nabaz-e-punjab.com

ਬਰਸਾਤੀ ਪਾਣੀ ਨੂੰ ਸੰਭਾਲ ਕੇ ਜ਼ਮੀਨ ਹੇਠਲੇ ਪਾਣੀ ਦੇ ਲੈਵਲ ਵਿੱਚ ਸੁਧਾਰ ਲਿਆਂਦਾ ਜਾਵੇ: ਬੇਦੀ

ਆਪਣੇ ਘਰਾਂ ਵਿੱਚ ਵਾਟਰ ਹਾਰਵੈਸਟਿੰਗ ਪਲਾਂਟ ਲਗਾਉਣ ਦੇ ਚਾਹਵਾਨ ਲੋਕਾਂ ਨੂੰ ਕਰਜ਼ਾ ਮੁਹੱਈਆ ਕਰਵਾਉਣ ਦੀ ਮੰਗ

ਪਾਰਕਾਂ ਤੇ ਘਰਾਂ ਵਿੱਚ ਅਜਿਹੇ ਪਲਾਂਟ ਲਗਾਉਣ ਲਈ ਨਗਰ ਨਿਗਮ ਅਤੇ ਗਮਾਡਾ ਅਧਿਕਾਰੀਆਂ ਨੂੰ ਪੱਤਰ ਲਿਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੂਨ:
ਜ਼ਮੀਨ ਹੇਠਲੇ ਪਾਣੀ ਦੇ ਲਗਾਤਾਰ ਹੇਠਾਂ ਜਾ ਰਹੇ ਪੱਧਰ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਵੱਲੋਂ ਬਰਸਾਤੀ ਪਾਣੀ ਦੀ ਸਾਂਭ-ਸੰਭਾਲ ਕਰਨ ਅਤੇ ਇਸ ਨੂੰ ਜ਼ਮੀਨ ਦੇ ਹੇਠਾਂ ਪਹੁੰਚਾਉਣ ਲਈ ਜੰਗੀ ਪੱਧਰ ’ਤੇ ਕਾਰਵਾਈ ਆਰੰਭੀ ਜਾਵੇ। ਨਹੀਂ ਤਾਂ ਆਉਣ ਵਾਲੇ ਸਮੇਂ ਨਵੀਆਂ ਪੀੜ੍ਹੀਆਂ ਨੂੰ ਪਾਣੀ ਦੀ ਬੂੰਦ ਬੂੰਦ ਲਈ ਤਰਸਣਾ ਪੈ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਰਟੀਆਈ ਕਾਰਕੁਨ ਤੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਲਈ ਜ਼ਰੂਰੀ ਹੈ ਕਿ ਨਗਰ ਨਿਗਮ ਅਤੇ ਗਮਾਡਾ ਵੱਲੋਂ ਸਮਾਂ ਰਹਿੰਦਿਆਂ ਅਜਿਹੇ ਕਦਮ ਚੁੱਕੇ ਜਾਣ ਤਾਂ ਜੋ ਵਿਅਰਥ ਜਾਂਦੇ ਬਰਸਾਤੀ ਪਾਣੀ ਨੂੰ ਸੰਭਾਲ ਕੇ ਧਰਤੀ ਹੇਠਾਂ ਪਹੁੰਚਾਇਆ ਜਾ ਸਕੇ।
ਇਸ ਸਬੰਧੀ ਸ੍ਰੀ ਬੇਦੀ ਨੇ ਅੱਜ ਗਮਾਡਾ ਅਤੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਨੂੰ ਸੰਭਾਲ ਕੇ ਜ਼ਮੀਨ ਹੇਠਲੇ ਪਾਣੀ ਦੇ ਲੈਵਲ ਵਿੱਚ ਸੁਧਾਰ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਜ਼ਮੀਨ ਹੇਠਲਾ ਪਾਣੀ ਵੱਖ ਵੱਖ ਸਰੋਤਾਂ ਰਾਹੀਂ ਲਗਾਤਾਰ ਕੱਢਿਆ ਜਾ ਰਿਹਾ ਹੈ ਜਿਸ ਕਾਰਨ ਇਸਦਾ ਪੱਧਰ ਲਗਾਤਾਰ ਨੀਵਾਂ ਹੁੰਦਾ ਜਾ ਰਿਹਾ ਹੈ। ਇਸ ਸਥਿਤੀ ਵਿੱਚ ਸੁਧਾਰ ਲਈ ਜ਼ਰੂਰੀ ਹੈ ਕਿ ਜ਼ਮੀਨ ਦੇ ਹੇਠਾਂ ਪਾਣੀ ਪਹੁੰਚਾਇਆ ਜਾਵੇ ਜਿਹੜਾ ਆਉਣ ਵਾਲੇ ਸਾਲਾਂ ਦੌਰਾਨ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਈ ਹੋਵੇ।
ਇਸ ਸਬੰਧੀ ਸ੍ਰੀ ਬੇਦੀ ਨੇ ਮੁਹਾਲੀ ਦੇ ਮੇਅਰ ਅਤੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਸ਼ਹਿਰ ਦੇ ਵੱਖ ਵੱਖ ਪਾਰਕਾਂ ਅਤੇ ਗਰੀਨ ਬੈਲਟਾਂ ਵਿੱਚ ਇਕੱਠੇ ਹੋਣ ਵਾਲੇ ਬਰਸਾਤ ਦੇ ਪਾਣੀ ਨੂੰ ਬਚਾਉਣ ਲਈ ਇਨ੍ਹਾਂ ਸਾਰੀਆਂ ਥਾਵਾਂ ’ਤੇ ਰੇਨ ਵਾਟਰ ਹਾਰਵੈਸਟਿੰਗ ਪਲਾਂਟ ਲਗਵਾਏ ਜਾਣ। ਉਨ੍ਹਾਂ ਕਿਹਾ ਕਿ ਜੇਕਰ ਨਗਰ ਨਿਗਮ ਵੱਲੋਂ ਇਹ ਪਲਾਂਟ ਲਗਵਾ ਦਿੱਤੇ ਜਾਂਦੇ ਹਨ ਤਾਂ ਇਹ ਸਾਰਾ ਪਾਣੀ ਜ਼ਮੀਨ ਦੇ ਹੇਠਾਂ ਜਾਣ ਨਾਲ ਬਰਸਾਤ ਦੌਰਾਨ ਸ਼ਹਿਰ ਵਿੱਚ ਥਾਂ ਥਾਂ ’ਤੇ ਪਾਣੀ ਖੜ੍ਹਨ ਅਤੇ ਭਾਰੀ ਬਰਸਾਤ ਹੋਣ ਦੌਰਾਨ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖ਼ਲ ਹੋਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸ਼ਹਿਰ ਵਿੱਚ ਜਿਹੜੇ ਵਿਅਕਤੀ ਆਪਣੇ ਘਰਾਂ ਵਿੱਚ ਵਾਟਰ ਹਾਰਵੈਸਟਿੰਗ ਪਲਾਂਟ ਲਗਾਉਣ ਦੇ ਚਾਹਵਾਨ ਹਨ। ਉਨ੍ਹਾਂ ਨੂੰ ਨਿਗਮ ਵੱਲੋਂ ਬਿਨਾਂ ਵਿਆਜ ਤੋਂ ਕਰਜ਼ਾ ਮੁਹੱਈਆ ਕਰਵਾਇਆ ਜਾਵੇ ਜਿਹੜਾ ਬਾਅਦ ਵਿੱਚ ਆਸਾਨ ਕਿਸ਼ਤਾਂ ਰਾਹੀਂ ਵਾਪਸ ਵਸੂਲਿਆ ਜਾਵੇ।
ਉਨ੍ਹਾਂ ਦੱਸਿਆ ਕਿ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਮੰਗ ਕੀਤੀ ਹੈ ਕਿ ਗਮਾਡਾ ਵੱਲੋਂ ਮਕਾਨਾਂ ਦਾ ਨਕਸ਼ਾ ਪਾਸ ਕਰਨ ਵੇਲੇ ਉਸ ਵਿੱਚ ਰੇਨ ਹਾਰਵੈਸਟਿੰਗ ਪਲਾਂਟ ਦੀ ਸ਼ਰਤ ਜੋੜੀ ਜਾਵੇ ਤਾਂ ਜੋ ਅੱਗੇ ਤੋਂ ਸ਼ਹਿਰ ਵਿੱਚ ਜਿਹੜੇ ਵੀ ਮਕਾਨ ਬਣਨ ਉਨ੍ਹਾਂ ਵਿੱਚ ਪਹਿਲਾਂ ਤੋਂ ਹੀ ਬਰਸਾਤੀ ਪਾਣੀ ਨੂੰ ਸੰਭਾਲ ਕੇ ਜ਼ਮੀਨ ਹੇਠਾਂ ਭੇਜਣ ਦਾ ਪ੍ਰਬੰਧ ਹੋਵੇ। ਉਨ੍ਹਾਂ ਕਿਹਾ ਕਿ ਅਜਿਹਾ ਕੀਤਾ ਜਾਣਾ ਬਹੁਤ ਜ਼ਰੂਰੀ ਹੈ ਅਤੇ ਜੇਕਰ ਅਸੀਂ ਹੁਣ ਵੀ ਨਾ ਸੰਭਲੇ ਤਾਂ ਆਉਣ ਵਾਲੇ ਸਮੇਂ ਵਿੱਚ ਇਹ ਇਲਾਕਾ ਪਾਣੀ ਦੀ ਭਾਰੀ ਕਮੀ ਦਾ ਸ਼ਿਕਾਰ ਹੋ ਜਾਵੇਗਾ ਅਤੇ ਇਸਦੀ ਸਜਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਭੁਗਤਣੀ ਪਵੇਗੀ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਸ਼ਹਿਰ ਵਾਸੀਆਂ ਨੂੰ ਵੀ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ ਅਤੇ ਆਪਣੇ ਘਰਾਂ ਵਿੱਚ ਰੇਨ ਵਾਟਰ ਹਰਵੈਸਟਿੰਗ ਪਲਾਂਟ ਲਗਾਉਣੇ ਚਾਹੀਦੇ ਹਨ ਤਾਂ ਜੋ ਜ਼ਮੀਨ ਹੇਠਲੇ ਪਾਣੀ ਦੇ ਲਗਾਤਾਰ ਡਿੱਗਦੇ ਪੱਧਰ ਨੂੰ ਕਾਬੂ ਕੀਤਾ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…