nabaz-e-punjab.com

ਮੁਹਾਲੀ ਨਿਗਮ ਵਿੱਚ ਕਥਿਤ ਭ੍ਰਿਸ਼ਟਾਚਾਰ ਦੀ ਵਿਜੀਲੈਂਸ ਬਿਊਰੋ ਤੋਂ ਜਾਂਚ ਕਰਵਾਉਣ ਦੀ ਮੰਗ

ਆਰਟੀਆਈ ਕਾਰਕੁਨ ਤੇ ਕੌਂਸਲਰ ਕੁਲਜੀਤ ਬੇਦੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਨੂੰ ਪੱਤਰ ਲਿਖਿਆ

ਸਫ਼ਾਈ ਠੇਕੇਦਾਰ ਕੰਪਨੀ ਤੇ ਨਗਰ ਨਿਗਮ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਹਜਮ ਹੋ ਰਿਹਾ ਹੈ ਜਨਤਾ ਦਾ ਪੈਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ:
ਮੁਹਾਲੀ ਨਗਰ ਨਿਗਮ ਦੇ ਕੌਂਸਲਰ ਕੁਲਜੀਤ ਬੇਦੀ ਨੇ ਇਲਜਾਮ ਲਗਾਇਆ ਹੈ ਕਿ ਸ਼ਹਿਰ ਵਿੱਚ ਸਫਾਈ ਦੇ ਠੇਕੇ ਦੀ ਆੜ ਵਿੱਚ ਵੱਡੇ ਪੱਧਰ ਤੇ ਭ੍ਰਿਸ਼ਟਾਚਾਰ ਹੋ ਰਿਹਾ ਹੈ ਅਤੇ ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਬੁਰੀ ਤਰ੍ਹਾਂ ਬਦਹਾਲ ਹੋ ਗਈ ਹੈ। ਅੱਜ ਇੱਥੇ ਸਥਾਨਕ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੀ ਸਫਾਈ ਦੇ ਕੰਮ ਲਈ ਹਰ ਮਹੀਨੇ ਲਗਾਤਾਰ ਸਵਾ ਕਰੋੜ ਰੁਪਏ ਦੀ ਰਕਮ ਸਫਾਈ ਦੇ ਕੰਮ ਕਰਨ ਵਾਲੀ ਕੰਪਨੀ ਨੂੰ ਅਦਾ ਕੀਤੀ ਜਾਂਦੀ ਹੈ, ਪ੍ਰੰਤੂ ਇਸ ਕੰਪਨੀ ਦਾ ਕੰਮ ਬਿਲਕੁੱਲ ਵੀ ਤਸਲੀਬਖ਼ਸ਼ ਨਹੀਂ ਹੈ ਅਤੇ ਇਸਦੇ ਬਾਵਜੂਦ ਨਿਗਮ ਅਧਿਕਾਰੀ ਇਸ ਪਾਸੇ ਧਿਆਨ ਨਹੀਂ ਦਿੰਦੇ।
ਉਹਨਾਂ ਕਿਹਾ ਕਿ ਸਫਾਈ ਦਾ ਠੇਕਾ ਲੈਣ ਵਾਲੀ ਕੰਪਨੀ ਦੀਆਂ ਜ਼ਿੰਮੇਵਾਰੀਆਂ ਵਿੱਚ ਇਹ ਸ਼ਾਮਲ ਹੈ ਕਿ ਉਸ ਵੱਲੋਂ ਰੋਡ ਬਰਮਾ ਦੇ ਕਿਨਾਰੇ ਲੱਗੇ ਘਾਹ ਦੀ ਸਫਾਈ ਵੀ ਕੀਤੀ ਜਾਣੀ ਚਾਹੀਦੀ ਹੈ ਪਰੰਤੂ ਕਈ ਥਾਵਾਂ ਤੇ ਫੁੱਟ-ਫੁੱਟ ਉੱਚਾ ਘਾਹ ਲੱਗਿਆ ਹੋਇਆ ਹੈ ਪਰ ਸ਼ਾਇਦ ਸਫਾਈ ਅਧਿਕਾਰੀ ਨੂੰ ਇਹ ਨਜ਼ਰ ਨਹੀਂ ਆਉਂਦਾ। ਉਹਨਾਂ ਕਿਹਾ ਕਿ ਸੜਕਾਂ ਦੀ ਸਫਾਈ ਲਈ ਜੋ ਮਸ਼ੀਨਾਂ ਚਲਦੀਆਂ ਹਨ ਉਹ ਵੀ ਬਹੁਤ ਘੱਟ ਵਰਤੋਂ ਵਿੱਚ ਲਿਆਂਦੀਆਂ ਜਾ ਰਹੀਆਂ ਹਨ ਅਤੇ ਜ਼ਿਆਦਾਤਰ ਕੰਮ ਕਾਗਜਾਂ ਵਿੱਚ ਹੀ ਹੋ ਰਿਹਾ ਹੈ। ਸ਼ਹਿਰ ਵਿੱਚ ਗੰਦਗੀ ਦੇ ਢੇਰ ਲੱਗੇ ਹਨ ਪ੍ਰੰਤੂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਉਹਨਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀ ਤਰਕ ਦਿੰਦੇ ਹਨ ਕਿ ਜਦੋਂ ਵੀ ਕਿਸੇ ਪਾਸਿਓ ਸਫਾਈ ਦੀ ਸ਼ਿਕਾਇਤ ਮਿਲਦੀ ਹੈ ਤਾਂ ਠੇਕੇਦਾਰ ਨੂੰ ਜੁਰਮਾਨਾ ਕੀਤਾ ਜਾਂਦਾ ਹੈ ਪਰ ਅਸਲੀਅਤ ਇਹ ਹੈ ਕਿ ਇਹ ਸਾਰਾ ਕੁੱਝ ਦਿਖਾਵੇ ਲਈ ਹੁੰਦਾ ਹੈ ਅਤੇ ਨਾਂ ਮਾਤਰ ਪੈਸੇ ਕੱਟਕੇ ਠੇਕੇਦਾਰ ਨੂੰ ਅਦਾਇਗੀ ਕਰ ਦਿੱਤੀ ਜਾਂਦੀ ਹੈ ਜਿਸ ਨਾਲ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਮਿਲੀਭੁਗਤ ਨਾਲ ਹਜ਼ਮ ਕੀਤਾ ਜਾ ਰਿਹਾ ਹੈ। ਉਹਨਾਂ ਸਵਾਲ ਕੀਤਾ ਕਿ ਜਦੋਂ ਪੂਰਾ ਕੰਮ ਕੀਤਾ ਬਿਨਾਂ ਠੇਕੇਦਾਰ ਨੂੰ ਥੋੜ੍ਹੀ ਜਿਹੀ ਰਕਮ ਕੱਟ ਕੇ ਲਗਭਗ ਪੂਰੀ ਰਕਮ ਮਿਲ ਜਾਂਦੀ ਹੈ ਤਾਂ ਫਿਰ ਉਸ ਨੂੰ ਪੂਰਾ ਕੰਮ ਕਰਨ ਦੀ ਕੀ ਲੋੜ ਹੈ।
ਉਹਨਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਜੇਕਰ ਠੇਕੇਦਾਰ ਦੀ ਸ਼ਿਕਾਇਤ ਹੋਵੇ ਤਾਂ ਉਸਦੀ ਪੂਰੀ ਅਦਾਇਗੀ ਤੇ ਰੋਕ ਲਗਾਈ ਜਾਵੇ ਅਤੇ ਜੁਰਮਾਨਾ ਵੱਖਰਾ ਕੀਤਾ ਜਾਵੇ। ਪਰੰਤੂ ਇਥੇ ਸਾਰਾ ਕੁੱਝ ਮਿਲੀ ਭੁਗਤ ਨਾਲ ਚੱਲ ਰਿਹਾ ਹੈ ਜਿਸ ਦੀ ਵਿਜੀਲੈਂਸ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਤ੍ਰਾਸਦੀ ਇਹ ਹੈ ਕਿ ਨਿਗਮ ਦੀ ਕਾਬਜ਼ ਧਿਰ (ਜਿਸ ਉਪਰ ਇਸ ਕੰਮ ਨੂੰ ਠੀਕ ਤਰੀਕੇ ਨਾਲ ਕਰਵਾਉਣ ਦੀ ਜ਼ਿੰਮੇਵਾਰੀ ਹੈ) ਵੱਲੋਂ ਸ਼ਹਿਰ ਦੇ ਕੰਮਾਂ ਵੱਲ ਧਿਆਨ ਦੇਣ ਦੀ ਥਾਂ ਸਿਆਸਤ ਚਮਕਾਉਣ ਵੱਲ ਜਿਆਦਾ ਧਿਆਨ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਹਾਲਾਤ ਹੋਰ ਬਦਤਰ ਹੁੰਦੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸ਼ਹਿਰ ਦੀ ਸਫਾਈ ਦੀ ਤਾਂ ਮਾੜੀ ਹਾਲਤ ਹੈ ਹੀ, ਸ਼ਹਿਰ ਵਿੱਚ ਨਾਜਾਇਜ਼ ਕਬਜਿਆਂ ਵਿੱਚ ਵੀ ਭਾਰੀ ਵਾਧਾ ਹੋ ਚੁੱਕਿਆ ਹੈ। ਉਹਨਾਂ ਕਿਹਾ ਕਿ ਅਧਿਕਾਰੀ ਕਿਸੇ ਦੀ ਪ੍ਰਵਾਹ ਨਹੀਂ ਕਰਦੇ ਅਤੇ ਕਿਸੇ ਦੀ ਕੋਈ ਸੁਣਵਾਈ ਨਹੀਂ ਹੁੰਦੀ। ਉਹਨਾਂ ਦੱਸਿਆ ਕਿ ਕਿ ਉਹਨਾਂ ਵੱਲੋੱ ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਨੂੰ ਪੱਤਰ ਲਿੱਖ ਕੇ ਮੰਗ ਕੀਤੀ ਗਈ ਹੈ ਕਿ ਇਸ ਪੂਰੇ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਈ ਜਾਵੇ ਅਤੇ ਇਸ ਤਰੀਕੇ ਨਾਲ ਜਨਤਾ ਦੇ ਪੈਸੇ ਦੀ ਕੀਤੀ ਜਾ ਰਹੀ ਬਰਬਾਦੀ ਤੇ ਰੋਕ ਲਗਾਈ ਜਾਵੇ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…