
ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ 5 ਘੰਟੇ ਪੁੱਛਗਿੱਛ
ਵਿਜੀਲੈਂਸ ਭਵਨ ਪਹੁੰਚ ਕੇ ਦੂਜੀ ਵਾਰ ਜਾਂਚ ਵਿੱਚ ਸ਼ਾਮਲ ਹੋਏ ਸਾਬਕਾ ਮੁੱਖ ਮੰਤਰੀ ਚੰਨੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ:
ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੈਰਾਂ ਵਿੱਚ ਕਾਨੂੰਨ ਦੀਆਂ ਬੇੜੀਆਂ ਪਾਉਣ ਲਈ ਜਾਂਚ ਤੇਜ਼ ਕਰ ਦਿੱਤੀ ਹੈ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਨੂੰ ਦੂਜੀ ਵਾਰ ਮੁਹਾਲੀ ਸਥਿਤ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਵਿੱਚ ਪਹੁੰਚੇ ਅਤੇ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਲ ਹੋਏ। ਜਿੱਥੇ ਉਨ੍ਹਾਂ ਤੋਂ ਕਰੀਬ 5 ਘੰਟੇ ਪੁੱਛਗਿੱਛ ਕੀਤੀ। ਉਹ ਸਵੇਰੇ ਸਾਢੇ 10 ਵਜੇ ਵਿਜੀਲੈਂਸ ਭਵਨ ਪਹੁੰਚੇ ਸੀ ਅਤੇ ਬਾਅਦ ਦੁਪਹਿਰ ਕਰੀਬ ਸਾਢੇ 3 ਵਜੇ ਬਾਹਰ ਆਏ।
ਇਸ ਦੌਰਾਨ ਵਿਜੀਲੈਂਸ ਦੀ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਕਾਂਗਰਸ ਸਰਕਾਰ ਸਮੇਂ ਕੈਬਨਿਟ ਮੰਤਰੀ ਹੁੰਦਿਆਂ ਅਤੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਚੱਲ ਅਤੇ ਅਚੱਲ ਜਾਇਦਾਦ ਬਣਾਉਣ ਬਾਰੇ ਸਵਾਲ ਜਵਾਬ ਕੀਤੇ ਗਏ। ਪਤਾ ਲੱਗਾ ਹੈ ਕਿ ਵਿਜੀਲੈਂਸ ਨੇ ਚੰਨੀ ਨੂੰ ਆਪਣੇ ਆਮਦਨ ਸਰੋਤਾਂ ਅਤੇ ਜਾਇਦਾਦਾਂ ਬਾਰੇ ਜਿਹੜਾ ਪ੍ਰੋਫਾਰਮਾਂ ਭਰਨ ਲਈ ਦਿੱਤਾ ਗਿਆ ਸੀ। ਸੂਤਰ ਦੱਸਦੇ ਹਨ ਕਿ ਚੰਨੀ ਉਪਰੋਕਤ ਪ੍ਰੋਫਾਰਮਾਂ ਭਰ ਕੇ ਅੱਜ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ। ਜਿਸ ਵਿੱਚ ਸਾਬਕਾ ਮੁੱਖ ਮੰਤਰੀ ਵੱਲੋਂ ਆਪਣੇ ਆਮਦਨ ਸਰੋਤਾਂ ਅਤੇ ਸੰਪਤੀਆਂ ਦਾ ਵਿਸਥਾਰ ਵਿੱਚ ਬਿਉਰਾ ਦਿੱਤਾ ਗਿਆ ਹੈ।
ਉਧਰ, ਜਦੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਜਿਵੇਂ ਹੀ ਵਿਜੀਲੈਂਸ ਭਵਨ ਤੋਂ ਬਾਹਰ ਆਏ ਤਾਂ ਉੱਥੇ ਵੱਡੀ ਗਿਣਤੀ ਵਿੱਚ ਤਾਇਨਾਤ ਮੀਡੀਆ ਕਰਮੀਆਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਲੇਕਿਨ ਚੰਨੀ ਮੀਡੀਆ ਨਾਲ ਗੱਲ ਕੀਤੇ ਬਿਨਾਂ ਹੀ ਆਪਣੀ ਕਾਰ ਵਿੱਚ ਬੈਠ ਕੇ ਰਵਾਨਾ ਹੋ ਗਏ। ਜਦੋਂਕਿ ਇਸ ਤੋਂ ਪਹਿਲਾਂ ਚੰਨੀ, ਹਮੇਸ਼ਾ ਸੂਬਾ ਸਰਕਾਰ ਅਤੇ ਜਾਂਚ ਏਜੰਸੀ ਦੀ ਕਾਰਵਾਈ ’ਤੇ ਸਵਾਲ ਚੁੱਕਦੇ ਰਹੇ ਹਨ। ਪਰ ਇਸ ਵਾਰ ਉਨ੍ਹਾਂ ਨੇ ਬਿਲਕੁਲ ਚੁੱਪ ਧਾਰ ਲਈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਚਰਨਜੀਤ ਚੰਨੀ ਆਪ ਸਰਕਾਰ ਦੇ ਰਾਡਾਰ ’ਤੇ ਹਨ। ਹਾਲਾਂਕਿ ਪਹਿਲਾਂ ਇਹ ਗੱਲ ਬੜੇ ਜ਼ੋਰਾਂ ਸ਼ੋਰਾਂ ਨਾਲ ਪ੍ਰਚਾਰੀ ਗਈ ਸੀ ਕਿ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਚੰਨੀ ਵਿਦੇਸ਼ ਦੌੜ ਗਏ ਹਨ ਪ੍ਰੰਤੂ ਹੁਣ ਚੰਨੀ ਨੂੰ ਵਾਪਸ ਆਇਆ ਨੂੰ ਕਾਫ਼ੀ ਸਮਾਂ ਹੋ ਗਿਆ ਹੈ ਲੇਕਿਨ ਅਜੇ ਤਾਈਂ ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ।
ਵਿਜੀਲੈਂਸ ਬਿਊਰੋ ਵੱਲੋਂ ਚੰਨੀ ਦੇ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੋਈ ਹੈ। ਪਿਛਲੇ ਜਿਹੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ਸੈਸ਼ਨ ਦੌਰਾਨ ਹਾਊਸ ਵਿੱਚ ਇਹ ਗੱਲ ਆਖੀ ਸੀ ਕਿ ਸੂਬੇ ਦੇ ਕਈ ਸਾਬਕਾ ਕਾਂਗਰਸੀ ਮੰਤਰੀਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਫੜ ਕੇ ਜੇਲ੍ਹ ਵਿੱਚ ਡੱਕਿਆ ਗਿਆ ਹੈ ਅਤੇ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਵਾਰੀ ਹੈ। ਉਨ੍ਹਾਂ ਨੂੰ ਵੀ ਫੜ ਕੇ ਹਵਾਲਾਤ ਵਿੱਚ ਬੰਦ ਕੀਤਾ ਜਾਵੇਗਾ। ਹਾਲਾਂਕਿ ਇਸ ਤੋਂ ਪਹਿਲਾਂ ਚੰਨੀ ਦੇ ਭਾਣਜੇ ਨੂੰ ਢਾਲ ਬਣਾ ਕੇ ਚੰਨੀ ਨੂੰ ਭ੍ਰਿਸ਼ਟਾਚਾਰ ਦੇ ਸੰਗਲ ਨਾਲ ਨੂੜਨ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ ਲੇਕਿਨ ਉਸ ਮਾਮਲੇ ਵਿੱਚ ਹੁਣ ਤੱਕ ਸਰਕਾਰ ਚੰਨੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਸਕੀ।
ਜਾਣਕਾਰੀ ਅਨੁਸਾਰ ਚਰਨਜੀਤ ਚੰਨੀ ਨੇ ਕਾਫੀ ਸਮੇਂ ਤੋਂ ਰੀਅਲ ਅਸਟੇਟ ਦਾ ਕਾਰੋਬਾਰ ਕਰਦੇ ਆ ਰਹੇ ਹਨ। ਉਨ੍ਹਾਂ ਨੇ ਖਰੜ ਵਿੱਚ ਕਲੋਨੀ ਵੀ ਕੱਟੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸਿਆਸਤ ਵਿੱਚ ਪੱਕੇ ਪੈਰ ਜਮ੍ਹਾ ਲਏ। ਖਰੜ ਨਗਰ ਕੌਂਸਲ ਦੇ ਪ੍ਰਧਾਨ ਬਣਨ ਤੋਂ ਬਾਅਦ ਉਹ ਚਮਕੌਰ ਸਾਹਿਬ ਤੋਂ ਵਿਧਾਇਕ ਬਣੇ ਅਤੇ ਕਾਂਗਰਸ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਕਰਕੇ ਉਨ੍ਹਾਂ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਇਆ ਸੀ। ਲੇਕਿਨ ਹੁਣ ਪੰਜਾਬ ਦੀ ਆਪ ਸਰਕਾਰ ਨੇ ਚੰਨੀ ਦੇ ਪੈਰਾਂ ਵਿੱਚ ਕਾਨੂੰਨ ਦੀਆਂ ਬੇੜੀਆਂ ਪਾਉਣ ਲਈ ਸ਼ਿਕੰਜਾ ਕੱਸ ਦਿੱਤਾ ਹੈ।