Nabaz-e-punjab.com

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ: ਚੋਣ ਅਧਿਕਾਰੀ ਵੱਲੋਂ 24 ਘੰਟੇ ਅੰਦਰ ਚੰਦੂਮਾਜਰਾ ਨੂੰ ਦੂਜਾ ਨੋਟਿਸ ਜਾਰੀ

ਚੰਦੂਮਾਜਰਾ ਦੇ ਸਮਰਥਕਾਂ ਨੇ ਹੁਣ ਡੀਸੀ ਕੰਪਲੈਕਸ ਦੇ ਗੇਟ ਅਤੇ ਕੰਧ ’ਤੇ ਲਾਏ ‘ਸਾਡਾ ਐਮ ਸਾਡਾ ਮਾਣ’ ਦੇ ਪੋਸਟਰ

ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਸਿੱਧੂ ਨੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਦਿੱਤਾ ਨੋਟਿਸ ਦਾ ਜਵਾਬ

ਹਲਕਾ ਇੰਚਾਰਜ ਵੱਲੋਂ ਅਕਾਲੀ ਵਰਕਰਾਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ:
ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਬੀਤੇ ਦਿਨੀਂ ਇੱਥੋਂ ਦੇ ਨੇੜਲੇ ਪਿੰਡ ਚੱਪੜਚਿੜੀ ਵਿੱਚ ਰਾਤ ਨੂੰ ਲੋਕਾਂ ਦੇ ਘਰਾਂ ਦੀਆਂ ਕੰਧਾਂ ਉੱਤੇ ‘ਸਾਡਾ ਐਮ ਸਾਡਾ ਮਾਣ’ ਦੇ ਪੋਸਟਰ ਲਗਾਉਣ ਦਾ ਮਾਮਲਾ ਹਾਲੇ ਠੰਢਾ ਵੀ ਨਹੀਂ ਹੋਇਆ ਸੀ ਕਿ ਹੁਣ ਅਕਾਲੀ ਆਗੂ ਦੇ ਸਮਰਥਕਾਂ ਨੇ ਚੋਣ ਜ਼ਾਬਤੇ ਦੀ ਉਲੰਘਣਾ ਦੀ ਹੱਦ ਪਾਰ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਸੀ ਕੰਪਲੈਕਸ) ਦੇ ਐਂਟਰੀ ਗੇਟ ਅਤੇ ਚਾਰ ਦੀਵਾਰੀ ’ਤੇ ਚੰਦੂਮਾਜਰਾ ਦੀਆਂ ਫੋਟੋਆਂ ਵਾਲੇ ਪੋਸਟਰ ਲਗਾ ਦਿੱਤੇ ਹਨ। ਇਸ ਪੋਸਟਰ ਉੱਤੇ ‘ਸਾਡਾ ਐਮ ਸਾਡਾ ਮਾਣ’ ਦੇ ਬੈਨਰ ਹੇਠ ਸੰਸਦ ਮੈਂਬਰ ਚੰਦੂਮਾਜਰਾ ਵੱਲੋਂ ਪਿਛਲੇ ਪੰਜ ਸਾਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ ਹੈ।
ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲੋਂ ਲੰਘ ਰਹੇ ਰਾਹਗੀਰ ਨੇ ਡੀਸੀ ਕੰਪਲੈਕਸ ਦੇ ਐਂਟਰੀ ਗੇਟ ਅਤੇ ਕੰਧ ਉੱਤੇ ਅਕਾਲੀ ਆਗੂ ਦੇ ਪੋਸਟਰ ਲੱਗੇ ਹੋਏ ਦੇਖੇ ਅਤੇ ਤੁਰੰਤ ਫੋਟੋਆਂ ਖਿੱਚ ਕੇ ਡਿਪਟੀ ਕਮਿਸ਼ਨ-ਕਮ-ਜ਼ਿਲ੍ਹਾ ਚੋਣ ਅਫ਼ਸਰ, ਵਧੀਕ ਚੋਣ ਅਫ਼ਸਰ ਅਤੇ ਐਸਡੀਐਮ-ਕਮ-ਸਹਾਇਕ ਚੋਣ ਅਫ਼ਸਰ ਨੂੰ ਵਸਟਅਪ ’ਤੇ ਭੇਜ ਦਿੱਤੀਆਂ। ਡੀਸੀ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਮਾਮਲਾ ਧਿਆਨ ਵਿੱਚ ਆਉਂਦੇ ਹੀ ਚੋਣ ਅਮਲੇ ਨੂੰ ਹਦਾਇਤ ਕੀਤੀ ਗਈ ਅਤੇ ਦਫ਼ਤਰੀ ਸਟਾਫ਼ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਡੀਸੀ ਕੰਪਲੈਕਸ ਦੇ ਗੇਟ ਅਤੇ ਕੰਧਾਂ ਉੱਤੇ ਲੱਗੇ ਚੰਦੂਮਾਜਰਾ ਦੇ ਪੋਸਟਰ ਉਤਾਰ ਦਿੱਤੇ ਗਏ।
