
ਬੇਅਦਬੀ ਦੀਆਂ ਘਟਨਾਵਾਂ ਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਢੁਕਵੀਂ ਸਖ਼ਤ ਸਜ਼ਾ ਮਿਲੇ: ਚੰਦੂਮਾਜਰਾ
ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੱਖਾਂ ਵਿਰੁੱਧ ਕੇਸ ਦਰਜ ਕਰਕੇ ਮੁੱਖ ਮੰਤਰੀ ਬਲਦੀ ’ਤੇ ਤੇਲ ਪਾਇਆ
ਭਗਵੰਤ ਮਾਨ ਸਿੱਖਾਂ ’ਤੇ ਕੇਸ ਦਰਜ ਕਰਨ ਦੀ ਥਾਂ ਕੇਜਰੀਵਾਲ ਨੂੰ ਮਿਲ ਕੇ ਪ੍ਰੋ. ਭੁੱਲਰ ਦੀ ਰਿਹਾਈ ਦਾ ਰਾਹ ਪੱਧਰਾ ਕਰਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਦੀ ਪਛਾਣ ਕਰਕੇ ਕਾਨੂੰਨ ਮੁਤਾਬਕ ਢੁਕਵੀਆਂ ਸਜ਼ਾਵਾਂ ਦਿੱਤੀਆਂ ਜਾਣਗੀਆਂ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੰਦੂਮਾਜਰਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕੌਮੀ ਇਨਸਾਫ਼ ਮੋਰਚਾ ਦੇ ਮੈਂਬਰਾਂ ਵਿਰੁੱਧ ਪਰਚਾ ਦਰਜ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਲਦੀ ’ਤੇ ਤੇਲ ਪਾਉਣ ਦਾ ਕੰਮ ਕੀਤਾ ਹੈ। ਜਿਸ ਕਾਰਨ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਅਸ਼ਾਂਤ ਹੈ। ਜਿੱਥੇ ਲੋਕਾਂ ਨੂੰ ਧਰਨੇ ਲਗਾ ਕੇ, ਰੋਸ ਪ੍ਰਦਰਸ਼ਨ ਕਰਕੇ ਆਪਣੇ ਜਮਹੂਰੀ ਤੇ ਮਾਨਵੀ ਹੱਕ ਮੰਗਣੇ ਪੈ ਰਹੇ ਹਨ ਪਰ ਪੰਜਾਬ ਸਰਕਾਰ ਲੋਕਾਂ ਦੀ ਆਵਾਜ਼ ਸੁਣ ਕੇ ਹੱਕ ਦੇਣ ਦੀ ਥਾਂ ਹੱਕ ਖੋਹਣ ’ਤੇ ਲੱਗੀ ਹੋਈ ਹੈ। ਜਦੋਂਕਿ ਮੁੱਖ ਮੰਤਰੀ ਨੂੰ ਚਾਹੀਦਾ ਤਾਂ ਇਹ ਸੀ ਕਿ ਉਹ ਨੰਗੇ ਪੈਰ ਚਲ ਕੇ ਪ੍ਰਦਰਸ਼ਨਕਾਰੀਆਂ ਕੋਲ ਜਾਂਦੇ ਅਤੇ ਧਰਨੇ ਵਿੱਚ ਬੈਠ ਕੇ ਉਨ੍ਹਾਂ ਦੀ ਗੱਲ ਸੁਣਦੇ ਅਤੇ ਮੰਗ ਪੱਤਰ ਹਾਸਲ ਕਰਦੇ ਪ੍ਰੰਤੂ ਅਜਿਹਾ ਨਹੀਂ ਹੋਇਆ। ਉਨ੍ਹਾਂ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਪੱਕੇ ਮੋਰਚੇ ਦੇ ਮੋਹਰੀ ਆਗੂਆਂ ਦੇ ਵਫ਼ਦ ਨੂੰ ਆਪਣੇ ਨਾਲ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਜਾਣ ਅਤੇ ਬੰਦੀ ਸਿੱਖ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਰਾਹ ਪੱਧਰਾ ਕਰਨ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਸਜ਼ਾ ਪੁਰੀ ਕਰ ਚੁੱਕੇ ਪ੍ਰੋ. ਭੁੱਲਰ ਦੀ ਰਿਹਾਈ ਦੀ ਫਾਈਲ ਇੱਕ ਸਾਲ ਤੋਂ ਕੇਜਰੀਵਾਲ ਦੀ ਟੇਬਲ ’ਤੇ ਪਈ ਹੈ। ਉਨ੍ਹਾਂ ਦੀ ਇੱਕ ਘੁੱਗੀ ਮਾਰਨ ’ਤੇ ਸਿੱਖ ਕੈਦੀ ਜੇਲ੍ਹ ’ਚੋਂ ਰਿਹਾਅ ਹੋ ਸਕਦਾ ਹੈ। ਇਸ ਨਾਲ ਬਾਕੀ ਕੈਦੀਆਂ ਦੀ ਰਿਹਾਈ ਦਾ ਰਾਹ ਵੀ ਪੱਧਰਾ ਹੋਵੇਗਾ।
ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁੱਖ ਮੰਤਰੀ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਸਰਬ ਪਾਰਟੀ ਮੀਟਿੰਗ ਸੱਦਣ ਅਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਪੰਜਾਬੀਆਂ ਦੀਆਂ ਇਕਸੁਰਤਾ ਅਤੇ ਇੱਕਜੁੱਟਤਾ ਬਣਾ ਕੇ ਕੇਂਦਰ ਸਰਕਾਰ ਅਤੇ ਬਾਕੀ ਸੂਬਿਆਂ ਦੀਆਂ ਸਰਕਾਰਾਂ ਸਾਹਮਣੇ ਬੰਦੀ ਸਿੰਘਾ ਰਿਹਾਈ ਲਈ ਪ੍ਰਭਾਵ ਬਣਾਉਣ ਤਾਂ ਕਿ ਕੇਂਦਰ ਅਤੇ ਬਾਕੀ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਜਿਹੜੇ ਅੜਿੱਕੇ ਖੜੇ ਕੀਤੇ ਜਾ ਰਹੇ ਹਨ ਉਹ ਦੂਰ ਹੋ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤਾਮਿਲਨਾਡੂ ਦੇ ਲੋਕਾਂ ਤੋਂ ਸਿੱਖਣ ਦੀ ਲੋੜ ਹੈ ਕਿ ਤਾਮਿਲਨਾਡੂ ਦੇ ਲੋਕਾਂ ਅਤੇ ਉੱਥੋਂ ਦੀਆਂ ਸਿਆਸੀ ਪਾਰਟੀਆਂ ਨੇ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਛੁਡਾਉਣ ਦਾ ਜੋ ਰਾਹ ਅਪਣਾਇਆ ਹੈ, ਉਹ ਰਾਹ ਅਪਣਾਉਣ ਦੀ ਲੋੜ ਹੈ। ਹੁਣ ਜੁਮਲੇਬਾਜੀ ਤੇ ਫੋਕੀ ਬਿਆਨਬਾਜ਼ੀ ਨਾਲ ਕੰਮ ਨਹੀਂ ਚਲਣ ਵਾਲਾ। ਮੁੱਖ ਮੰਤਰੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।