nabaz-e-punjab.com

ਕੋਵਡਿ-19 ਨਿਯਮਾਂ ਦੀ ਉਲੰਘਣਾ: ਪ੍ਰਧਾਨ ਸਮੇਤ 150 ਪਾਰਵਕੌਮ ਠੇਕਾ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ

ਪਾਬੰਦੀਆਂ ਦੀ ਪ੍ਰਵਾਹ ਨਾ ਕਰਦੇ ਹੋਏ ਬੁੱਧਵਾਰ ਨੂੰ ਰਾਤ 9 ਵਜੇ ਘੇਰੀ ਰੱਖਿਆ ਸੀ ਕਿਰਤ ਕਮਿਸ਼ਨਰ ਦਾ ਦਫ਼ਤਰ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ:
ਮੁਹਾਲੀ ਪੁਲੀਸ ਨੇ ਕੋਵਿਡ-19 ਨਿਯਮਾਂ ਦੀ ਘੋਰ ਉਲੰਘਣਾ ਕਰਨ ਦੇ ਦੋਸ਼ ਵਿੱਚ ਪਾਵਰਕੌਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਜਰਨਲ ਸਕੱਤਰ ਵਰਿੰਦਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ ਸਮੇਤ 150 ਪ੍ਰਦਰਸ਼ਨਕਾਰੀਆਂ ਦੇ ਖ਼ਿਲਾਫ਼ ਫੇਜ਼-11 ਥਾਣੇ ਵਿੱਚ ਧਾਰਾ 188, 269, 270 ਸਮੇਤ ਹੋਰ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਫੇਜ਼-11 ਥਾਣਾ ਦੇ ਐਸਐਚਓ ਜਗਦੀਪ ਸਿੰਘ ਬਰਾੜ ਨੇ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਯੂਨੀਅਨ ਆਗੂਆਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਤਲਬ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ। ਪ੍ਰਦਰਸ਼ਨਕਾਰੀਆਂ ’ਤੇ ਕੋਵਿਡ-19 ਨਿਯਮਾਂ ਦੀ ਘੋਰ ਉਲੰਘਣਾ ਕਰਨ ਦਾ ਦੋਸ਼ ਹੈ।
ਜਾਣਕਾਰੀ ਅਨੁਸਾਰ ਬੀਤੇ ਦਿਨੀਂ ਛਾਂਟੀ ਦੀ ਨੀਤੀ ਰੱਦ ਕਰਵਾਉਣ ਅਤੇ ਬਰਖ਼ਾਸਤ ਕੀਤੇ ਕਾਮੇ ਬਹਾਲ ਕਰਵਾਉਣ, ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਫੌਤ ਹੋਏ ਅਤੇ ਅਪੰਗ ਹੋਏ ਬਿਜਲੀ ਕਾਮਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਅਤੇ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਮੁਹਾਲੀ ਵਿੱਚ ਪਾਵਰਕੌਮ ਠੇਕਾ ਮੁਲਾਜ਼ਮਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਕਿਰਤ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ। ਹਾਲਾਂਕਿ ਕਰੋਨਾ ਮਹਾਮਾਰੀ ਦੇ ਲਗਾਤਾਰ ਨਵੇਂ ਮਾਮਲੇ ਵਧਣ ਕਾਰਨ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਤਹਿਤ ਵੱਡੇ ਇਕੱਠਾ ’ਤੇ ਪਾਬੰਦੀਆਂ ਲਗਾਈਆਂ ਗਈਆਂ ਸਨ ਪ੍ਰੰਤੂ ਆਪਣੇ ਹੱਕਾਂ ਲਈ ਸੰਘਰਸ਼ਸ਼ੀਲ ਠੇਕਾ ਮੁਲਾਜ਼ਮਾਂ ਨੇ ਇਨ੍ਹਾਂ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਸੂਬਾ ਪੱਧਰੀ ਧਰਨਾ ਦਿੱਤਾ ਅਤੇ ਦੇਰ ਸ਼ਾਮ ਧਰਨੇ ’ਤੇ ਬੈਠੇ ਦੋ ਠੇਕਾ ਮੁਲਾਜ਼ਮ ਪੁਲੀਸ ਨੂੰ ਝਕਾਨੀ ਦੇ ਕੇ ਮੋਬਾਈਲ ਟਾਵਰ ’ਤੇ ਚੜ੍ਹ ਗਏ ਸੀ। ਜਿਸ ਕਾਰਨ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ। ਬਾਅਦ ਵਿੱਚ ਉਨ੍ਹਾਂ ਨੂੰ ਬੜੀ ਮੁਸ਼ਕਲ ਨਾਲ ਸਮਝਾ ਕੇ ਥੱਲੇ ਲਾਹਿਆ ਅਤੇ ਯੂਨੀਅਨ ਦੇ ਮੋਹਰੀ ਆਗੂਆਂ ਨੂੰ ਪਾਵਰਕੌਮ ਦੇ ਪ੍ਰਬੰਧਕੀ ਡਾਇਰੈਕਟਰ ਅਤੇ ਕਿਰਤ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦੇ ਕੇ ਰਾਤੀ 9 ਵਜੇ ਸ਼ਾਂਤ ਕੀਤਾ ਗਿਆ ਸੀ।
ਉਧਰ, ਦੂਜੇ ਪਾਸੇ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਜਰਨਲ ਸਕੱਤਰ ਵਰਿੰਦਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ ਨੇ ਕਿਹਾ ਕਿ ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਪਰ ਉਹ ਆਪਣੇ ਸੰਘਰਸ਼ ਨੂੰ ਠੰਢਾ ਨਹੀਂ ਪੈਣ ਦੇਣਗੇ। ਉਨ੍ਹਾਂ ਕਿਹਾ ਕਿ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਕੇਸ ਦਰਜ ਕਰਕੇ ਪੀੜਤ ਮੁਲਾਜ਼ਮਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਸੰਕਟ ਦੌਰਾਨ ਪਾਵਰਕੌਮ ਸੀ.ਐੱਚ.ਬੀ ਠੇਕਾ ਕਾਮੇ ਆਪਣੀ ਜਾਨ ਜ਼ੋਖ਼ਮ ਵਿੱਚ ਪਾ ਕੇ ਲਗਾਤਾਰ ਐਮਰਜੈਂਸੀ ਡਿਊਟੀਆਂ ਨਿਭਾ ਰਹੇ ਹਨ ਅਤੇ ਕਰੋਨਾ ਐਮਰਜੈਂਸੀ ਡਿਊਟੀ ਨਿਭਾਉਂਦਿਆਂ ਕਰੰਟ ਲੱਗਣ ਕਾਰਨ 15 ਕਾਮਿਆਂ ਦੀ ਜਾਨ ਚਲੀ ਗਈ ਹੈ ਅਤੇ ਕਈ ਠੇਕਾ ਮੁਲਾਜ਼ਮ ਅੰਗਹੀਣ ਹੋ ਗਏ। ਜਦੋਂਕਿ ਪਿਛਲੇ ਚਾਰ ਸਾਲਾਂ ਵਿੱਚ ਹੁਣ ਤੱਕ 155 ਕਾਮਿਆਂ ਦੀ ਮੌਤ ਹੋ ਚੁੱਕੀ ਹੈ, ਪ੍ਰੰਤੂ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਮੁਲਾਜ਼ਮਾਂ ਦੀ ਬਾਂਹ ਫੜਨ ਦੀ ਬਜਾਏ ਉਨ੍ਹਾਂ ਨਾਲ ਧੱਕੇ ’ਤੇ ਧੱਕਾ ਕਰਨ ਤੋਂ ਬਾਜ ਨਹੀਂ ਆ ਰਹੀ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …