ਪਿੰਡ ਮਟੌਰ ਵਿੱਚ ਸੀਵਰੇਜ ਜਾਮ, ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਖ਼ਤਰਨਾਕ ਬੀਮਾਰੀਆਂ ਫੈਲਣ ਦਾ ਖਦਸ਼ਾ, ਅਧਿਕਾਰੀ ਬੇਖ਼ਬਰ

ਅੰਕੁਰ ਵਸ਼ਿਸ਼ਟ
ਮੁਹਾਲੀ, 8 ਦਸੰਬਰ
ਸਥਾਨਕ ਸੈਕਟਰ-70 ਸਥਿਤ ਪਿੰਡ ਮਟੌਰ ਦੇ ਬਾਸ਼ਿੰਦੇ ਪਿਛਲੇ ਲੰਮੇ ਅਰਸੇ ਜਾਮ ਸੀਵਰੇਜ, ਸਾਫ਼ ਸਫ਼ਾਈ ਅਤੇ ਗੰਦੇ ਪਾਣੀ ਨਿਕਾਸੀ ਦਾ ਉਚਿਤ ਪ੍ਰਬੰਧ ਨਾ ਹੋਣ ਕਾਰਨ ਬੇਸ਼ੁਮਾਰ ਦਿੱਕਤਾ ਦਾ ਸਾਹਮਣਾ ਕਰ ਰਹੇ ਹਨ। ਮਿਉਂਸਲ ਕਾਰਪੋਰੇਸ਼ਨ ਅਧੀਨ ਆਉਂਦੇ ਛੇ ਪਿੰਡਾਂ ਦੀ ਸਾਂਝੀ ਪੇਂਡੂ ਸੰਘਰਸ਼ ਕਮੇਟੀ ਮੁਹਾਲੀ ਦੇ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ ਅਤੇ ਹੋਰਨਾਂ ਲੋਕਾਂ ਨੇ ਇਕਸੁਰ ਵਿੱਚ ਕਿਹਾ ਕਿ ਕਾਰਪੋਰੇਸ਼ਨ ਦੇ ਅਧਿਕਾਰੀਆਂ ਦੀ ਕਥਿਤ ਅਣਗਹਿਲੀ ਕਾਰਨ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਗਏ ਹਨ ਅਤੇ ਪਿੰਡ ਦੀਆਂ ਗਲੀਆਂ ਵਿੱਚ ਗੰਦਾ ਪਾਣੀ ਖੜਨ ਕਾਰਨ ਮਟੌਰ ਵਿੱਚ ਬੀਮਾਰੀ ਫੈਲਣ ਦਾ ਖਦਸ਼ਾ ਪੈਦਾ ਹੋ ਗਿਆ ਹੈ। ਇਸ ਤੋਂ ਪਹਿਲਾਂ ਵੀ ਪਿੰਡ ਵਿੱਚ ਪੇਚਸ਼ ਦੀ ਬੀਮਾਰੀ ਫੈਲ ਗਈ ਸੀ ਅਤੇ ਮੌਜੂਦਾ ਸਮੇਂ ਵਿੱਚ ਵੀ ਲੋਕ ਡੇਂਗੂ ਤੇ ਚਿਕਨਗੁਨੀਆਂ ਤੋਂ ਪੀੜਤ ਹਨ।
ਪਿੰਡ ਵਾਸੀਆਂ ਨੇ ਦੱਸਿਆ ਕਿ ਮਟੌਰ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਸੀਵਰੇਜ ਜਾਮ ਪਿਆ ਹੈ ਅਤੇ ਗੰਦਾ ਪਾਣੀ ਓਵਰਫਲੋਅ ਹੋ ਕੇ ਗਲੀਆਂ ਤੋਂ ਹੁੰਦਾ ਹੋਇਆ ਘਰਾਂ ਤੱਕ ਫੈਲ ਗਿਆ ਹੈ। ਜਿਸ ਕਾਰਨ ਪਿੰਡ ਵਾਸੀਆਂ ਨੂੰ ਕਾਫੀ ਦਿੱਕਤਾਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੰਦੇ ਪਾਣੀ ਕਾਰਨ ਪਿੰਡ ਵਿੱਚ ਮੱਖੀ-ਮੱਛਰ ਅਤੇ ਹੋਰ ਜ਼ਹਿਰੀਲੇ ਜੀਵ ਜੰਤੂਆਂ ਦੀ ਭਰਮਾਰ ਹੈ। ਸਕੂਲੀ ਬੱਚਿਆਂ ਨੂੰ ਗੰਦੇ ਪਾਣੀ ’ਚੋਂ ਲੰਘ ਕੇ ਸਕੂਲ ਜਾਣਾ ਪੈਂਦਾ ਹੈ। ਉਂਜ ਵੀ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਸਮੁੱਚੇ ਪਿੰਡ ਵਿੱਚ ਬਦਬੂ ਫੈਲ ਗਈ ਹੈ ਅਤੇ ਲੋਕਾਂ ਦਾ ਘਰਾਂ ਵਿੱਚ ਰਹਿਣਾ ਦੁੱਭਰ ਹੋ ਗਿਆ ਹੈ।
ਸ੍ਰੀ ਬੈਦਵਾਨ ਨੇ ਦੱਸਿਆ ਕਿ ਇਸ ਸਬੰਧੀ ਪਿਛਲੇ ਮਹੀਨੇ ਸੀਵਰੇਜ ਦੇ ਓਵਰਫਲੋ ਹੋਣ ਦੀ ਸਮੱਸਿਆ ਆਈ ਸੀ ਅਤੇ ਇਸ ਸਬੰਧੀ ਮੀਡੀਆਂ ਵਿੱਚ ਖ਼ਬਰਾਂ ਆਉਣ ’ਤੇ ਵਿਭਾਗ ਦੇ ਕਰਮਚਾਰੀਆਂ ਵੱਲੋਂ ਇੱਥੇ ਮਸ਼ੀਨ ਲਿਆ ਕੇ ਪਾਈਪਾਂ ਦੀ ਸਫਾਈ ਕਰਨ ਅਤੇ ਸੀਵਰੇਜ ਦੀ ਨਿਕਾਸੀ ਦੀ ਨਵੀਂ ਪਾਈਪ ਪਾਉਣ ਦੀ ਗੱਲ ਆਖੀ ਗਈ ਸੀ। ਉਨ੍ਹਾਂ ਦੱਸਿਆਂ ਕਿ ਵਿਭਾਗ ਦੇ ਕਰਮਚਾਰੀਆਂ ਵੱਲੋਂ ਇੱਥੇ ਇੱਕ ਮੁਹੱਲੇ ਵਿੱਚ ਨਵੀਂ ਪਾਈਪ ਪਾਉਣ ਲਈ ਨਾਲੀ ਪੁੱਟੀ ਗਈ ਸੀ ਪ੍ਰੰਤੂ ਬਾਅਦ ਵਿੱਚ ਇਹ ਕਰਮਚਾਰੀ ਮੁੜ ਕੇ ਹੀ ਨਹੀਂ ਆਏ ਅਤੇ ਸੀਵਰੇਜ ਦੀਆਂ ਪੁਰਾਣੀਆਂ ਪਾਈਪਾਂ ਦੇ ਜਾਮ ਹੋ ਜਾਣ ਕਾਰਨ ਸੀਵਰੇਜ ਇੱਕ ਵਾਰ ਫਿਰ ਓਵਰਫਲੋ ਹੋ ਕੇ ਗਲੀਆਂ ਵਿੱਚ ਗੰਦਾ ਬਦਬੂਦਾਰ ਪਾਣੀ ਖੜ੍ਹਾ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਸੰਬੰਧੀ ਸੀਵਰੇਜ ਵਿਭਾਗ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਉਹਨਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਪਿੰਡ ਦੀ ਸੀਵਰੇਜ ਦੀ ਸੱਮਸਿਆਂ ਦੇ ਹੱਲ ਲਈ ਤੁਰੰਤ ਕਾਰਵਾਈ ਕੀਤੀ ਜਾਵੇ।
ਸ੍ਰੀ ਬੈਦਵਾਨ ਨੇ ਕਿਹਾ ਕਿ ਇਸ ਸਬੰਧੀ ਮੁਹਾਲੀ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਈ ਵਾਰ ਲਿਖਤੀ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਲੇਕਿਨ ਹੁਣ ਤੱਕ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਖਾਸ ਕਰਕੇ ਮੁਹਾਲੀ ਪ੍ਰਸ਼ਾਸਨ ਇੱਕ ਹਫ਼ਤੇ ਤੱਕ ਦਾ ਅਲਟੀਮੇਟਮ ਦਿੰਦਿਆਂ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਉਕਤ ਸਮੱਸਿਆਵਾਂ ਦਾ ਸਥਾਈ ਹੱਲ ਨਹੀਂ ਕੀਤਾ ਗਿਆ ਤਾਂ ਪੇਂਡੂ ਸੰਘਰਸ਼ ਕਮੇਟੀ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਸੰਘਰਸ਼ ਵਿੱਢਿਆ ਜਾਵੇਗਾ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…