Nabaz-e-punjab.com

ਆਪ ਵਲੰਟੀਅਰਾਂ ਨੇ ਮਹਿੰਗਾਈ ਖ਼ਿਲਾਫ਼ ਡੀਸੀ ਦਫ਼ਤਰ ਦੇ ਬਾਹਰ ਕੀਤਾ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਦਸੰਬਰ:
ਆਮ ਆਦਮੀ ਪਾਰਟੀ (ਆਪ) ਵੱਲੋਂ ਅੱਜ ਮੁਹਾਲੀ ਵਿੱਚ ਡੀਸੀ ਦਫ਼ਤਰ ਦੇ ਮੁੱਖ ਗੇਟ ਦੇ ਅੰਦਰ ਦਾਖ਼ਲ ਹੋ ਕੇ ਮਹਿੰਗਾਈ ਦੇ ਖ਼ਿਲਾਫ਼ ਧਰਨਾ ਦਿੱਤਾ ਗਿਆ। ਆਪ ਵਲੰਟੀਅਰਾਂ ਨੇ ਡੀਸੀ ਦੇ ਮੁੱਖ ਗੇਟ ਦੇ ਅੰਦਰ ਦਾਖ਼ਲ ਹੋ ਕੇ ਪਿਆਜ਼ ਜ਼ਮੀਨ ’ਤੇ ਸੁੱਟ ਕੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਹੁਕਮਰਾਨਾਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦੀ ਅਗਵਾਈ ਆਪ ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਲਾਲੀ ਰਾਜ ਗਿੱਲ ਅਤੇ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਨੇ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪਿਆਜ਼ 100 ਰੁਪਏ ਕਿੱਲੋ ਵਿਕ ਰਿਹਾ ਹੈ ਅਤੇ ਹੋਰ ਦਾਲ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਜ਼ਿਆਦਾ ਹੋਣ ਕਾਰਨ ਗਰੀਬ ਲੋਕਾਂ ਨੂੰ ਵੱਡੀ ਮਾਰ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਨਿੱਤ ਵਰਤੋਂ ਦੀਆਂ ਚੀਜ਼ਾਂ ਆਮ ਆਦਮੀ ਦੀ ਪਹੁੰਚ ਤੋਂ ਦੂਰ ਹੁੰਦੀਆਂ ਜਾ ਰਹੀਆਂ ਹਨ। ਲਗਾਤਾਰ ਵਧ ਰਹੀ ਮਹਿੰਗਾਈ ਨੇ ਗ਼ਰੀਬ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ।
ਮੀਤ ਪ੍ਰਧਾਨ ਜਗਦੇਵ ਸਿੰਘ ਮਲੋਆ ਨੇ ਕਿਹਾ ਕਿ ਪੰਜਾਬ ਵਿੱਚ ਮੁਲਾਜ਼ਮਾਂ ਸਮੇਤ ਸਾਰੇ ਵਰਗਾਂ ਨਾਲ ਧੱਕਾ ਹੋ ਰਿਹਾ ਹੈ ਅਤੇ ਇਨਸਾਫ਼ ਪ੍ਰਾਪਤੀ ਲਈ ਲੋਕਾਂ ਨੂੰ ਸੜਕਾਂ ’ਤੇ ਆਉਣਾ ਪੈ ਰਿਹਾ ਹੈ ਪ੍ਰੰਤੂ ਪੀੜਤਾਂ ਲੋਕਾਂ ਨੂੰ ਇਨਸਾਫ਼ ਦੀ ਥਾਂ ਸਰਕਾਰ ਪੁਲੀਸ ਤੋਂ ਲਾਠੀਚਾਰਜ ਕਰਵਾ ਕਰਕੇ ਸ਼ਰ੍ਹੇਆਮ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਅਦਾਲਤ ਵੱਲੋਂ ਲੋਕਾਂ ਨੂੰ ਸਾਰੀਆਂ ਮੁੱਢਲੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਿੱਖਿਆ ਅਤੇ ਸਿਹਤ ਸੇਵਾਵਾਂ ਬਿਲਕੁਲ ਮੁਫ਼ਤ ਹਨ ਪ੍ਰੰਤੂ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਮਹਿੰਗਾਈ ਚਰਮ ਸੀਮਾ ’ਤੇ ਪਹੁੰਚ ਗਈ ਹੈ।
ਸ੍ਰੀਮਤੀ ਗਿੱਲ ਨੇ ਕਿਹਾ ਕਿ ਅਜੋਕੇ ਵਿੱਚ ਦੇਸ਼ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਘਰੇਲੂ ਅੌਰਤਾਂ ਤੇ ਕੰਮਕਾਜੀ ਅੌਰਤਾਂ ਅਤੇ ਵਿਦਿਆਰਥਣਾਂ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਅੌਰਤਾਂ ਅਤੇ ਨੌਜਵਾਨਾਂ ਮੁਟਿਆਰਾਂ ਨਾਲ ਜਬਰ ਜਨਾਹ ਅਤੇ ਛੇੜਛਾੜ ਦੀਆਂ ਘਟਨਾਵਾਂ ਰੋਜ਼ਾਨਾ ਅਖ਼ਬਾਰਾਂ ਦੀਆਂ ਸੁਰਖ਼ੀਆ ਬਣ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰੀਸ਼ ਕੌਸ਼ਲ, ਸਤਵੀਰ ਸਿੰਘ ਬਖ਼ਸ਼ੀਵਾਲਾ, ਗੁਰਮਿੰਦਰ ਮਿੱਤਲ, ਵਪਾਰ ਮੰਡਲ ਦੇ ਪ੍ਰਧਾਨ ਕੁਲਵੰਤ ਸਿੰਘ ਗਿੱਲ, ਰੇਸ਼ਮ ਸਿੰਘ ਡੇਰਾਬੱਸੀ ਸਮੇਤ ਹੋਰ ਵਲੰਟੀਅਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…