ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਬਣਾਉਣ ਤੇ ਵੋਟ ਦੀ ਸਹੀ ਵਰਤੋਂ ਬੇਹੱਦ ਜ਼ਰੂਰੀ: ਜ਼ਿਲ੍ਹਾ ਚੋਣ ਅਫ਼ਸਰ

18 ਤੋਂ 19 ਸਾਲ ਦੇ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਸਵੀਪ ਅਧਿਕਾਰੀਆਂ ਨੂੰ ਨਿਰਦੇਸ਼

ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਕੀਤਾ ਜਾ ਰਿਹਾ ਜਾਗਰੂਕ

ਵੋਟਿੰਗ ਪ੍ਰਕਿਰਿਆ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਵੀਪ ਗਤੀਵਿਧੀਆਂ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਦਸੰਬਰ:
ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਮੁਹਾਲੀ ਸਮੇਤ ਖਰੜ ਅਤੇ ਡੇਰਾਬੱਸੀ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਲਈ ਖਾਸ ਕਰਕੇ ਨੌਜਵਾਨ ਵੋਟਰਾਂ ਨੂੰ ਚੋਣ ਪ੍ਰਕਿਰਿਆ ਦਾ ਹਿੱਸਾ ਬਣਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੀਪ ਨੋਡਲ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਲਈ ਹਰੇਕ ਨੌਜਵਾਨ ਨੂੰ 18 ਸਾਲ ਦਾ ਹੋਣ ਉੱਤੇ ਆਪਣੀ ਵੋਟ ਬਣਾਉਣ ਅਤੇ ਵੋਟ ਦੀ ਸਹੀ ਵਰਤੋਂ ਕਰਨ ਸਬੰਧੀ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਸਵੀਪ ਦੇ ਨੋਡਲ ਅਫ਼ਸਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਜ਼ਿਲ੍ਹੇ ਦੇ ਹਰ ਸਕੂਲ, ਕਾਲਜ, ਉਹ ਸਰਕਾਰੀ ਹੈ ਜਾਂ ਪ੍ਰਾਈਵੇਟ ਵਿੱਚ ਪਹੁੰਚ ਕੇ 18 ਤੋਂ 19 ਸਾਲ ਦੇ ਨੌਜਵਾਨ ਜੋ ਵੋਟ ਬਣਾਉਣ ਦੇ ਯੋਗ ਹੋ ਗਏ ਹਨ ਉਨ੍ਹਾਂ ਦੇ ਫਾਰਮ ਭਰਵਾ ਕੇ ਵੋਟਾ ਬਣਾਉਣੀਆਂ ਯਕੀਨੀ ਬਣਾਉਣ। ਇਸ ਦੇ ਨਾਲ ਹੀ ਸ਼ਹਿਰੀ ਖੇਤਰ ਵਿੱਚ ਪੈਂਦੇ ਮਾਲਜ਼ ਵਿੱਚ ਜਾ ਕੇ, ਕਲਚਰ ਗਤੀਵਿਧੀਆਂ ਰਾਹੀ ਨੌਜਵਾਨ ਵੋਟਰਾਂ ਨੂੰ ਆਪਣੀਆਂ ਵੋਟਾਂ ਬਣਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ ਦਿੱਤੀ।
ਡੀਸੀ ਵੱਲੋਂ ਇਹ ਨਿਰਦੇਸ਼ ਵੀ ਦਿੱਤੇ ਗਏ ਹਰ ਸਕੂਲ, ਕਾਲਜ ਵਿੱਚ ਜਿੱਥੇ ਪੋਲਿੰਗ ਸਟੇਸ਼ਨ ਬਣਨਾ ਹੈ ਤੇ ਪੰਜ ਅਜਿਹੇ ਵਲੰਟੀਅਰ ਤਿਆਰ ਕੀਤੇ ਜਾਣ ਜੋ ਲੋੜ ਪੈਣ ਤੇ ਅਪੰਗ ਜਾਂ ਬਜ਼ੁਰਗ ਵਿਅਕਤੀਆਂ ਦੀ ਸਹਾਇਤਾ ਕਰ ਸਕਣ। ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਹਰੇਕ ਯੋਗ ਨਾਗਰਿਕ ਨੂੰ ਵੋਟ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ, ਜਿਸ ਦੀ ਵਰਤੋਂ ਕਰਕੇ ਅਸੀਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ। ਉਨ੍ਹਾਂ ਨੇ ਵੋਟਰਾਂ ਨੂੰ ਜਮਹੂਰੀ ਪ੍ਰੰਪਰਾਵਾਂ ਨੂੰ ਬਣਾਈ ਰੱਖਣ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ ਬਿਨਾਂ ਕਿਸੇ ਡਰ, ਭੈਅ, ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਸਬੰਧੀ ਜਾਗਰੂਕ ਕਰਨ ਸਬੰਧੀ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਹਰੇਕ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਉਹ ਨਿਰਪੱਖ ਹੋ ਕੇ ਸਹੀ ਉਮੀਦਵਾਰਾਂ ਨੂੰ ਹੀ ਵੋਟ ਪਾਵੇ ਤਾਂ ਜੋ ਸਾਡਾ ਦੇਸ਼ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਆਂਗਣਵਾੜੀ ਵਰਕਰਾਂ ਦੇ ਵੋਟਰ ਜਾਗਰੂਕਤਾ ਸਬੰਧੀ ਸਲੋਗਨ ਲੇਖਣ, ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲਿਆਂ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਲਾਲਚ ਅਤੇ ਡਰ ਤੋਂ ਕਰਨ ਲਈ ਪ੍ਰੇਰਨ ਵਾਸਤੇ ਸਵੀਪ ਗਤੀਵਿਧੀਆਂ ਤਹਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਵੋਟ ਦੇ ਬਹੁਮੁੱਲੇ ਅਧਿਕਾਰ ਦੀ ਮਹੱਤਤਾ ਬਾਰੇ ਚੇਤਨ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਮਤਦਾਨ ਲਈ ਜਾਗਰੂਕ ਸਬੰਧੀ ਸਵੀਪ ਗਤੀਵਿਧੀਆਂ ਜਾਰੀ ਰਹਿਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਚੋਣ ਪ੍ਰਕਿਰਿਆ ਦਾ ਹਿੱਸਾ ਬਣਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਈਵੀਐਮ/ਵੀਵੀ ਪੈਟ ਮਸ਼ੀਨ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …