nabaz-e-punjab.com

ਵਿਜੈ ਸਿੰਗਲਾ ਦੀਆਂ ਮੁਸ਼ਕਲਾਂ ਵਧੀਆਂ, 60 ਤੋਂ ਵੱਧ ਟੈਂਡਰਾਂ ਦੀਆਂ ਫਾਈਲਾਂ ਤੋਂ ਮਿੱਟੀ ਝਾੜਨੀ ਸ਼ੁਰੂ

ਸਾਬਕਾ ਸਿਹਤ ਮੰਤਰੀ ਦਾ ਭਾਣਜਾ ਕਰਦਾ ਸੀ ਕਮਿਸ਼ਨ ਲਈ ਦਲਾਲੀ

ਸਿਹਤ ਵਿਭਾਗ ਦੇ ਅਧਿਕਾਰੀਆਂ ਸਮੇਤ ਠੇਕੇਦਾਰਾਂ ਨੂੰ ਵੀ ਜਾਂਚ ’ਚ ਸ਼ਾਮਲ ਹੋਣ ਲਈ ਕੀਤਾ ਜਾ ਸਕਦੈ ਤਲਬ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਦੀਆਂ ਮੁਸ਼ਕਲਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਪੁਲੀਸ ਦੀ ਮੁੱਢਲੀ ਪੁੱਛਗਿੱਛ ਵਿੱਚ ਇਹ ਗੱਲ ਸਾਫ਼ ਹੋ ਗਈ ਹੈ ਕਿ ਸਿੰਗਲਾ ਦਾ ਭਾਣਜਾ ਹੀ ਉਸ ਲਈ ਰਿਸ਼ਵਤ ਰੂਪੀ ਕਮਿਸ਼ਨ ਲਈ ਦਲਾਲੀ ਦਾ ਕੰਮ ਕਰਦਾ ਸੀ। ਮੰਤਰੀ ਮਾਮੇ ਦਾ ਸਿਰ ’ਤੇ ਹੱਥ ਹੋਣ ਕਾਰਨ ਉਹ ਬੇਖ਼ੌਫ਼ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਤਾੜਦਾ ਸੀ ਅਤੇ ਠੇਕੇਦਾਰਾਂ ਕੋਲੋਂ ਕਮਿਸ਼ਨ ਲੈ ਕੇ ਦੇਣ ਲਈ ਦਬਾਅ ਬਣਾਇਆ ਜਾਂਦਾ ਸੀ। ਸਿੰਗਲਾ ਅਤੇ ਉਸ ਦਾ ਭਾਣਜਾ ਪਰਦੀਪ ਕੁਮਾਰ 27 ਮਈ ਤੱਕ ਪੁਲੀਸ ਰਿਮਾਂਡ ’ਤੇ ਹਨ। ਉੱਚ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਜਾਂਚ ਟੀਮ ਨੇ ਸਿੰਗਾ ਅਤੇ ਉਸ ਦੇ ਦਲਾਲ ਭਾਣਜੇ ਤੋਂ ਕਰਾਸ ਪੁੱਛਗਿੱਛ ਕੀਤੀ ਗਈ ਹੇ। ਉਧਰ, ਅੱਜ ਪੰਜਾਬ ਪੁਲੀਸ ਦੀ ਇੱਕ ਹੋਰ ਜਾਂਚ ਏਜੰਸੀ ਓਕੋ ਦੇ ਅਧਿਕਾਰੀਆਂ ਵੱਲੋਂ ਵੀ ਸਿੰਗਲਾ ਅਤੇ ਉਸ ਦੇ ਭਾਣਜੇ ਤੋਂ ਪੁੱਛਗਿੱਛ ਕਰਨ ਬਾਰੇ ਪਤਾ ਲੱਗਾ ਹੈ।
ਮਿਲੀ ਜਾਣਕਾਰੀ ਅਨੁਸਾਰ ਵਿਜੈ ਸਿੰਗਲਾ ਦੇ ਸਿਹਤ ਮੰਤਰੀ ਹੁੰਦਿਆਂ ਹੁਣ ਤੱਕ ਕਰੀਬ 60 ਤੋਂ ਵੱਧ ਟੈਂਡਰ ਜਾਰੀ ਹੋਏ ਸੀ। ਪੁਲੀਸ ਨੇ ਵੱਖ-ਵੱਖ ਠੇਕੇਦਾਰਾਂ ਨੂੰ ਅਲਾਟ ਹੋਏ ਇਨ੍ਹਾਂ ਟੈਂਡਰਾਂ ਦੀਆਂ ਫਾਈਲਾਂ ਤੋਂ ਮਿੱਟੀ ਝਾੜਨੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਟੈਂਡਰਾਂ ਵਿੱਚ ਮੁਹੱਲਾ ਕਲੀਨਿਕ ਦੇ ਕੰਮ ਵੀ ਸ਼ਾਮਲ ਦੱਸੇ ਜਾ ਰਹੇ ਹਨ। ਇੱਥੇ ਇਹ ਦੱਸਣਯੋਗ ਹੈ ਕਿ ਦਿੱਲੀ ਦੀ ਤਰਜ਼ ’ਤੇ ਪੰਜਾਬ ਦੀ ਆਪ ਸਰਕਾਰ ਵੱਲੋਂ 15 ਅਗਸਤ ਤੋਂ ਸੂਬੇ ਭਰ ਵਿੱਚ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਪੰਜਾਬ ਭਰ ਵਿੱਚ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ, ਕਮਿਊਨਿਟੀ ਹੈਲਥ ਸੈਂਟਰਾਂ ਦੀ ਉਸਾਰੀ ਸਮੇਤ ਹੋਰ ਕੰਮ ਜੰਗੀ ਪੱਧਰ ’ਤੇ ਚੱਲ ਰਹੇ ਹਨ। ਇਨ੍ਹਾਂ ਸਾਰੇ ਕੰਮਾਂ ਦੇ ਵਰਕ ਆਰਡਰ ਵੀ ਹੁਣ ਸ਼ੱਕ ਦੇ ਘੇਰੇ ਵਿੱਚ ਆ ਗਏ ਹਨ। ਇਹ ਕੰਮ ਵੀ ਵੱਖ-ਵੱਖ ਠੇਕੇਦਾਰਾਂ ਨੂੰ ਸੌਂਪੇ ਗਏ ਸਨ ਅਤੇ ਮਾਰਚ ਮਹੀਨੇ ਵਿੱਚ 17 ਕਰੋੜ ਰੁਪਏ ਟੈਂਡਰ ਅਲਾਟ ਕਰਕੇ ਪੈਸਿਆਂ ਦਾ ਵੀ ਭੁਗਤਾਨ ਕੀਤਾ ਗਿਆ ਸੀ। ਉਂਜ ਸਿਹਤ ਵਿਭਾਗ ਵੱਲੋਂ ਕਰੀਬ 58 ਕਰੋੜ ਦੇ ਕੰਮਾਂ ਦੇ ਟੈਂਡਰਾਂ ਸਬੰਧੀ 2 ਫੀਸਦੀ ਕਮਿਸ਼ਨ ਤਹਿਤ 1.16 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਇਸ ਸਬੰਧੀ ਬਾਕਾਇਦਾ ਸਬੰਧਤ ਅਧਿਕਾਰੀਆਂ ਨੂੰ ਠੇਕੇਦਾਰਾਂ ਤੋਂ ਕਮਿਸ਼ਨ ਦੇਣ ਲਈ ਧਮਕਾਇਆ ਜਾ ਰਿਹਾ ਸੀ। ਇਨ੍ਹਾਂ ਸਾਰੇ ਦੋਸ਼ਾਂ ਬਾਰੇ ਖ਼ੁਦ ਵਿਜੈ ਸਿੰਗਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਆਪਣੀ ਗਲਤੀ ਮੰਨੀ ਗਈ ਸੀ।
ਉਧਰ, ਪੁਲੀਸ ਸੂਤਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਸਮੇਤ ਸਬੰਧਤ ਠੇਕੇਦਾਰਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਤਲਬ ਕੀਤਾ ਜਾ ਸਕਦੇ ਹੈ। ਵਿਭਾਗ ਦੇ ਅਧਿਕਾਰੀਆਂ ਤੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸੁਪਰਡੈਂਟ ਇੰਜੀਨੀਅਰ (ਐਸਈ) ਰਜਿੰਦਰ ਸਿੰਘ ਜੋ ਕਿ ਇਸ ਮਾਮਲੇ ਵਿੱਚ ਸ਼ਿਕਾਇਤ ਕਰਤਾ ਹਨ, ਤੋਂ ਇਲਾਵਾ ਹੋਰ ਕਿਹੜੇ ਅਧਿਕਾਰੀਆਂ ਨੂੰ ਕਮਿਸ਼ਨ\ਰਿਸ਼ਵਤ ਲਈ ਧਮਕਾਇਆ ਜਾ ਰਿਹਾ ਸੀ।
ਇਸ ਸਬੰਧੀ ਸੰਪਰਕ ਕਰਨ ’ਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਜਾਂ ਕਿਸੇ ਹੋਰ ਅਫ਼ਸਰ ਜਾਂ ਦਲਾਲ ਦਾ ਨਾਂਅ ਸਾਹਮਣੇ ਆਇਆ ਤਾਂ ਉਸ ਨੂੰ ਵੀ ਪੁੱਛ ਪੜਤਾਲ ਦੌਰਾਨ ਇਸ ਕੇਸ ਵਿੱਚ ਨਾਮਜ਼ਦ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …