
ਲੋਕਤੰਤਰ ਦੀ ਨੀਂਹ ਮਜ਼ਬੂਤ ਬਣਾਉਣ ਲਈ ਮਤਦਾਨ ਕਰਨਾ ਵੋਟਰ ਦੀ ਨੈਤਿਕ ਜ਼ਿੰਮੇਵਾਰੀ: ਕੁਲਵੰਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਸੈਕਟਰ-71 ਸਥਿਤ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੋਲਿੰਗ ਬੂਥ ’ਤੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੋਟ ਪਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਤੰਤਰ ਦੀ ਨੀਂਹ ਮਤਦਾਨ ਤੋਂ ਹੀ ਸ਼ੁਰੂ ਹੁੰਦੀ ਹੈ। ਇਸ ਨੀਂਹ ਨੂੰ ਮਜ਼ਬੂਤ ਬਣਾਉਣਾ ਹਰੇਕ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ। ਜਿਸ ਕਾਰਨ ਅੱਜ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਆਪਣੇ ਘਰਾਂ ’ਚੋਂ ਬਾਹਰ ਨਿਕਲ ਕੇ ਮਤਦਾਨ ਕਰਨ ਲਈ ਭਾਰੀ ਉਤਸ਼ਾਹ ਦਿਖਾਇਆ ਹੈ। ਉਨ੍ਹਾਂ ਕਿਹਾ ਕਿ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਆਪ ਦੇ ਹੱਕ ਵਿੱਚ ਨਤੀਜੇ ਆਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਮੁਹਾਲੀ ਨੂੰ ਸਿੱਖਿਆ, ਸਿਹਤ, ਆਈਟੀ ਅਤੇ ਸਨਅਤੀ ਹੱਬ ਵਜੋਂ ਵਿਸਕਤ ਕੀਤਾ ਜਾਵੇਗਾ ਅਤੇ ਇਲਾਕੇ ਦੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਆਜ਼ਾਦ ਕੌਂਸਲਰ ਸਰਬਜੀਤ ਸਿੰਘ ਸਮਾਣਾ ਅਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ।