਜ਼ਮ ਪ੍ਰਿੰਸੀਪਲ ਖ਼ਿਲਾਫ਼ ਅਪਰਾਧਿਕ ਕੇਸ ਦਰਜ ਕਰਕੇ ਅੱਜ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਉਧਰ, ਗੌਰਮਿੰਟ ਟੀਚਰ ਯੂਨੀਅਨ (ਜੀਟੀਯੂ) ਪੰਜਾਬ ਦੇ ਸਾਬਕਾ ਪ੍ਰੈਸ ਸਕੱਤਰ ਹਰਨੇਕ ਸਿੰਘ ਮਾਵੀ ਨੇ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਡਿਗਰੀ ਦੇ ਆਧਾਰ ’ਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਹਾਸਲ ਕਰਨ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਅਜਿਹੇ ਸੈਂਕੜੇ ਮਾਮਲੇ ਮੌਜੂਦ ਹਨ। ਮਾਵੀ ਨੇ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਅਜਿਹੇ ਮੁੱਦੇ ਚੁੱਕਦੇ ਆ ਰਹੇ ਹਨ ਪ੍ਰੰਤੂ ਉੱਚ ਅਧਿਕਾਰੀਆਂ ਦੀ ਮਿਲੀਭੁਗਤ ਅਤੇ ਸਿਆਸੀ ਦਬਾਅ ਕਾਰਨ ਜਾਂਚ ਠੰਢੇ ਬਸਤੇ ਵਿੱਚ ਪੈ ਜਾਂਦੀ ਰਹੀ ਹੈ ਪ੍ਰੰਤੂ ਪੰਜਾਬ ਦੀ ਆਪ ਸਰਕਾਰ ਨੇ ਇਮਾਨਦਾਰੀ ਦਾ ਸਬੂਤ ਦਿੰਦੇ ਹੋਏ ਹੁਣ ਪੁਰਾਣੀ ਫਾਈਲਾਂ ਤੋਂ ਮਿੱਟੀ ਝਾੜਨੀ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਆਉਣ ਵਾਲੇ ਦਿਨਾਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ।
ਮਾਵੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਜਾਅਲੀ ਡਿਗਰੀਆਂ ਅਤੇ ਗਲਤ ਤਰੀਕੇ ਨਾਲ ਉੱਚ ਅਹੁਦਿਆਂ ’ਤੇ ਬੈਠੇ ਹਨ। ਇਸ ਤੋਂ ਇਲਾਵਾ ਸੀਨੀਅਰਤਾ ਸੂਚੀਆਂ ਅਤੇ ਪਦਉੱਨਤੀਆਂ ਦੇ ਮਾਮਲਿਆਂ ’ਤੇ ਹਮੇਸ਼ਾ ਉਂਗਲ ਉੱਠਦੀ ਰਹੀ ਹੈ। ਇਹੀ ਨਹੀਂ ਤਰੱਕੀ ਤੋਂ ਬਾਅਦ ਨਵੇਂ ਸਟੇਸ਼ਨਾਂ ਦੀ ਅਲਾਟਮੈਂਟ\ਤਾਇਨਾਤੀਆਂ ਦੇ ਮਾਮਲੇ ਵਿੱਚ ਵੀ ਗੜਬੜੀ ਦੇ ਦੋਸ਼ ਲੱਗਦੇ ਰਹੇ ਹਨ ਅਤੇ ਪੀੜਤ ਅਧਿਆਪਕ ਸ਼ਿਕਾਇਤਾਂ ਅਤੇ ਸਿਫ਼ਾਰਸ਼ਾਂ ਲਗਾ ਕੇ ਥੱਕ ਚੁੱਕੇ ਹਨ। ਅਜਿਹੇ ਬਹੁਤ ਸਾਰੇ ਕੇਸ ਹਨ, ਜਿਨ੍ਹਾਂ ਵਿੱਚ ਹੁਣ ਤੱਕ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ ਹੈ। ਮਾਵੀ ਨੇ ਮੁੱਖ ਮੰਤਰੀ ਅਤੇ ਵਿਜੀਲੈਂਸ ਮੁਖੀ ਤੋਂ ਮੰਗ ਕੀਤੀ ਕਿ ਉਪਰੋਕਤ ਸਾਰੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ।