ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਚਲਾਨ ਪੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਮੁੱਢਲੀ ਜਾਂਚ ਉਪਰੰਤ ਸੋਮਵਾਰ ਨੂੰ ਮੁਹਾਲੀ ਅਦਾਲਤ ਵਿੱਚ ਸਾਬਕਾ ਉਦਯੋਗ ਮੰਤਰੀ ਅਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਚਾਰਜਸ਼ੀਟ (ਚਲਾਨ) ਪੇਸ਼ ਕਰ ਦਿੱਤਾ ਹੈ। ਵਿਜੀਲੈਂਸ ਅਨੁਸਾਰ ਇਸ ਕੇਸ ਨਾਲ ਸਬੰਧਤ ਬਾਅਦ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਜਾਵੇਗਾ ਕਿਉਂਕਿ ਇਸ ਮਾਮਲੇ ਵਿੱਚ ਹਾਲੇ ਹੋਰ ਜਾਂਚ ਕਰਨੀ ਬਾਕੀ ਹੈ।
ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਫਲਾਇੰਗ ਸਕੁਐਡ-1 ਵਿੱਚ ਤਾਇਨਾਤ ਏਆਈਜੀ ਮਨਮੋਹਨ ਕੁਮਾਰ ਦੀ ਸ਼ਿਕਾਇਤ ’ਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਵਿਰੁੱਧ ਰਿਸ਼ਵਤਖ਼ੋਰੀ ਦਾ ਪਰਚਾ ਦਰਜ ਕੀਤਾ ਗਿਆ ਸੀ। ਸਾਬਕਾ ਮੰਤਰੀ ’ਤੇ ਜਾਂਚ ਅਧਿਕਾਰੀ ਨੂੰ ਇੱਕ ਕਰੋੜ ਦੀ ਰਿਸ਼ਵਤ ਦੇਣ ਦੀ ਪੇਸ਼ਕਸ਼ ਕਰਨ ਦਾ ਦੋਸ਼ ਹੈ। ਇਸ ਸਬੰਧੀ ਬੀਤੀ 15 ਅਕਤੂਬਰ 2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦਿਨ ਤੋਂ ਅਰੋੜਾ ਨਿਆਇਕ ਹਿਰਾਸਤ ਅਧੀਨ ਜੇਲ੍ਹ ’ਚ ਬੰਦ ਹੈ।
ਏਆਈਜੀ ਮਨਮੋਹਨ ਕੁਮਾਰ ਨੇ ਵਿਜੀਲੈਂਸ ਮੁਖੀ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਸੀ ਕਿ 14 ਅਕਤੂਬਰ 2022 ਨੂੰ ਸੁੰਦਰ ਸ਼ਾਮ ਅਰੋੜਾ ਨੇ ਉਸ ਨੂੰ ਵਟਸਐਪ ’ਤੇ ਫੋਨ ਕਰਕੇ ਉਨ੍ਹਾਂ ਦੇ ਪਤਨੀ ਦੀ ਮੌਤ ਸਬੰਧੀ ਘਰ ਆ ਕੇ ਦੁੱਖ-ਸੁੱਖ ਸਾਂਝਾ ਕਰਨਾ ਚਾਹੁੰਦਾ ਹੈ। ਇਸ ਤਰ੍ਹਾਂ ਸਾਬਕਾ ਮੰਤਰੀ ਏਆਈਜੀ ਦੇ ਘਰ ਪਹੁੰਚ ਗਿਆ ਅਤੇ ਉਸ ਨੇ ਆਪਣੇ ਖ਼ਿਲਾਫ਼ ਚੱਲ ਰਹੇ ਕੇਸ ਬਾਰੇ ਗੱਲਬਾਤ ਕੀਤੀ ਅਤੇ ਜਾਂਚ ਵਿੱਚ ਮਦਦ ਕਰਨ ਲਈ ਉਸ (ਏਆਈਜੀ ਮਨਮੋਹਨ ਕੁਮਾਰ) ਨੂੰ ਇੱਕ ਕਰੋੜ ਰੁਪਏ ਰਿਸ਼ਵਤ ਦੀ ਪੇਸ਼ਕਸ਼ ਕੀਤੀ। ਮੁਲਜ਼ਮ ਅੱਧੀ ਰਾਸ਼ੀ 50 ਲੱਖ ਰੁਪਏ ਅਗਲੇ ਦਿਨ 15 ਅਕਤੂਬਰ ਨੂੰ ਪੇਸ਼ਗੀ ਰਿਸ਼ਵਤ ਵਜੋਂ ਦੇਣ ਅਤੇ ਬਾਕੀ ਦੀ ਰਕਮ ਬਾਅਦ ਵਿੱਚ ਅਦਾ ਕਰਨ ਦੀ ਪੇਸ਼ਕਸ਼ ਕੀਤੀ।
ਵਿਜੀਲੈਂਸ ਅਨੁਸਾਰ ਸ਼ਿਕਾਇਤਕਰਤਾ ਨੂੰ ਅਰੋੜਾ ਤੋਂ ਇਸ ਦੀ ਉਮੀਦ ਨਹੀਂ ਸੀ, ਇਸ ਲਈ ਉਹ ਮੌਕੇ ’ਤੇ ਚੁੱਪ ਰਹੇ ਅਤੇ ਉਹ ਸਮਾਜ ਵਿੱਚ ਭ੍ਰਿਸ਼ਟਾਚਾਰ ਫੈਲਾਉਣ ਵਾਲੇ ਅਜਿਹੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕਰਨਾ ਚਾਹੁੰਦੇ ਸਨ। ਤੱਥਾਂ ਦੀ ਪੜਤਾਲ ਉਪਰੰਤ ਸ਼ਿਕਾਇਤਕਰਤਾ ਮਨਮੋਹਨ ਕੁਮਾਰ ਦੇ ਬਿਆਨ ਦਰਜ ਕਰਕੇ ਸਾਬਕਾ ਮੰਤਰੀ ਖ਼ਿਲਾਫ਼ ਉਕਤ ਕੇਸ ਦਰਜ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …