ਵਿਜੀਲੈਂਸ ਜਾਗਰੂਕਤਾ ਹਫ਼ਤਾ ਸ਼ੁਰੂ: ਵਿਜੀਲੈਂਸ ਵੱਲੋਂ ਪੰਜਾਬ ਭਰ ’ਚ ਜਾਗਰੂਕਤਾ ਫੈਲਾਉਣ ’ਤੇ ਜ਼ੋਰ

ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਅਹਿਦ

ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਲੋਕਾਂ ਦੀ ਜਾਗਰੂਕਤਾ ਅਹਿਮ ਭੂਮਿਕਾ ਨਿਭਾਏਗੀ : ਵਰਿੰਦਰ ਕੁਮਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਲਈ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਗਿਆ। ਇਸ ਸਬੰਧੀ ਅੱਜ ਇੱਥੇ ਸੈਕਟਰ-68 ਸਥਿਤ ਵਿਜੀਲੈਂਸ ਭਵਨ ਵਿਖੇ ਪਹਿਲੇ ਦਿਨ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਰਿੰਦਰ ਕੁਮਾਰ ਦੀ ਅਗਵਾਈ ਹੇਠ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਇਮਾਨਦਾਰੀ ਨਾਲ ਕੰਮ ਕਰਨ ਦੀ ਸਹੁੰ ਚੁੱਕੀ ਗਈ।
ਵਿਜੀਲੈਂਸ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੰਜਾਬ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਆਪ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਵਟਸਐਪ ਨੰਬਰ 95012-00200 ’ਤੇ ਸਹੀ ਜਾਣਕਾਰੀ ਭੇਜਣ ਲਈ ਕਿਹਾ ਅਤੇ ਭਰੋਸਾ ਦਿੱਤਾ ਕਿ ਭ੍ਰਿਸ਼ਟਾਚਾਰ ਵਿੱਚ ਲਿਪਤ ਕਿਸੇ ਵੀ ਅਧਿਕਾਰੀ ਅਤੇ ਸਿਆਸੀ ਆਗੂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਸੂਬੇ ਭਰ ਵਿੱਚ 31 ਅਕਤੂਬਰ ਤੋਂ 6 ਨਵੰਬਰ ਤੱਕ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ।
ਇਸ ਮੌਕੇ ਵਿਜੀਲੈਂਸ ਬਿਊਰੋ ਦੇ ਏਡੀਜੀਪੀ-ਕਮ-ਚੀਫ਼ ਡਾਇਰੈਕਟਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਸਰਕਾਰੀ ਦਫ਼ਤਰਾਂ ਅਤੇ ਸਮਾਜ ’ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਅਹਿਮ ਭੂਮਿਕਾ ਨਿਭਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ‘ਭ੍ਰਿਸ਼ਟਾਚਾਰ ਮੁਕਤ ਸੂਬਾ’ ਯਕੀਨੀ ਬਣਾਉਣ ਲਈ ਲੋਕਾਂ ਦੀ ਸਰਗਰਮ ਭੂਮਿਕਾ ਲਈ ਲਗਾਤਾਰ ਸਾਂਝੇ ਯਤਨ ਕਰਨ ਦੇ ਹਿੱਸੇ ਵਜੋਂ ਇਹ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਹਫ਼ਤੇ ਦਾ ਮੰਤਵ ਕੇਂਦਰੀ ਵਿਜੀਲੈਂਸ ਕਮਿਸ਼ਨ ਵੱਲੋਂ ਸੰਕਲਪਿਤ ‘ਵਿਕਸਿਤ ਰਾਸ਼ਟਰ ਲਈ ਭ੍ਰਿਸ਼ਟਾਚਾਰ ਮੁਕਤ ਭਾਰਤ’ ਦੇ ਆਸ਼ੇ ਤਹਿਤ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ। ਵਿਜੀਲੈਂਸ ਮੁਖੀ ਨੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਕੁਸ਼ਲਤਾ ਨਾਲ ਕੰਮ ਕਰਨ ਅਤੇ ਲੰਬਿਤ ਵਿਜੀਲੈਂਸ ਕੇਸਾਂ ਦਾ ਜਲਦੀ ਨਿਪਟਾਰਾ ਕਰਨ ’ਤੇ ਜ਼ੋਰ ਦਿੱਤਾ।
ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਦੇ ਸੰਯੁਕਤ ਡਾਇਰੈਕਟਰ (ਪ੍ਰਸ਼ਾਸਨ) ਕੰਵਲਦੀਪ ਸਿੰਘ ਨੇ ਸਮੂਹ ਵਿਜੀਲੈਂਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਸਹੁੰ ਚੁਕਾਈ। ਵਿਜੀਲੈਂਸ ਦੇ ਡਾਇਰੈਕਟਰ ਰਾਹੁਲ ਐਸ, ਏਆਈਜੀ ਮਨਮੋਹਨ ਕੁਮਾਰ ਸਮੇਤ ਮੁੱਖ ਦਫ਼ਤਰ ਦੇ ਸਮੂਹ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
ਉਧਰ, ਵਿਜੀਲੈਂਸ ਦੀਆਂ ਸਮੂਹ ਰੇਂਜਾਂ ਅਤੇ ਸਬ ਡਵੀਜ਼ਨਾਂ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਫ਼ੀਲਡ ਅਫ਼ਸਰਾਂ ਨੇ ਵਿਜੀਲੈਂਸ ਸਟਾਫ਼ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ। ਸਬੰਧਤ ਰੇਂਜ ਦੇ ਐਸਐਸਪੀਜ਼ ਨੇ ਇਸ ਜਾਗਰੂਕਤਾ ਹਫ਼ਤੇ ਦੌਰਾਨ ਵਿੱਦਿਅਕ ਸੰਸਥਾਵਾਂ ਅਤੇ ਦਫ਼ਤਰਾਂ ਵਿੱਚ ਕਰਵਾਏ ਜਾਣ ਵਾਲੇ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਦੀ ਰੂਪ-ਰੇਖਾ ਵੀ ਉਲੀਕੀ ਗਵਈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…