ਵਿਜੀਲੈਂਸ ਵੱਲੋਂ ਐਸਪੀ ਸਿਟੀ ਮੁਹਾਲੀ ਦਫ਼ਤਰ ’ਚ ਤਾਇਨਾਤ ਅਪਰੇਟਰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਐਸਪੀ ਸਿਟੀ ਦੇ ਦਫ਼ਤਰੀ ਸਟਾਫ਼ ਲਈ ਬਣੇ ਕੈਬਿਨ ’ਚੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਪਾਈ ਮੁਲਜ਼ਮ ਦੀ ਗ੍ਰਿਫ਼ਤਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਪੰਜਾਬ ਵਿਜੀਲੈਂਸ ਬਿਊਰੋ ਦੇ ਡੀਐਸਪੀ ਰਵਿੰਦਰ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਇੰਦਰਪਾਲ ਸਿੰਘ ਦੀ ਟੀਮ ਵੱਲੋਂ ਅੱਜ ਮੁਹਾਲੀ ਦੇ ਐਸਪੀ (ਸਿਟੀ) ਦੇ ਦਫ਼ਤਰ ਵਿੱਚ ਕੰਪਿਊਟਰ ਅਪਰੇਟਰ ਵਜੋਂ ਤਾਇਨਾਤ ਹੌਲਦਾਰ ਜਸਵਿੰਦਰ ਸਿੰਘ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ। ਅੱਜ ਦੇਰ ਸ਼ਾਮ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਬਬੀਤਾ ਸੂਰੀ ਵਾਸੀ ਸੈਕਟਰ-23, ਚੰਡੀਗੜ੍ਹ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ। ਬਬੀਤਾ ਸੂਰੀ ਨੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਪਤੀ ਵਿਰੁੱਧ ਦਰਜ ਕੀਤੇ ਮੁਕੱਦਮੇ ਵਿੱਚ ਮਦਦ ਕਰਨ ਦੇ ਬਦਲੇ ਐਸਪੀ ਦਾ ਰੀਡਰ ਜਸਵਿੰਦਰ ਸਿੰਘ ਵੱਲੋਂ 10 ਹਜ਼ਾਰ ਰੁਪਏ ਦੇਣ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਬਾਅਦ ਵਿੱਚ ਸੌਦਾ 5 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਮੁਲਜ਼ਮ ਖ਼ੁਦ ਨੂੰ ਐਸਪੀ ਸਿਟੀ ਦਾ ਰੀਡਰ ਦੱਸਦਾ ਸੀ ਪ੍ਰੰਤੂ ਵਿਜੀਲੈਂਸ ਦੀ ਜਾਂਚ ਵਿੱਚ ਪਤਾ ਲੱਗਾ ਕਿ ਗ੍ਰਿਫ਼ਤਾਰ ਮੁਲਜ਼ਮ ਐਸਪੀ ਦਾ ਰੀਡਰ ਨਹੀਂ ਹੈ ਬਲਕਿ ਦਫ਼ਤਰ ਵਿੱਚ ਕੰਪਿਊਟਰ ਅਪਰੇਟਰ ਵਜੋਂ ਤਾਇਨਾਤ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਡੂੰਘਾਈ ਨਾਲ ਪੜਤਾਲ ਤੋਂ ਬਾਅਦ ਮੁਲਜ਼ਮ ਅਪਰੇਟਰ ਨੂੰ ਐਸਪੀ ਦੇ ਦਫ਼ਤਰ ਨਾਲ ਬਣੇ ਦਫ਼ਤਰੀ ਸਟਾਫ਼ ਦੇ ਕੈਬਿਨ ’ਚੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹੌਲਦਾਰ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਰਵਿੰਦਰ ਸਿੰਘ ਅਤੇ ਜਾਂਚ ਅਧਿਕਾਰੀ ਇੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਜਸਵਿੰਦਰ ਸਿੰਘ ਨੂੰ ਭਲਕੇ 9 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹ ਪਤਾ ਲਗਾਇਆ ਜਾਵੇਗਾ ਕਿ ਰਿਸ਼ਵਤਖੋਰੀ ਦੇ ਇਸ ਗੋਰਖਧੰਦੇ ਵਿੱਚ ਹੋਰ ਕੌਣ ਕੌਣ ਸ਼ਾਮਲ ਹੈ ਅਤੇ ਇਸ ਤੋਂ ਪਹਿਲਾਂ ਉਸ ਨੇ ਹੋਰ ਕਿੰਨੇ ਪੀੜਤ ਲੋਕਾਂ ਤੋਂ ਰਿਸ਼ਵਤ ਲਈ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …