Nabaz-e-punjab.com

ਪਾਣੀ ਸੰਕਟ: ਪਿੰਡ ਸੋਹਾਣਾ ਦੇ ਵਸਨੀਕਾਂ ਵੱਲੋਂ ਜਲਘਰ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਪਿੰਡ ਸੋਹਾਣਾ ਲਈ ਟਿਊਬਵੈੱਲ ਲਗਾਉਣ ਲਈ 8 ਮਹੀਨੇ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਪੈਸਿਆਂ ਦੀ ਅਦਾਇਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਨਵੰਬਰ:
ਮੁਹਾਲੀ ਨਗਰ ਨਿਗਮ ਦੇ ਅਧੀਨ ਆਉਂਦੇ ਪਿੰਡ ਸੋਹਾਣਾ ਦੇ ਵਸਨੀਕ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਹਾਲਾਂਕਿ ਸਾਲ ਪਹਿਲਾਂ ਨਗਰ ਨਿਗਮ ਵੱਲੋਂ ਸੋਹਾਣਾ ਵਿੱਚ ਨਵਾਂ ਟਿਊਬਵੈੱਲ ਲਗਾਉਣ ਦਾ ਮਤਾ ਕੀਤਾ ਗਿਆ ਸੀ ਅਤੇ ਜਲ ਸਪਲਾਈ ਵਿਭਾਗ ਨੂੰ 8 ਮਹੀਨੇ ਪਹਿਲਾਂ ਹੀ ਪੌਣੇ 24 ਲੱਖ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ ਪ੍ਰੰਤੂ ਹੁਣ ਤੱਕ ਨਵਾਂ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ ਨਹੀਂ ਹੋਇਆ। ਜਿਸ ਕਾਰਨ ਅੱਜ ਅਕਾਲੀ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਪੁਰਾਣੇ ਜਲਘਰ ਦੇ ਬਾਹਰ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਦੇ ਖ਼ਿਲਾਫ਼ ਵਿਸ਼ਾਲ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਨੰਬਰਦਾਰ ਹਰਵਿੰਦਰ ਸਿੰਘ ਅਤੇ ਚਰਨਜੀਤ ਕੌਰ ਸਮੇਤ ਹੋਰਨਾਂ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਵੱਲੋਂ ਸੋਹਾਣਾ ਵਿੱਚ ਨਵੇਂ ਟਿਊਬਵੈੱਲ ਦੇ ਰਾਹ ਵਿੱਚ ਜਾਣਬੁੱਝ ਕੇ ਅੜਿੱਕੇ ਪਾਏ ਜਾ ਰਹੇ ਹਨ ਕਿਉਂਕਿ ਸੋਹਾਣਾ ਵਿੱਚ ਤਿੰਨੇ ਕੌਂਸਲਰ ਅਕਾਲੀ ਦਲ ਦੇ ਹਨ। ਨਗਰ ਨਿਗਮ ਚੋਣਾਂ ਨੇੜੇ ਆਉਣ ਕਾਰਨ ਹੁਕਮਰਾਨ ਨਹੀਂ ਚਾਹੁੰਦੇ ਕਿ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸੁਵਿਧਾ ਮਿਲੇ ਅਤੇ ਉਸ ਦਾ ਸਿਹਰਾ ਅਕਾਲੀ ਕੌਂਸਲਰਾਂ ਨੂੰ ਨਾ ਜਾਵੇ।
