ਵਿਜੀਲੈਂਸ ਵੱਲੋਂ ਵਸੀਕਾ ਨਵੀਸ 35 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਤਹਿਸੀਲ ਡੇਰਾਬੱਸੀ ਦੇ ਵਸੀਕਾ ਨਵੀਸ ਲਖਬੀਰ ਸਿੰਘ ਨੂੰ 35 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੇ ਖ਼ਿਲਾਫ਼ ਮੁਹਾਲੀ ਸਥਿਤ ਵਿਜੀਲੈਂਸ ਥਾਣਾ ਉਡਣ ਦਸਤਾ-1 ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਰਿਸ਼ਵਤਖ਼ੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਅਮਨਦੀਪ ਸਿੰਘ ਵਾਸੀ ਪਿੰਡ ਜੜੌਤ (ਡੇਰਾਬੱਸੀ) ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਆਨਲਾਈਨ ਸ਼ਿਕਾਇਤ ਦਿੱਤੀ ਸੀ। ਜਿਸ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਅਤੇ ਮੁੱਢਲੀ ਜਾਂਚ ਵਿੱਚ ਵਸੀਕਾ ਨਵੀਸ ਨੂੰ ਕਸੂਰਵਾਰ ਮੰਨਦੇ ਹੋਏ ਉਸ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ।
ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਨੂੰ ਭੇਜੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਪਰੋਕਤ ਵਸੀਕਾ ਨਵੀਸ ਨੇ ਉਸ ਦੇ ਪਿਤਾ ਵੱਲੋਂ ਵੇਚੀ ਜਾਣ ਵਾਲੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 45 ਹਜ਼ਾਰ ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਹਿਲਾਂ ਹੀ ਉਸ ਤੋਂ ਰਜਿਸਟਰੀ ਫੀਸ ਦੀ ਕੁੱਲ ਰਕਮ ਦੇ ਇੱਕ ਫ਼ੀਸਦ ਬਤੌਰ ਕਮਿਸ਼ਨ 35 ਹਜ਼ਾਰ ਰੁਪਏ ਰਿਸ਼ਵਤ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਸੀ। ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ ’ਤੇ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ।
ਵਿਜੀਲੈਂਸ ਅਨੁਸਾਰ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਵਸੀਕਾ ਨਵੀਸ ਨੇ ਸ਼ਿਕਾਇਤ ਕਰਤਾ ਤੋਂ 35 ਹਜ਼ਾਰ0 ਰੁਪਏ ਦੀ ਰਿਸ਼ਵਤ ਵਸੂਲ ਕੀਤੀ ਸੀ ਅਤੇ ਬਾਕੀ ਰਕਮ ਦੂਜੀ ਕਿਸ਼ਤ ਵਿੱਚ ਅਦਾ ਕੀਤੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੇ ਆਧਾਰ ’ਤੇ ਵਸੀਕਾ ਨਵੀਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …