
ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਣ ’ਤੇ ਵਲੰਟੀਅਰਾਂ ਵਿੱਚ ਖ਼ੁਸ਼ੀ ਦੀ ਲਹਿਰ, ਲੱਡੂ ਵੰਡੇ
ਮੁੱਖ ਮੰਤਰੀ ਬਣ ਕੇ ਪੰਜਾਬ ਦੇ ਲੋਕਾਂ ਦੇ ਚਿਹਰਿਆਂ ’ਤੇ ਖ਼ੁਸ਼ੀ ਲਿਆਉਣਗੇ ਭਗਵੰਤ ਮਾਨ: ਕੁਲਵੰਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ:
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰਾ ਦਾ ਉਮੀਦਵਾਰ ਐਲਾਨੇ ਜਾਣ ’ਤੇ ਆਪ ਵਲੰਟੀਅਰਾਂ ਵਿੱਚ ਬੇਹੱਦ ਖ਼ੁਸ਼ੀ ਪਾਈ ਜਾ ਰਹੀ ਹੈ। ਮੁਹਾਲੀ ਤੋਂ ਆਪ ਦੇ ਉਮੀਦਵਾਰ ਕੁਲਵੰਤ ਸਿੰਘ ਦੇ ਇੱਥੋਂ ਦੇ ਸੈਕਟਰ79 ਸਥਿਤ ਮੁੱਖ ਚੋਣ ਦਫ਼ਤਰ ਦੇ ਬਾਹਰ ਆਪ ਵਲੰਟੀਅਰਾਂ ਨੇ ਖ਼ੁਸ਼ੀ ਵਿੱਚ ਭੰਗੜੇ ਪਾਏ ਅਤੇ ਲੱਡੂ ਵੰਡੇ ਗਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਹੀ ਅਜਿਹਾ ਇਕਲੌਤਾ ਚਿਹਰਾ ਹੈ, ਜੋ ਸੰਸਦ ਮੈਂਬਰ ਵਜੋਂ ਪਾਰਲੀਮੈਂਟ ਵਿੱਚ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਪੂਰੀ ਦ੍ਰਿੜ੍ਹਤਾ ਨਾਲ ਮੁੱਦੇ ਉਭਾਰਦੇ ਰਹੇ ਹਨ। ਜਦੋਂਕਿ ਪੰਜਾਬ ਦੇ ਬਾਕੀ ਪਾਰਲੀਮੈਂਟ ਮੈਂਬਰਾਂ ਨੇ ਕਦੇ ਵੀ ਆਪਣਾ ਮੂੰਹ ਨਹੀਂ ਖੋਲ੍ਹਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੀਆਂ ਲੋੜਾਂ ਅਤੇ ਦਰਦ ਨੂੰ ਸਮਝ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ 75 ਸਾਲ ਤੋਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੀਆਂ ਗਲਤ ਨੀਤੀਆਂ ਦਾ ਸੰਤਾਪ ਹੰਢਾਉਂਦੇ ਆ ਰਹੇ ਹਨ। ਜਿਸ ਕਾਰਨ ਸੂਬੇ ਦੇ ਲੋਕਾਂ ਦਾ ਇਨ੍ਹਾਂ ਰਵਾਇਤੀ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਤੀਜਾ ਬਦਲ ਕੇ ਉੱਭਰ ਰਹੀ ਹੈ ਅਤੇ ਲੋਕਾਂ ਨੂੰ ਇਸ ਪਾਰਟੀ ਤੋਂ ਬਹੁਤ ਸਾਰੀਆਂ ਆਸਾਂ ਅਤੇ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਹੋਰ ਵੀ ਬਹੁਤ ਸਾਰੀਆਂ ਰਾਜਸੀ ਪਾਰਟੀਆਂ ਚੋਣ ਮੈਦਾਨ ਵਿੱਚ ਕੁੱਦੀਆਂ ਹਨ ਪ੍ਰੰਤੂ ਆਮ ਆਦਮੀ ਪਾਰਟੀ ਦਾ ਆਪਣਾ ਵੱਖਰਾ ਹੀ ਗਰਾਫ਼ ਹੈ ਅਤੇ ਪੰਜਾਬ ਦੇ ਲੋਕ ਇਸ ਵਾਰ ‘ਆਪ’ ਨੂੰ ਸੂਬੇ ਦੀ ਸੇਵਾ ਦਾ ਮੌਕਾ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਬਹੁਤ ਹੀ ਵਧੀਆ, ਇਮਾਨਦਾਰ ਅਤੇ ਸੁਲਝੇ ਹੋਏ ਆਗੂ ਹਨ, ਜਿਨ੍ਹਾਂ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨ ਕੇ ਵਲੰਟੀਅਰਾਂ ਦਾ ਮਾਣ ਵਧਾਇਆ ਹੈ।
ਇਸ ਮੌਕੇ ਆਜ਼ਾਦ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਸਰਬਜੀਤ ਸਿੰਘ, ਸਾਬਕਾ ਕੌਂਸਲਰ ਫੂਲਰਾਜ ਸਿੰਘ, ਸੁਰਿੰਦਰ ਸਿੰਘ ਰੋਡਾ, ਪਰਮਜੀਤ ਸਿੰਘ ਕਾਹਲੋਂ, ਅਕਵਿੰਦਰ ਸਿੰਘ ਗੋਸਲ, ਕੁਲਦੀਪ ਸਿੰਘ, ਬਲਰਾਜ ਸਿੰਘ ਗਿੱਲ, ਬਲਬੀਰ ਸਿੰਘ ਸੋਹਲ, ਸੁਖਮਿੰਦਰ ਸਿੰਘ ਬਰਨਾਲਾ, ਜਸਪਾਲ ਸਿੰਘ ਮਟੌਰ, ਨੰਬਰਦਾਰ ਹਰਸੰਗਤ ਸਿੰਘ, ਹਰਬਿੰਦਰ ਸਿੰਘ ਸੈਣੀ ਅਤੇ ਰਵਿੰਦਰ ਸਿੰਘ ਵੀ ਮੌਜੂਦ ਸਨ।