Share on Facebook Share on Twitter Share on Google+ Share on Pinterest Share on Linkedin ਜਲ ਸੰਕਟ: ਮੁਹਾਲੀ ਵਿੱਚ ਪਾਣੀ ਸਪਲਾਈ ਦਾ ਮਸਲਾ 24 ਘੰਟੇ ਵਿੱਚ ਹੱਲ ਕੀਤਾ ਜਾਵੇਗਾ: ਜੀਤੀ ਸਿੱਧੂ ਸ਼ਹਿਰ ਵਾਸੀਆਂ ਦੀ ਸਹੂਲਤ ਲਈ 4 ਹੋਰ ਨਵੇਂ ਟਿਊਬਵੈੱਲ ਚਾਲੂ ਹੋ ਜਾਣਗੇ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਮੇਅਰ ਨੇ ਜਨ ਸਿਹਤ ਵਿਭਾਗ ਤੇ ਨਿਗਮ ਅਫ਼ਸਰਾਂ ਨਾਲ ਕੀਤੀ ਮੀਟਿੰਗ ਨਬਜ਼-ਏ-ਪੰਜਾਬ, ਮੁਹਾਲੀ, 21 ਜੁਲਾਈ: ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਭਰੋਸਾ ਦਿੱਤਾ ਕਿ ਮੁਹਾਲੀ ਦੇ ਕੁਝ ਸੈਕਟਰਾਂ ਵਿੱਚ ਪਾਣੀ ਦੀ ਸਪਲਾਈ ਨੂੰ ਲੈ ਕੇ ਆ ਰਹੀਆਂ ਦਿੱਕਤਾਂ ਨੂੰ ਅਗਲੇ 24 ਘੰਟਿਆਂ ਵਿੱਚ ਹੱਲ ਕਰ ਲਿਆ ਜਾਵੇਗਾ। ਮੇਅਰ ਨੇ ਜਲ ਸੰਕਟ ਦੇ ਮੱਦੇਨਜ਼ਰ ਅੱਜ ਜਨ ਸਿਹਤ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਵਿੱਚ ਪਾਣੀ ਸਪਲਾਈ ਦੀ ਜ਼ਿੰਮੇਵਾਰੀ ਜਨ ਸਿਹਤ ਵਿਭਾਗ ਕੋਲ ਹੈ ਪਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਨਗਰ ਨਿਗਮ ਵੱਲੋਂ ਟਿਊਬਵੈੱਲਾਂ ਰਾਹੀਂ ਪਾਣੀ ਦੀ ਸਪਲਾਈ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਤੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ 4 ਹੋਰ ਟਿਊਬਵੈੱਲ ਚਾਲੂ ਹੋ ਜਾਣਗੇ। ਮੇਅਰ ਜੀਤੀ ਸਿੱਧੂ ਨੇ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਕਜੌਲੀ ਤੋਂ ਪੂਰੇ ਪਾਣੀ ਦੀ ਸਪਲਾਈ ਲਈ ਚੱਲ ਰਹੇ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੇਅਰ ਨੂੰ ਦੱਸਿਆ ਕਿ ਕਜੌਲੀ ਤੋਂ ਸਿੱਧੇ ਪਾਣੀ ਦੀ ਸਪਲਾਈ ਵਾਲੀ ਪਾਈਪਲਾਈਨ ਹੜ੍ਹਾਂ ਦੇ ਪਾਣੀ ਦੇ ਤੇਜ਼ ਵਹਾਅ ਕਾਰਨ ਟੁੱਟ ਗਈ ਸੀ, ਜਿਸ ਕਾਰਨ ਸ਼ਹਿਰ ਵਿੱਚ ਪਾਣੀ ਦਾ ਸੰਕਟ ਖੜਾ ਹੋ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਾਈਪਲਾਈਨ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਪਾਣੀ ਦੀਆਂ ਟੈਂਕੀਆਂ ਦੀਆਂ ਕੀਮਤਾਂ ਵਧਾਉਣ ਨੂੰ ਗਲਤ ਦੱਸਦਿਆਂ ਜੀਤੀ ਸਿੱਧੂ ਨੇ ਕਿਹਾ ਕਿ ਸਬੰਧਤ ਵਿਭਾਗਾਂ ਅਤੇ ਧਿਰਾਂ ਨਾਲ ਸਹਿਮਤੀ ਤੋਂ ਬਾਅਦ ਜਲਦੀ ਹੀ ਪਾਣੀ ਦੀਆਂ ਟੈਂਕੀਆਂ ਲਈ ਵਾਜਬ ਕੀਮਤ ਨੀਤੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਇਹ ਯਕੀਨੀ ਬਣਾਏਗਾ ਕਿ ਇਸ ਸੰਕਟ ਦੀ ਘੜੀ ਵਿੱਚ ਆਮ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕੌਂਸਲਰਾਂ ਨੂੰ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦੀ ਸਲਾਹ ਵੀ ਦਿੱਤੀ। ਮੇਅਰ ਨੇ ਕਿਹਾ ਕਿ ਸ਼ਹਿਰ ਵਿੱਚ ਡੇਂਗੂ, ਡਾਇਰੀਆ ਅਤੇ ਹੈਜ਼ੇ ਦੇ ਕੇਸ ਸਾਹਮਣੇ ਆਏ ਹਨ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਉਨ੍ਹਾਂ ਥਾਵਾਂ ’ਤੇ ਨਿਗਰਾਨੀ ਰੱਖਣ ਦੇ ਵੀ ਨਿਰਦੇਸ਼ ਦਿੱਤੇ ਜਿੱਥੇ ਪਾਣੀ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ। ਜਿੱਥੇ ਲੋਕ ਖੜ੍ਹੇ ਪਾਣੀ ਦੀ ਸੂਚਨਾ ਦੇ ਸਕਦੇ ਹਨ। ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਨੇ ਵੀ ਜਨ ਸਿਹਤ ਵਿਪਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਮੀਟਿੰਗ ਵਿੱਚ ਕਮਿਸ਼ਨਰ ਅਤੇ ਸੁਪਰਡੈਂਟ ਇੰਜੀਨੀਅਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