ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਰਕਾਰੀ ਆਈਟੀਆਈ ਦਾ ਪ੍ਰਿੰਸੀਪਲ ਗ੍ਰਿਫ਼ਤਾਰ

ਪੀੜਤ ਨੇ ਰਿਸ਼ਵਤ ਮੰਗਣ ਬਾਰੇ ਵੀਡੀਓ ਬਣਾ ਕੇ ਮੁੱਖ ਮੰਤਰੀ ਦੇ ਵਸਟਅਪ ’ਤੇ ਭੇਜੀ ਗਈ ਸੀ ਸ਼ਿਕਾਇਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ:
ਸਰਕਾਰੀ ਆਈਟੀਆਈ ਵਿੱਚ ਇੰਸਟਰੱਕਟਰ ਦੀ ਅਸਾਮੀ ਲਈ ਬਿਨੈਕਾਰ ਤੋਂ 50 ਹਜ਼ਾਰ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਰਕਾਰੀ ਆਈਟੀਆਈ (ਲੜਕੀਆਂ) ਫੇਜ਼-5 ਦੇ ਪ੍ਰਿੰਸੀਪਲ ਸ਼ਮਸ਼ੇਰ ਪੁਰਖਾਲਵੀ ਨੂੰ ਅੱਜ ਪੰਜਾਬ ਵਿਜੀਲੈਂਸ ਬਿਊਰੋ ਦੀ ਇਕ ਵਿਸ਼ੇਸ਼ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਮੰਡ (ਲੁਧਿਆਣਾ) ਨੇ ਰਿਸ਼ਵਤ ਮੰਗਣ ਸਬੰਧੀ ਬਣਾਈ ਗਈ ਵੀਡੀਓ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਮੋਬਾਈਲ ਨੰਬਰ ’ਤੇ ਅਪਲੋਡ ਕਰ ਦਿੱਤੀ ਸੀ।
ਮੁੱਖ ਮੰਤਰੀ ਨੂੰ ਭੇਜੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਅਤੇ ਮਾਮਲਾ ਭਗਵੰਤ ਮਾਨ ਤੱਕ ਪਹੁੰਚਣ ਤੋਂ ਬਾਅਦ ਵਿਜੀਲੈਂਸ ਦੇ ਡੀਐਸਪੀ ਹਰਵਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਅੱਜ ਛਾਪੇਮਾਰੀ ਕਰਕੇ ਸ਼ਮਸ਼ੇਰ ਪੁਰਖਾਲਵੀ ਨੂੰ ਉਸ ਦੇ ਫਲੈਟ ’ਚੋਂ ਗ੍ਰਿਫ਼ਤਾਰ ਕਰ ਲਿਆ ਹੈ।
ਉਧਰ, ਹਰਦੀਪ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਨੇ ਸਾਲ 2020 ਵਿੱਚ ਸਰਕਾਰੀ ਆਈਟੀਆਈ (ਲੜਕੀਆਂ) ਫੇਜ਼-5 ਵਿੱਚ ਠੇਕਾ ਆਧਾਰਿਤ ਇਲੈਕਟ੍ਰੋਨਿਕ ਮਕੈਨਿਕ ਟਰੇਡ ਵਿੱਚ ਡੀਐਸਟੀ ਸਕੀਮ ਦੇ ਤਹਿਤ ਇੰਸਟਰੱਕਟਰ ਲੱਗਣ ਲਈ ਅਪਲਾਈ ਕੀਤਾ ਸੀ। ਇਸ ਸਬੰਧੀ ਪਿੰ੍ਰਸੀਪਲ ਸ਼ਮਸ਼ੇਰ ਪੁਰਖਾਲਵੀ ਦੇ ਕੋਲ ਇੰਟਰਵਿਊ ਦਿੱਤੀ ਗਈ ਸੀ। ਉਹ ਇਸ ਸਬੰਧੀ ਸਾਰੀਆਂ ਸ਼ਰਤਾਂ ਪੂਰੀਆਂ ਕਰਦਾ ਸੀ ਅਤੇ ਉਨ੍ਹਾਂ ਦੇ ਅਸਲ ਦਸਤਾਵੇਜ਼ ਵੀ ਵੈਰੀਫਾਈ ਕਰ ਲਏ ਗਏ ਸਨ। ਇਸ ਮਗਰੋਂ ਜਦੋਂ ਭਰਤੀ ਪ੍ਰਕਿਰੀਆ ਦਾ ਸਾਰਾ ਕੰਮ ਪੂਰਾ ਮੁਕੰਮਲ ਹੋ ਗਿਆ ਤਾਂ ਉਹ ਪ੍ਰਿੰਸੀਪਲ ਸ਼ਮੇਸ਼ਰ ਪੁਰਖਾਲਵੀ ਨੂੰ ਦੁਬਾਰਾ ਮਿਲਿਆ ਸੀ ਅਤੇ ਪ੍ਰਿੰਸੀਪਲ ਨੇ ਉਸ ਨੂੰ ਨੌਕਰੀ ’ਤੇ ਰੱਖਣ ਲਈ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਉਹ ਰਿਸ਼ਵਤ ਦੇ ਪੈਸੇ ਨਹੀਂ ਦੇਵੇਗਾ ਤਾਂ ਉਸ ਨੂੰ ਨੌਕਰੀ ’ਤੇ ਨਹੀਂ ਰੱਖਿਆ ਜਾਵੇਗਾ।
ਪੀੜਤ ਹਰਦੀਪ ਸਿੰਘ ਦੀ ਸ਼ਿਕਾਇਤ ਅਨੁਸਾਰ ਉਹ ਉਸ ਸਮੇਂ ਰਿਸ਼ਵਤ ਦੇ ਪੈਸੇ ਨਾ ਦੇ ਸਕਣ ਕਾਰਨ ਨੌਕਰੀ ਤੋਂ ਵਾਂਝਾ ਰਹਿ ਗਿਆ। ਵਿਜੀਲੈਂਸ ਨੇ ਪ੍ਰਿੰਸੀਪਲ ਸ਼ਮਸ਼ੇਰ ਪੁਰਖਾਲਵੀ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਅਪਰਾਧਿਕ ਪਰਚਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਭਲਕੇ ਮੰਗਲਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…