ਅਕਾਲੀ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ ਨੇ ਦੱਸਿਆ ਕਿ ਉਨ੍ਹਾਂ ਦੀ ਮੰਗ ’ਤੇ ਅਕਤੂਬਰ 2018 ਨੂੰ ਨਗਰ ਨਿਗਮ ਦੀ ਮੀਟਿੰਗ ਵਿੱਚ ਸੋਹਾਣਾ ਵਿੱਚ 31.99 ਲੱਖ ਦੀ ਲਾਗਤ ਨਾਲ ਨਵਾਂ ਟਿਊਬਵੈੱਲ ਲਗਾਉਣ ਦਾ ਮਤਾ ਪਾਸ ਕੀਤਾ ਗਿਆ ਸੀ ਅਤੇ ਇਸ ਵਰ੍ਹੇ ਮਾਰਚ ਵਿੱਚ ਜਲ ਸਪਲਾਈ ਵਿਭਾਗ ਨੂੰ ਨਵਾਂ ਟਿਊਬਵੈੱਲ ਲਗਾਉਣ ਲਈ 23 ਲੱਖ 75 ਹਜ਼ਾਰ ਰੁਪਏ ਦਾ ਚੈੱਕ ਵੀ ਦਿੱਤਾ ਜਾ ਚੁੱਕਾ ਹੈ ਲੇਕਿਨ ਅੱਠ ਮਹੀਨੇ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ ਨਹੀਂ ਹੋਇਆ। ਜਿਸ ਕਾਰਨ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਹੈ ਅਤੇ ਲੋਕ ਪਾਣੀ ਲਈ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਪੁਰਾਣਾ ਟਿਊਬਵੈੱਲ ਅਕਸਰ ਖ਼ਰਾਬ ਰਹਿੰਦਾ ਹੈ ਅਤੇ ਹਫ਼ਤੇ ਵਿੱਚ ਦੋ ਵਾਰ ਮੋਟਰ ਸੜ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਨੇ ਨਵਾਂ ਟਿਊਬਵੈੱਲ ਲਗਾਉਣ ਦਾ ਕੰਮ ਤੁਰੰਤ ਸ਼ੁਰੂ ਨਹੀਂ ਕੀਤਾ ਗਿਆ ਤਾਂ ਪਿੰਡ ਵਾਸੀਆਂ ਵੱਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
(ਬਾਕਸ ਆਈਟਮ)
ਜਲ ਸਪਲਾਈ ਵਿਭਾਗ ਦੇ ਐਕਸੀਅਨ ਸਾਹਿਲ ਸ਼ਰਮਾ ਨੇ ਕਿਹਾ ਕਿ ਸੋਹਾਣਾ ਵਿੱਚ ਨਵਾਂ ਟਿਊਬਵੈੱਲ ਲਗਾਉਣ ਲਈ ਕੰਪਨੀ ਨੂੰ ਕੰਮ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਪਿਛਲੇ ਦਿਨਾਂ ਵਿੱਚ ਹੀ ਟਿਊਬਵੈੱਲ ਲਾਉਣ ਦਾ ਕੰਮ ਸ਼ੁਰੂ ਹੋ ਜਾਣਾ ਸੀ ਪ੍ਰੰਤੂ ਕੌਮੀ ਤਿਉਹਾਰਾਂ ਦੇ ਮੱਦੇਨਜ਼ਰ ਲੇਬਰ ਨਾ ਮਿਲਣ ਕਾਰਨ ਇਹ ਕੰਮ ਲੇਟ ਹੋ ਗਿਆ। ਉਨ੍ਹਾਂ ਕਿਹਾ ਕਿ ਇਕ ਦੋ ਦਿਨਾਂ ਵਿੱਚ ਟਿਊਬਵੈੱਲ ਲਗਾਉਣ ਲਈ ਮਸ਼ੀਨਰੀ ਪਹੁੰਚ ਜਾਵੇਗੀ ਅਤੇ ਸੋਮਵਾਰ ਤੋਂ ਬਾਅਦ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਅਧਿਕਾਰੀ ਨੇ ਕਿਹਾ ਕਿ ਅਗਲੇ 15 ਦਿਨਾਂ ਵਿੱਚ ਟਿਊਬਵੈੱਲ ਲਗਾਉਣ ਦਾ ਕੰਮ ਨੇਪਰੇ ਚਾੜ੍ਹ ਲਿਆ ਜਾਵੇਗਾ ਅਤੇ ਪਿੰਡ ਵਾਸੀਆਂ ਨੂੰ ਨਵੇਂ ਟਿਊਬਵੈੱਲ ਤੋਂ ਲੋੜ ਅਨੁਸਾਰ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…