ਉਧਰ, ਮੁਹਾਲੀ ਦੇ ਐਸਡੀਐਮ-ਕਮ-ਸਹਾਇਕ ਚੋਣ ਅਧਿਕਾਰੀ ਜਗਦੀਪ ਸਹਿਗਲ ਨੇ ਦੱਸਿਆ ਕਿ ਇਸ ਸਬੰਧੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਦਾ ਵੀ ਨੋਟਿਸ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆ ਖ਼ਿਲਾਫ਼ ਨਿਯਮਾਂ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ।
(ਬਾਕਸ ਆਈਟਮ)
ਅਕਾਲੀ ਦਲ (ਬ) ਦੇ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੇ ਚੱਪੜਚਿੜੀ ਮਾਮਲੇ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜਾਰੀ ਨੋਟਿਸ ਦਾ ਲਿਖਤੀ ਰੂਪ ਵਿੱਚ ਜਵਾਬ ਦੇ ਦਿੱਤਾ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਉਕਤ ਮਾਮਲੇ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਸੀ, ਪ੍ਰੰਤੂ ਇਸ ਨੂੰ ਵਿਰੋਧੀ ਧਿਰ ਵੱਲੋਂ ਰਾਜਨੀਤਕ ਮੁੱਦਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਅਧਿਕਾਰੀ ਦੀਆਂ ਹਦਾਇਤਾਂ ਸਬੰਧੀ ਪਾਰਟੀ ਵਰਕਰਾਂ ਨੂੰ ਆਪਣੇ ਪੱਧਰ ’ਤੇ ਸਖ਼ਤ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਕਿ ਕਿਸੇ ਵੀ ਤਰ੍ਹਾਂ ਨਾਲ ਚੋਣ ਜ਼ਾਬਤੇ ਦੀ ਉਲੰਘਣਾ ਨਾ ਕੀਤੀ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਦੁਬਾਰਾ ਅਜਿਹਾ ਨਹੀਂ ਹੋਵੇਗਾ ਅਤੇ ਚੋਣ ਜ਼ਾਬਤੇ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇਗਾ।
(ਬਾਕਸ ਆਈਟਮ)
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਚੰਦੂਮਾਜਰਾ ਪੋਸਟਰ ਮਾਮਲੇ ਸਬੰਧੀ ਟਿੱਪਣੀ ਕਰਦਿਆਂ ਕਿਹਾ ਕਿ ਚੋਣ ਅਧਿਕਾਰੀ ਵੱਲੋਂ ਮਹਿਜ ਖਾਨਾਪੂਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਹਲਕਾ ਇੰਚਾਰਜ ਨੂੰ ਨੋਟਿਸ ਜਾਰੀ ਕਰਨ ਦੀ ਕੋਈ ਤੁਕ ਨਹੀਂ ਬਣਦੀ ਹੈ। ਕਿਉਂਕਿ ਚੋਣ ਅਧਿਕਾਰੀ ਵੱਲੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਿੱਧੇ ਤੌਰ ’ਤੇ ਨੋਟਿਸ ਜਾਰੀ ਕਰਨਾ ਬਣਦਾ ਹੈ। ਉਨ੍ਹਾਂ ਕਿਹਾ ਕਿ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਕਰਵਾਉਣ ਸਬੰਧੀ ਜਲਦੀ ਹੀ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…