ਰਸੋਈ ਗੈਸ ਤੇ ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਆਪ ਵਲੰਟੀਅਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਦਿੱਤਾ ਵਿਸ਼ਾਲ ਧਰਨਾ

ਲੋਕਾਂ ਦੀ ਫਾਂਹ ਫੜਨ ਦੀ ਥਾਂ ਸਰਕਾਰ ਨੇ ਰੋਜ਼ਮੱਰਾ ਦੀਆਂ ਵਸਤੂਆਂ ਦੀ ਕੀਮਤ ’ਚ ਵਾਧਾ ਕਰਕੇ ਧੋਖਾ ਕੀਤਾ: ਗੋਲਡੀ

ਆਗਾਮੀ ਚੋਣਾਂ ਵਿੱਚ ਭਾਜਪਾ ਲੀਡਰਸ਼ਿਪ ਸੱਤਾ ਤੋਂ ਲਾਂਭੇ ਕੀਤਾ ਜਾਵੇ: ਪ੍ਰਭਜੋਤ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰਾਂ ਨੇ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਖ਼ਿਲਾਫ਼ ਸੋਮਵਾਰ ਨੂੰ ਮੁਹਾਲੀ ਵਿਖੇ ਡੀਸੀ ਦਫ਼ਤਰ ਦੇ ਬਾਹਰ ਕੇਂਦਰ ਸਰਕਾਰ ਵਿਰੁੱਧ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਅਤੇ ਹੁਕਮਰਾਨਾਂ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਧਰਨੇ ਦੀ ਅਗਵਾਈ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਤੇ ਜਨਰਲ ਸਕੱਤਰ ਪ੍ਰਭਜੋਤ ਕੌਰ ਨੇ ਕੀਤੀ। ਉਨ੍ਹਾਂ ਨੇ ਐਸਡੀਐਮ ਜਗਦੀਪ ਸਹਿਗਲ ਨੂੰ ਮੰਗ ਪੱਤਰ ਵੀ ਦਿੱਤਾ। ਜਿਸ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਦੀ ਗੁਹਾਰ ਲਗਾਈ।
ਇਸ ਮੌਕੇ ਬੋਲਦਿਆਂ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਦੇਸ਼ ਵਾਸੀ ਪਹਿਲਾਂ ਹੀ ਕਰੋਨਾ ਮਹਾਮਾਰੀ ਦੀ ਮਾਰ ਝੱਲ ਰਹੇ ਹਨ ਅਤੇ ਸਾਲ ਭਰ ਤੋਂ ਲੋਕਾਂ ਦੇ ਕਾਰੋਬਾਰ ਠੱਪ ਪਏ ਹਨ ਪ੍ਰੰਤੂ ਕੇਂਦਰ ਸਰਕਾਰ ਨੇ ਆਮ ਲੋਕਾਂ ਦੀ ਬਾਂਹ ਫੜਨ ਦੀ ਬਜਾਏ ਉਲਟਾ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੇ ਲੋਕਾਂ ਦੀਆਂ ਜੇਬਾਂ ’ਤੇ ਡਾਕਾ ਮਾਰਿਆ ਦਾ ਕੰਮ ਕੀਤਾ ਹੈ। ਅੱਛੇ ਦਿਨ ਲਿਆਉਣ ਦੇ ਝੂਠੇ ਵਾਅਦੇ ਕਰਕੇ ਸੱਤਾ ਹਥਿਆਉਣ ਵਾਲੀ ਮੋਦੀ ਸਰਕਾਰ ਨੂੰ ਘੇਰਦਿਆਂ ਪ੍ਰਭਜੋਤ ਕੌਰ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਮਹਿੰਗਾਈ ਨੂੰ ਨੱਥ ਨਹੀਂ ਪਾ ਸਕਦੀ ਤਾਂ ਭਾਜਪਾ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਹੱਕ ਨਹੀਂ। ਉਨ੍ਹਾਂ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਵੇਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਦਾ ਸਫ਼ਾਇਆ ਕੀਤਾ ਹੈ, ਓਵੇਂ ਆਗਾਮੀ ਚੋਣਾਂ ਵਿੱਚ ਭਾਜਪਾ ਲੀਡਰਸ਼ਿਪ ਸੱਤਾ ਤੋਂ ਲਾਂਭੇ ਕੀਤਾ ਜਾਵੇ ਅਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦਿੱਤਾ ਜਾਵੇ।
ਇਸ ਮੌਕੇ ਸੂਬਾ ਆਗੂ ਸ੍ਰੀਮਤੀ ਰਾਜ ਗਿੱਲ, ਗੁਰਿੰਦਰ ਸਿੰਘ ਕੈਰੋਂ, ਬਹਾਦਰ ਸਿੰਘ ਚਾਹਲ, ਗੋਵਿੰਦਰ ਮਿੱਤਲ, ਐਡਵੋਕੇਟ ਅਮਰਦੀਪ ਕੌਰ, ਕੁਲਜੀਤ ਸਿੰਘ ਰੰਧਾਵਾ, ਨਵਜੋਤ ਸੈਣੀ, ਸਵਰਨਜੀਤ ਕੌਰ ਬਲਟਾਣਾ, ਸਵੀਟੀ ਸ਼ਰਮਾ, ਹਰਜੀਤ ਸਿੰਘ ਬੰਟੀ, ਗੁਰਤੇਜ ਸਿੰਘ ਪੰਨੂ, ਕੌਂਸਲਰ ਰਾਮ ਸਰੂਪ ਸ਼ਰਮਾ ਅਤੇ ਅਰੁਨਾ ਸ਼ਰਮਾ, ਵਿਨੀਤ ਵਰਮਾ, ਅਤੁਲ ਸ਼ਰਮਾ, ਕਸ਼ਮੀਰ ਕੌਰ, ਸਾਬਕਾ ਜ਼ਿਲ੍ਹਾ ਪ੍ਰਧਾਨ ਹਰੀਸ਼ ਕੌਸ਼ਲ, ਇਕਬਾਲ ਸਿੰਘ, ਯੂਥ ਆਗੂ ਜਗਦੇਵ ਸਿੰਘ ਮਲੋਆ, ਯੋਧਾ ਸਿੰਘ ਮਾਨ, ਗੱਜਣ ਸਿੰਘ, ਮਨਦੀਪ ਮਟੌਰ, ਅਜੀਤ ਕਾਂਸਲ ਸਮੇਤ ਹੋਰਨਾਂ ਆਗੂਆਂ ਅਤੇ ਸਰਗਰਮ ਵਲੰਟੀਅਰਾਂ ਨੇ ਸ਼ਿਰਕਤ ਕੀਤੀ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…