ਵਿਜੀਲੈਂਸ ਵੱਲੋਂ ਦੋ ਅਖੌਤੀ ਪੱਤਰਕਾਰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਪਾਵਰਕੌਮ ਦੇ ਜੇਈ ਦੀ ਸ਼ਿਕਾਇਤ ’ਤੇ ਵਿਜੀਲੈਂਸ ਨੇ ਕੀਤੀ ਕਾਰਵਾਈ

ਨਬਜ਼-ਏ-ਪੰਜਾਬ, ਮੁਹਾਲੀ, 27 ਅਕਤੂਬਰ:
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਅਖੌਤੀ ਪੱਤਰਕਾਰ ਹੋਣ ਦਾ ਡਰਾਵਾ ਦੇ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਖ਼ੁਦ ਨੂੰ ਪੱਤਰਕਾਰ ਦੱਸਣ ਵਾਲੇ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਪਥਰੇੜੀ ਅਤੇ ਜਤਿੰਦਰ ਸਿੰਘ ਵਾਸੀ ਰੂਪਨਗਰ ਵਜੋਂ ਹੋਈ ਹੈ। ਉਕਤ ਦੋਵੇਂ ਅਖੌਤੀ ਪੱਤਰਕਾਰਾਂ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਫਲਾਇੰਗ ਸਕੁਐਡ-1, ਥਾਣਾ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਨੇ ਇਹ ਕਾਰਵਾਈ ਪਾਵਰਕੌਮ ਦੇ ਜੂਨੀਅਰ ਇੰਜੀਨੀਅਰ (ਜੇਈ) ਸੋਮ ਨਾਥ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।
ਵਿਜੀਲੈਂਸ ਅਨੁਸਾਰ ਗ੍ਰਿਫ਼ਤਾਰ ਕੀਤੇ ਦੋਵੇਂ ਨੌਜਵਾਨ ਖ਼ੁਦ ਨੂੰ ਮੀਡੀਆ ਕਰਮੀ ਦੱਸ ਕੇ ਪਾਵਰਕੌਮ ਦੇ ਜੇਈ ਨੂੰ ਬਲੈਕਮੇਲ ਕਰਨ ਲਈ ਪੈਸੇ ਮੰਗ ਰਹੇ ਸੀ ਅਤੇ ਸਰਕਾਰੀ ਮੁਲਾਜ਼ਮ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਸੀ। ਉਕਤ ਜੇਈ ਨੇ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਪੇਸ਼ ਹੋ ਕੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ (ਈਓ ਡਬਲਿਊ) ਨੂੰ ਸ਼ਿਕਾਇਤ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਖ਼ੁਦ ਨੂੰ ਪੱਤਰਕਾਰ ਦੱਸ ਰਹੇ ਦੋ ਵਿਅਕਤੀਆਂ ਨੇ ਉਸ ਕੋਲੋਂ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਉੱਤੇ ਉਸ ਦੀ ਵੀਡੀਓ ਕਲਿੱਪ ਅਪਲੋਡ ਕਰਨ ਦੀ ਧਮਕੀ ਦਿੱਤੀ ਗਈ। ਵਿਜੀਲੈਂਸ ਨੇ ਪਾਵਰਕੌਮ ਦੇ ਜੇਈ ਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਉਕਤ ਦੋਵੇਂ ਵਿਅਕਤੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਵਿਜੀਲੈਂਸ ਵੱਖ-ਵੱਖ ਪਹਿਲੂਆਂ ’ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਦੇ ਢੰਗ-ਤਰੀਕੇ ਦਾ ਪਰਦਾਫਾਸ਼ ਕਰਨ ਅਤੇ ਉਨ੍ਹਾਂ ਦੇ ਅਖੌਤੀ ਸੋਸ਼ਲ ਮੀਡੀਆ ਚੈਨਲ ਦੀ ਜਾਂਚ ਕਰਨ ਲਈ ਮੁਲਜ਼ਮਾਂ ਨੂੰ ਭਲਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…