Nabaz-e-punjab.com

ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ 7 ਘੰਟੇ ਪੁੱਛਗਿੱਛ

ਮੁਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਦਫ਼ਤਰ ਪਹੁੰਚ ਕੇ ਜਾਂਚ ਵਿੱਚ ਸ਼ਾਮਲ ਹੋਏ ਸਾਬਕਾ ਮੁੱਖ ਮੰਤਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਪਰੈਲ:
ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੈਰਾਂ ਵਿੱਚ ਕਾਨੂੰਨ ਦੀਆਂ ਬੇੜੀਆਂ ਪਾਉਣ ਲਈ ਉਨ੍ਹਾਂ ਵਿਰੁੱਧ ਜਾਂਚ ਦਾ ਘੇਰਾ ਮਜ਼ਬੂਤ ਕਰ ਦਿੱਤਾ ਹੈ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਹਾਲੀ ਸਥਿਤ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਵਿੱਚ ਪਹੁੰਚੇ ਅਤੇ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਲ ਹੋਏ। ਜਿੱਥੇ ਕਰੀਬ 7 ਘੰਟੇ ਲਗਾਤਾਰ ਵਿਜੀਲੈਂਸ ਨੇ ਉਨ੍ਹਾਂ ਤੋਂ ਲੰਮੀ ਪੁੱਛਗਿੱਛ ਕੀਤੀ।
ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਵਿਜੀਲੈਂਸ ਦੀ ਜਾਂਚ ਇਹ ਸਾਰਾ ਕੁੱਝ ਸਿਆਸੀ ਖੇਡ ਹੈ। ਹੁਣ ਜਦੋਂ ਜਲੰਧਰ ਦੀ ਜ਼ਿਮਨੀ ਚੋਣ ਦਾ ਐਲਾਨ ਹੋ ਚੁੱਕਾ ਹੈ ਤਾਂ ਸਰਕਾਰ ਨੇ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਮੇਰੇ ਖ਼ਿਲਾਫ਼ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਅੱਜ ਉਸ ਦੀ ਗ੍ਰਿਫ਼ਤਾਰੀ ਵੀ ਹੋ ਸਕਦੀ ਹੈ। ਨਾਲ ਹੀ ਸਾਬਕਾ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਕਿਸੇ ਤੋਂ ਡਰਨ ਵਾਲਾ ਨਹੀਂ ਹਨ ਅਤੇ ਹਰ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ। ਸ੍ਰੀ ਚੰਨੀ ਨੇ ਇਹ ਵੀ ਖ਼ਦਸ਼ਾ ਪ੍ਰਗਟ ਕੀਤਾ ਕਿ ਉਸ ਨੂੰ ਜਾਨ ਤੋਂ ਵੀ ਮਾਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਸ ਦੇ ਘਰ ਦੀ ਕੁਰਕੀ ਹੋਣ ਦੇ ਆਰਡਰ ਹੋਏ ਹਨ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਾ ਕੇ ਸਟੇਅ ਹਾਸਲ ਕੀਤੀ ਹੋਈ ਹੈ। ਸਾਬਕਾ ਮੁੱਖ ਮੰਤਰੀ ਚੰਨੀ ਨੇ ਆਪਣੀ ਅਤੇ ਆਪਣੇ ਪੁੱਤਰ ਦੇ ਨਾਂ ਵਾਲੀ ਜਾਇਦਾਦਾਂ ਸਬੰਧੀ ਜਾਣਕਾਰੀ ਵੀ ਦਿੱਤੀ।
ਸਾਬਕਾ ਮੁੱਖ ਮੰਤਰੀ ਅੱਜ ਆਪਣੇ ਵਕੀਲਾਂ ਨਾਲ ਵਿਜੀਲੈਂਸ ਭਵਨ ਮੁਹਾਲੀ ਵਿਖੇ ਪਹੁੰਚੇ। ਵਿਜੀਲੈਂਸ ਦੀ ਟੀਮ ਨੇ ਉਨ੍ਹਾਂ ਤੋਂ ਪਿਛਲੀ ਕਾਂਗਰਸ ਵਜ਼ਾਰਤ ਵਿੱਚ ਮੰਤਰੀ ਹੁੰਦਿਆਂ ਅਤੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਆਮਦਨ ਤੋਂ ਵੱਧ ਨਾਮੀ ਅਤੇ ਬੇਨਾਮੀ ਜਾਇਦਾਦ ਬਣਾਉਣ ਸਬੰਧੀ ਲੰਮੀ ਪੁੱਛਗਿੱਛ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਚਰਨਜੀਤ ਚੰਨੀ ਆਪ ਸਰਕਾਰ ਦੇ ਰਾਡਾਰ ’ਤੇ ਹਨ। ਹਾਲਾਂਕਿ ਪਹਿਲਾਂ ਇਹ ਗੱਲ ਬੜੇ ਜ਼ੋਰਾਂ ਸ਼ੋਰਾਂ ਨਾਲ ਪ੍ਰਚਾਰੀ ਗਈ ਸੀ ਕਿ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਚੰਨੀ ਵਿਦੇਸ਼ ਦੌੜ ਗਏ ਹਨ ਪ੍ਰੰਤੂ ਹੁਣ ਚੰਨੀ ਨੂੰ ਵਾਪਸ ਆਇਆ ਨੂੰ ਕਾਫ਼ੀ ਸਮਾਂ ਹੋ ਗਿਆ ਹੈ ਲੇਕਿਨ ਅਜੇ ਤਾਈਂ ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਅਤੇ ਉਹ ਲਗਾਤਾਰ ਲੋਕਾਂ ਵਿੱਚ ਵਿਚਰ ਰਹੇ ਹਨ ਅਤੇ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੁੰਦੇ ਰਹੇ ਹਨ। ਇਸ ਤੋਂ ਬਾਅਦ ਵੀ ਉਹ ਚੁੱਪ ਕਰਕੇ ਨਹੀਂ ਬੈਠੇ ਅਤੇ ਪਹਿਲਾਂ ਵਾਂਗ ਪਾਰਟੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਦੇ ਆ ਰਹੇ ਹਨ।
ਵਿਜੀਲੈਂਸ ਬਿਊਰੋ ਵੱਲੋਂ ਚੰਨੀ ਦੇ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਬਜਟ ਸੈਸ਼ਨ ਦੌਰਾਨ ਹਾਊਸ ਵਿੱਚ ਇਹ ਗੱਲ ਆਖੀ ਸੀ ਕਿ ਸੂਬੇ ਦੇ ਕਈ ਸਾਬਕਾ ਕਾਂਗਰਸੀ ਮੰਤਰੀਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਫੜ ਕੇ ਜੇਲ੍ਹ ਵਿੱਚ ਡੱਕਿਆ ਗਿਆ ਹੈ ਅਤੇ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਵਾਰੀ ਹੈ। ਉਨ੍ਹਾਂ ਨੂੰ ਵੀ ਫੜ ਕੇ ਹਵਾਲਾਤ ਵਿੱਚ ਬੰਦ ਕੀਤਾ ਜਾਵੇਗਾ। ਹਾਲਾਂਕਿ ਇਸ ਤੋਂ ਪਹਿਲਾਂ ਚੰਨੀ ਦੇ ਭਾਣਜੇ ਨੂੰ ਢਾਲ ਬਣਾ ਕੇ ਚੰਨੀ ਨੂੰ ਭ੍ਰਿਸ਼ਟਾਚਾਰ ਦੇ ਸੰਗਲ ਨਾਲ ਨੂੜਨ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ ਲੇਕਿਨ ਉਸ ਮਾਮਲੇ ਵਿੱਚ ਹੁਣ ਤੱਕ ਸਰਕਾਰ ਚੰਨੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਸਕੀ।
ਜਾਣਕਾਰੀ ਅਨੁਸਾਰ ਚਰਨਜੀਤ ਚੰਨੀ ਨੇ ਕਾਫੀ ਸਮੇਂ ਤੋਂ ਰੀਅਲ ਅਸਟੇਟ ਦਾ ਕਾਰੋਬਾਰ ਕਰਦੇ ਆ ਰਹੇ ਹਨ। ਉਨ੍ਹਾਂ ਨੇ ਖਰੜ ਵਿੱਚ ਕਲੋਨੀ ਵੀ ਕੱਟੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸਿਆਸਤ ਵਿੱਚ ਪੱਕੇ ਪੈਰ ਜਮ੍ਹਾ ਲਏ। ਖਰੜ ਨਗਰ ਕੌਂਸਲ ਦੇ ਪ੍ਰਧਾਨ ਬਣਨ ਤੋਂ ਬਾਅਦ ਉਹ ਚਮਕੌਰ ਸਾਹਿਬ ਤੋਂ ਵਿਧਾਇਕ ਬਣੇ ਅਤੇ ਕਾਂਗਰਸ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਕਰਕੇ ਉਨ੍ਹਾਂ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਇਆ ਸੀ। ਲੇਕਿਨ ਹੁਣ ਪੰਜਾਬ ਦੀ ਆਪ ਸਰਕਾਰ ਨੇ ਚੰਨੀ ਦੇ ਪੈਰਾਂ ਵਿੱਚ ਕਾਨੂੰਨ ਦੀਆਂ ਬੇੜੀਆਂ ਪਾਉਣ ਲਈ ਸ਼ਿਕੰਜਾ ਕੱਸ ਦਿੱਤਾ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …