nabaz-e-punjab.com

ਵਿਜੀਲੈਂਸ ਬਿਊਰੋ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਾਬਕਾ ਸਰਪੰਚ ਵਿਰੁੱਧ ਕੇਸ ਦਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਨਵੰਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲੀਸ ਕਰਮਚਾਰੀਆਂ ਦੇ ਨਾਮ ’ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਨਜ਼ਦੀਕੀ ਪਿੰਡ ਮਟਰਾਂ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਗੁੱਲੂ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਰਿਸ਼ਵਤਖ਼ੋਰੀ ਦਾ ਪਰਚਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਰਪੰਚ ਵਿਰੁੱਧ ਇਹ ਕਾਰਵਾਈ ਪਿੰਡ ਬਰੋਲੀ ਦੀ ਵਸਨੀਕ ਸਰਬਜੀਤ ਕੌਰ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਸਰਬਜੀਤ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਵਿਜੀਲੈਂਸ ਅਨੁਸਾਰ ਇਸ ਸ਼ਿਕਾਇਤ ਦੀ ਡੂੰਘਾਈ ਨਾਲ ਪੜਤਾਲ ਕਰਨ ਅਤੇ ਇਸ ਸਬੰਧੀ ਪੇਸ਼ ਸਬੂਤਾਂ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਸਰਪੰਚ ਹਰਜੀਤ ਸਿੰਘ ਗੁੱਲੂ ਨੇ ਸ਼ਿਕਾਇਤਕਰਤਾ ਤੋਂ ਮੁਹਾਲੀ ਦੇ ਸੋਹਾਣਾ ਥਾਣੇ ਵਿੱਚ ਪੜਤਾਲ ਅਧੀਨ ਇੱਕ ਸ਼ਿਕਾਇਤ ਦੇ ਮਾਮਲੇ ਵਿੱਚ ਇਨਸਾਫ਼ ਦਿਵਾਉਣ ਲਈ ਇੱਕ ਪੁਲੀਸ ਕਰਮਚਾਰੀ ਨੂੰ 10 ਹਜ਼ਾਰ ਰੁਪਏ ਰਿਸ਼ਵਤ ਵਜੋਂ ਦੇਣ ਵਾਸਤੇ ਲਏ ਹਨ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਦੋਸ਼ ਸਹੀ ਪਾਏ ਗਏ। ਜਿਸ ਕਾਰਨ ਸਾਬਕਾ ਸਰਪੰਚ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਧੀਨ ਵਿਜੀਲੈਂਸ ਬਿਊਰੋ ਉਡਣ ਦਸਤਾ-1, ਮੁਹਾਲੀ ਵਿੱਚ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ ਅਤੇ ਸਾਬਕਾ ਸਰਪੰਚ ਵੱਲੋਂ ਜਿਹੜੇ ਪੁਲੀਸ ਕਰਮਚਾਰੀ ਦੇ ਨਾਮ ’ਤੇ 10 ਹਜ਼ਾਰ ਰੁਪਏ ਲਏ ਸਨ। ਉਸ ਪੁਲੀਸ ਕਰਮਚਾਰੀ ਨੂੰ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਤਲਬ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਹੋਰ ਪੁਲੀਸ ਦਾ ਨਾਂ ਸਾਹਮਣੇ ਆਇਆ ਤਾਂ ਉਸ ਨੂੰ ਵੀ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਸਾਬਕਾ ਸਰਪੰਚ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਉਸ ਦੀ ਭਾਲ ਕੀਤੀ ਜਾ ਰਹੀ ਹੈ। ਸਾਬਕਾ ਸਰਪੰਚ ਘਰੋਂ ਫਰਾਰ ਦੱਸਿਆ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…