ਵਿਜੀਲੈਂਸ ਵੱਲੋਂ ਸਾਬਕਾ ਸਿਹਤ ਮੰਤਰੀ ਤੇ ਭਾਜਪਾ ਆਗੂ ਬਲਬੀਰ ਸਿੱਧੂ ਤੋਂ ਪੁੱਛਗਿੱਛ

ਭਾਜਪਾ ਆਗੂ ਨੇ ਆਪਣੀ ਤੇ ਪਰਿਵਾਰਕ ਮੈਂਬਰਾਂ ਦੀ ਜਾਇਦਾਦ ਦਾ ਬਿਉਰਾ ਵਿਜੀਲੈਂਸ ਨੂੰ ਸੌਂਪਿਆ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਅੱਗੇ ਮੁੜ ਪੇਸ਼ ਹੋਏ ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਸੋਮਵਾਰ ਨੂੰ ਇੱਥੋਂ ਦੇ ਸੈਕਟਰ-68 ਸਥਿਤ ਵਿਜੀਲੈਂਸ ਭਵਨ ਵਿੱਚ ਜਾਂਚ ’ਚ ਸ਼ਾਮਲ ਹੋਏ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਗਏ ਸਨ। ਸਿੱਧੂ ਸਵੇਰੇ 10 ਵਜੇ ਹੀ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਜਾਇਦਾਦ ਅਤੇ ਕਾਰੋਬਾਰ ਸਬੰਧੀ ਬਿਉਰਾ ਲੈ ਕੇ ਵਿਜੀਲੈਂਸ ਦੇ ਮੁੱਖ ਦਫ਼ਤਰ ਪਹੁੰਚੇ, ਜਿੱਥੇ ਵਿਜੀਲੈਂਸ ਵੱਲੋਂ ਉਨ੍ਹਾਂ ਤੋਂ ਕਰੀਬ 5 ਘੰਟੇ ਪੁੱਛਗਿੱਛ ਕੀਤੀ ਗਈ।
ਸਿੱਧੂ ’ਤੇ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਹੋਣ ਸਮੇਂ ਮੁਹਾਲੀ, ਰੂਪਨਗਰ, ਬਰਨਾਲਾ ਅਤੇ ਬਠਿੰਡਾ ਜ਼ਿਲ੍ਹਿਆਂ ਸਣੇ ਚੰਡੀਗੜ੍ਹ ਵਿੱਚ ਆਮਦਨ ਤੋਂ ਵੱਧ ਬਹੁ-ਕਰੋੜੀ ਜਾਇਦਾਦਾਂ ਬਣਾਉਣ ਦਾ ਦੋਸ਼ ਹੈ। ਪੰਜਾਬ ਵਿੱਚ ਸਤਾ ਪਰਿਵਰਤਨ ਤੋਂ ਬਾਅਦ ਸਿੱਧੂ ਭਰਾ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ। ਸਰਕਾਰ ਸਿੱਧੂ ਦੇ ਛੋਟੇ ਭਰਾ ਅਤੇ ਪੰਜਾਬ ਵਿੱਚ ਭਾਜਪਾ ਦੇ ਇਕਲੌਤੇ ਮੇਅਰ ਜੀਤੀ ਸਿੱਧੂ ਦੇ ਪੈਰਾਂ ਵਿੱਚ ਕਾਨੂੰਨ ਦੀਆਂ ਬੇੜੀਆਂ ਪਾਉਣ ਦੀ ਤਾਕ ਵਿੱਚ ਹੈ। ਮੇਅਰ ਖ਼ਿਲਾਫ਼ ਵੀ ਵੱਖਰੇ ਤੌਰ ’ਤੇ ਜਾਂਚ ਚੱਲ ਹਰੀ ਹੈ। ਸੂਬਾ ਸਰਕਾਰ ਨੇ ਸਿੱਧੂ ਭਰਾਵਾਂ ਖ਼ਿਲਾਫ਼ ਨਵੰਬਰ 2022 ਵਿੱਚ ਹੀ ਉੱਚ ਪੱਧਰੀ ਜਾਂਚ ਨੂੰ ਹਰੀ ਝੰਡੀ ਦੇ ਦਿੱਤੀ ਸੀ। ਵਿਜੀਲੈਂਸ ਅਨੁਸਾਰ ਸਿੱਧੂ ਭਰਾਵਾਂ ਨੇ ਸਿਆਸੀ ਰਸੂਖ਼ ਦੀ ਕਥਿਤ ਦੁਰਵਰਤੋਂ ਕਰਕੇ ਮੁਹਾਲੀ ਸਮੇਤ ਦੂਜੇ ਜ਼ਿਲ੍ਹਿਆਂ ਵਿੱਚ ਜਾਇਦਾਦਾਂ ਬਣਾਈਆਂ ਹਨ।
