ਵਿਜੀਲੈਂਸ ਨੇ ਢਾਈ ਸਾਲਾਂ ਵਿੱਚ ਭ੍ਰਿਸ਼ਟਾਚਾਰ ਦੇ 673 ਕੇਸ ਦਰਜ ਕਰਕੇ 758 ਮੁਲਜ਼ਮ ਗ੍ਰਿਫ਼ਤਾਰ ਕੀਤੇ

ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਮਿਲੀਆਂ ਸ਼ਿਕਾਇਤਾਂ ’ਤੇ 189 ਕੇਸ ਕੀਤੇ ਦਰਜ

ਸ਼ਿਕਾਇਤਾਂ ਦਾ ਨਿਰਪੱਖ ਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਦੇ ਹੁਕਮ

ਮੁਲਾਜ਼ਮਾਂ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਪੰਜਾਬ ’ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੀ ਸਹੁੰ ਚੁੱਕੀ

ਨਬਜ਼-ਏ-ਪੰਜਾਬ, ਮੁਹਾਲੀ, 28 ਅਕਤੂਬਰ:
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ’ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਵਿਸ਼ੇਸ਼ ਡੀਜੀਪੀ-ਕਮ-ਵਿਜੀਲੈਂਸ ਦੇ ਮੁੱਖ ਡਾਇਰੈਕਟਰ ਵਰਿੰਦਰ ਕੁਮਾਰ ਨੇ ਫ਼ੀਲਡ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਹ ਅੱਜ ਇੱਥੇ ਵਿਜੀਲੈਂਸ ਬਿਊਰੋ ਭਵਨ ਮੁਹਾਲੀ ਵਿਖੇ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਪਹਿਲੇ ਦਿਨ ਸਹੁੰ ਚੁੱਕ ਸਮਾਗਮ ਦੌਰਾਨ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਮ ਨਾਗਰਿਕਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਭ੍ਰਿਸ਼ਟ ਅਮਲਾਂ ਤੋਂ ਮੁਕਤ ਪ੍ਰਸ਼ਾਸਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਡੀਆਈਜੀ (ਵਿਜੀਲੈਂਸ) ਹਰਜੀਤ ਸਿੰਘ ਅਤੇ ਸੰਯੁਕਤ ਡਾਇਰੈਕਟਰ ਕੰਵਲਜੀਤ ਸਿੰਘ ਅਤੇ ਅਰੁਣ ਸੈਣੀ ਮੌਜੂਦ ਸਨ।
ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਪ੍ਰਤੀ ਆਪਣੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਜਾਰੀ ਰੱਖਦਿਆਂ ਵਿਜੀਲੈਂਸ ਨੇ ਮਾਰਚ 2022 ਤੋਂ ਹੁਣ ਤੱਕ ਭ੍ਰਿਸ਼ਟਾਚਾਰ ਦੇ 673 ਕੇਸ ਦਰਜ ਕੀਤੇ ਹਨ। ਇਨ੍ਹਾਂ ਮਾਮਲਿਆਂ ਦੀ ਜਾਂਚ ਦੌਰਾਨ 758 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਪਿਛਲੀ ਕਾਂਗਰਸ ਵਜ਼ਾਰਤ ਵਿੱਚ ਕੈਬਨਿਟ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ, ਸ਼ਾਮ ਸੁੰਦਰ ਅਰੋੜਾ, ਭਾਰਤ ਭੂਸ਼ਨ ਆਸ਼ੂ ਸਮੇਤ ਏਆਈਜੀ ਰੈਂਕ ਦੇ ਅਧਿਕਾਰੀ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜੇਲ੍ਹ ਜਾਣਾ ਪਿਆ ਹੈ। ਜਦੋਂਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਹੋਰਨਾਂ ਆਗੂਆਂ ਨੂੰ ਵਿਜੀਲੈਂਸ ਜਾਂਚ ਦਾ ਸਾਹਮਣਾ ਕਰਨਾ ਪਿਆ ਹੈ।
ਵਰਿੰਦਰ ਕੁਮਾਰ ਨੇ ਦੱਸਿਆ ਕਿ ਇੱਕ ਨਾਗਰਿਕ ਪੱਖੀ ਸ਼ਿਕਾਇਤ ਪ੍ਰਣਾਲੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2022 ਵਿੱਚ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਟਸਅੱਪ ਨੰਬਰ 9501-200-200 ਸ਼ੁਰੂ ਕੀਤਾ ਗਿਆ ਸੀ। ਜਿਸ ਤਹਿਤ ਵਿਜੀਲੈਂਸ ਵੱਲੋਂ 189 ਪਰਚੇ ਦਰਜ ਕੀਤੇ ਗਏ ਹਨ। ਜਦੋਂਕਿ ਬਾਕੀ ਪਰਚੇ ਵਿਜੀਲੈਂਸ ਨੂੰ ਸਿੱਧੇ ਤੌਰ ’ਤੇ ਮਿਲੀਆਂ ਸ਼ਿਕਾਇਤਾਂ ਨੂੰ ਆਧਾਰ ਬਣਾ ਕੇ ਦਰਜ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਸੂਬੇ ਅਤੇ ਨਾਗਰਿਕਾਂ ਦੀ ਅਖੰਡਤਾ ਅਤੇ ਸਨਮਾਨ ਵਿਰੁੱਧ ਇੱਕ ਖ਼ਤਰਨਾਕ ਅਤੇ ਘਿਣਾਉਣਾ ਅਪਰਾਧ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਜੇਕਰ ਕਿਸੇ ਨੂੰ ਵੀ ਭ੍ਰਿਸ਼ਟ ਕਾਰਜਾਂ ਅਤੇ ਦੁਰਵਿਵਹਾਰ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਅਤੇ ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ।
ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਵਿਜੀਲੈਂਸ ਰੇਂਜਾਂ ਦੇ ਸਮੂਹ ਐੱਸਐੱਸਪੀਜ਼ ਅਤੇ ਫ਼ੀਲਡ ਅਧਿਕਾਰੀਆਂ ਨੂੰ ਨਾਗਰਿਕਾਂ ਨਾਲ ਜੁੜਨਾ ਚਾਹੀਦਾ ਹੈ ਅਤੇ ਭ੍ਰਿਸ਼ਟਾਚਾਰ ਵਿਰੁੱਧ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਣਾ ਚਾਹੀਦਾ ਹੈ ਤਾਂ ਜੋ ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ, ਇਮਾਨਦਾਰੀ ਅਤੇ ਅਖੰਡਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਾਲ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਉਦੇਸ਼ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਸੋਚ ਅਨੁਸਾਰ ‘ਦੇਸ਼ ਦੀ ਖੁਸ਼ਹਾਲੀ ਲਈ ਇਮਾਨਦਾਰੀ ਵਾਲੇ ਸਭਿਆਚਾਰ’ ਦੀ ਸਿਰਜਣਾ ਹੈ।

Load More Related Articles
Load More By Nabaz-e-Punjab
Load More In General News

Check Also

Ensure disposal of complaints in fair, transparent, time bound manner: VB Chief Directs Officials

Ensure disposal of complaints in fair, transparent, time bound manner: VB Chief Directs Of…