ਵਿਜੀਲੈਂਸ ਟੀਮ ਨੇ ਉਕਤ ਸਾਰੇ ਤੱਥਾਂ ਬਾਰੇ ਸਿੱਧੂ ਤੋਂ ਪੁੱਛਗਿੱਛ ਕੀਤੀ। ਬੀਤੀ 21 ਅਪਰੈਲ ਨੂੰ ਵੀ ਵਿਜੀਲੈਂਸ ਨੇ ਸਿੱਧੂ ਤੋਂ ਕਰੀਬ ਸਾਢੇ 8 ਘੰਟੇ ਤੱਕ ਲੰਮੀ ਪੁੱਛਗਿੱਛ ਕੀਤੀ ਸੀ ਅਤੇ ਸਾਬਕਾ ਮੰਤਰੀ ਕੋਲੋਂ ਉਸ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਸਬੰਧੀ ਲਿਖਤੀ ਰੂਪ ਵਿੱਚ ਵੇਰਵਾ ਮੰਗਿਆ ਸੀ। ਹਾਲਾਂਕਿ ਵਿਜੀਲੈਂਸ ਨੇ ਬੀਤੀ 2 ਜੂਨ ਨੂੰ ਸਿੱਧੂ ਨੂੰ ਮੁੜ ਜਾਂਚ ਵਿੱਚ ਹੋਣ ਲਈ ਸੱਦਿਆ ਸੀ ਲੇਕਿਨ ਉਸ ਦਿਨ ਮੁਹਾਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੇ ਕਈ ਪ੍ਰੋਗਰਾਮ ਹੋਣ ਕਾਰਨ ਉਹ ਜਾਂਚ ਵਿੱਚ ਸ਼ਾਮਲ ਨਹੀਂ ਸੀ ਹੋਏ ਅਤੇ ਵਿਜੀਲੈਂਸ ਤੋਂ ਅੱਜ ਤੱਕ ਮੋਹਲਤ ਮੰਗੀ ਗਈ ਸੀ।
ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਵਿਜੀਲੈਂਸ ਨੇ ਉਸ ਤੋਂ ਜਾਇਦਾਦਾਂ ਸਬੰਧੀ ਲਿਖਤੀ ਰੂਪ ਵਿੱਚ ਵੇਰਵਾ ਮੰਗਿਆ ਸੀ, ਜੋ ਅੱਜ ਜਾਂਚ ਟੀਮ ਨੂੰ ਸੌਂਪ ਦਿੱਤਾ ਗਿਆ ਹੈ। ਉਂਜ ਸਿੱਧੂ ਵਿਜੀਲੈਂਸ ਦੇ ਪੁੱਛਗਿੱਛ ਕਰਨ ਦੇ ਢੰਗ ਤਰੀਕੇ ਤੋਂ ਖੁਸ਼ ਹਨ। ਉਨ੍ਹਾਂ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਵਿਜੀਲੈਂਸ ਦੀ ਉਕਤ ਕਾਰਵਾਈ ਨੂੰ ਸਿਆਸੀ ਸਟੰਟ ਕਰਾਰ ਦਿੱਤਾ। ਸਿੱਧੂ ਨੇ ਕਿਹਾ ਕਿ ਉਸ ਦੀ ਤਮਾਮ ਜਾਇਦਾਦ ਰਿਕਾਰਡ ’ਤੇ ਹੈ। ਵਿਧਾਨ ਸਭਾ ਦੀ ਚੋਣਾਂ ਦੌਰਾਨ ਉਸ ਵੱਲੋਂ ਰਿਟਰਨਿੰਗ ਅਫ਼ਸਰ ਨੂੰ ਦਿੱਤੇ ਤਸਦੀਕਸ਼ੁਦਾ ਹਲਫ਼ਨਾਮੇ ਵਿੱਚ ਆਪਣੀ ਆਮਦਨ ਅਤੇ ਜਾਇਦਾਦ ਦਾ ਪੂਰਾ ਵੇਰਵਾ ਦਿੱਤਾ ਜਾਂਦਾ ਰਿਹਾ ਹੈ। ਵਿਜੀਲੈਂਸ ਜਦੋਂ ਮਰਜ਼ੀ ਚਾਹੇ ਸਬੰਧਤ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਪੜਤਾਲ ਕਰ ਸਕਦੀ ਹੈ ਕਿਉਂਕਿ ਉਨ੍ਹਾਂ ਹਲਫ਼ਨਾਮੇ ਵਿੱਚ ਕੋਈ ਵੀ ਗੱਲ ਲੁਕਾ ਛੁਪਾ ਕੇ ਨਹੀਂ ਰੱਖੀ ਗਈ।
ਸ੍ਰੀ ਸਿੱਧੂ ਨੇ ਆਪਣੀ ਜਾਇਦਾਦਾਂ ਅਤੇ ਕਾਰੋਬਾਰ ਦੇ ਵੇਰਵੇ ਦਿੰਦਿਆਂ ਕਿਹਾ ਕਿ ਉਹ ਸ਼ੁਰੂ ਤੋਂ ਖੇਤੀਬਾੜੀ ਅਤੇ ਹੋਰ ਗੈਸ ਸਪਲਾਈ ਦਾ ਕਾਰੋਬਾਰ ਕਰਦੇ ਆ ਰਹੇ ਹਨ। ਮੁਹਾਲੀ ਤੇ ਕੁਰਾਲੀ ਵਿੱਚ ਉਸ ਦੀਆਂ ਦੋ ਗੈਸ ਏਜੰਸੀਆਂ ਹਨ ਅਤੇ ਲਾਂਡਰਾਂ-ਸਰਹਿੰਦ ਰੋਡ ’ਤੇ ਮੈਰੇਜ ਪੈਲੇਸ ਹੈ।
ਸਾਬਕਾ ਮੰਤਰੀ ਨੇ ਕਿਹਾ ਕਿ ਹੁਕਮਰਾਨਾਂ ਵੱਲੋਂ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਉਨ੍ਹਾਂ ਦੇ ਪਰਿਵਾਰ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਖ਼ਿਲਾਫ਼ ਝੂਠੇ ਦੋਸ਼ ਲਗਾ ਕੇ ਬਦਨਾਮ ਕਰਨ ਦੀ ਕੋਈ ਕਸਰ ਨਹੀਂ ਛੱਡੀ ਗਈ ਲੇਕਿਨ ਹੁਣ ਤੱਕ ਉਨ੍ਹਾਂ ਖ਼ਿਲਾਫ਼ ਕੁੱਝ ਵੀ ਸਾਹਮਣੇ ਨਹੀਂ ਆਇਆ ਪਰ ਸਰਕਾਰ ਚਾਹੁੰਦੀ ਹੈ ਕਿ ਕਿਵੇਂ ਨਾ ਕਿਵੇਂ ਉਨ੍ਹਾਂ ਅਤੇ ਉਸ ਦੇ ਛੋਟੇ ਭਰਾ ਨੂੰ ਝੂਠੇ ਕੇਸ ਵਿੱਚ ਫਸਾਇਆ ਜਾਵੇ। ਉਨ੍ਹਾਂ ਕਿਹਾ ਕਿ ਜਲਦੀ ਹੀ ਸੱਚ ਲੋਕਾਂ ਦੇ ਸਾਹਮਣੇ ਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

Punjab Police Averts Possible Target Killing With Arrest Of Six Members Of Kaushal Chaudhary Gang; Six Pistols Recovered

Punjab Police Averts Possible Target Killing With Arrest Of Six Members Of Kaushal Chaudha…