Nabaz-e-punjab.com

ਮੁਹਾਲੀ ਦੇ ਫੇਜ਼-3ਬੀ2 ਤੇ ਹੋਰਨਾਂ ਇਲਾਕਿਆਂ ਵਿੱਚ ਪਾਣੀ ਨੂੰ ਲੈ ਕੇ ਹਾਹਾਕਾਰ

ਕਜੌਲੀ ਵਾਟਰ ਵਰਕਸ ਤੋਂ ਸਿੱਧੇ ਪਾਣੀ ਦੀ ਸਪਲਾਈ ਵਾਲਾ ਪ੍ਰਾਜੈਕਟ ਵੀ ਲਮਕਿਆ, ਟਰੀਟਮੈਂਟ ਪਲਾਂਟ ਦਾ ਕੰਮ ਵੀ ਠੰਢੇ ਬਸਤੇ

ਪੀਣ ਵਾਲੇ ਪਾਣੀ ਦੇ ਤੁਰੰਤ ਪੁਖ਼ਤਾ ਪ੍ਰਬੰਧ ਕਰ ਕੇ ਲੋਕਾਂ ਨੂੰ ਰਾਹਤ ਦੇਵੇ ਮੁਹਾਲੀ ਪ੍ਰਸ਼ਾਸਨ: ਕੁਲਜੀਤ ਬੇਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ:
ਗਰਮੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਮੁਹਾਲੀ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਵੀ ਸ਼ੁਰੂ ਹੋ ਗਈ ਹੈ। ਇੱਥੋਂ ਦੇ ਫੇਜ਼-3ਬੀ2 ਦੇ ਰਿਹਾਇਸ਼ੀ ਖੇਤਰ ਸਮੇਤ ਹੋਰਨਾਂ ਇਲਾਕਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਪਾਣੀ ਦੀ ਸਮੱਸਿਆ ਆ ਰਹੀ ਹੈ। ਪਾਣੀ ਦਾ ਪ੍ਰੈਸ਼ਰ ਏਨਾ ਘੱਟ ਹੈ ਕਿ ਪਹਿਲੀ ਮੰਜ਼ਲ ’ਤੇ ਵੀ ਪਾਣੀ ਨਹੀਂ ਪਹੁੰਚ ਰਿਹਾ ਹੈ। ਜਿਸ ਕਾਰਨ ਲੋਕਾਂ ਦੇ ਘਰਾਂ ਦੀਆਂ ਛੱਤਾਂ ਉੱਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਵੀ ਖਾਲੀ ਪਈਆਂ ਹਨ ਅਤੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੁਹਾਲੀ ਨਗਰ ਨਿਗਮ ਦੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਮੁਹਾਲੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਾਣੀ ਦੀ ਇਸ ਗੰਭੀਰ ਸਮੱਸਿਆ ਦੇ ਤੁਰੰਤ ਹੱਲ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਦਰਅਸਲ ਪ੍ਰਸ਼ਾਸਨ ਵੱਲੋਂ ਗਰਮੀ ਦੇ ਮੌਸਮ ਵਿੱਚ ਪਾਣੀ ਦੀ ਸਪਲਾਈ ਲਈ ਅਗਾਊਂ ਯੋਜਨਾਬੰਦੀ ਨਹੀਂ ਕੀਤੀ ਜਾਂਦੀ। ਜਿਸ ਕਾਰਨ ਲੋਕ ਪਿਛਲੇ ਲੰਮੇ ਅਰਸੇ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ। ਇਹ ਸਮੱਸਿਆ ਘਟਣ ਦੀ ਥਾਂ ਹਰ ਸਾਲ ਵਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਖ ਵੱਖ ਖੇਤਰਾਂ ਵਿੱਚ ਪਾਣੀ ਦੀ ਸਪਲਾਈ ਦਾ ਸਮਾਂ ਤੈਅ ਕਰੇ ਅਤੇ ਪਾਣੀ ਦਾ ਪ੍ਰੈਸ਼ਰ ਵਧਾਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਇਸ ਸਮੱਸਿਆ ਨੂੰ ਠੱਲ੍ਹ ਪਾਈ ਜਾ ਸਕਦੀ ਹੈ।
ਸ੍ਰੀ ਬੇਦੀ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਮੁਹਾਲੀ ਸ਼ਹਿਰ ਨੂੰ ਸਿੱਧੇ ਪਾਣੀ ਦੀ ਸਪਲਾਈ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਲੋਕਹਿਤ ਪਟੀਸ਼ਨ ਦਾਇਰ ਕੀਤੀ ਸੀ। ਪ੍ਰੰਤੂ ਦੁੱਖ ਇਸ ਗੱਲ ਦਾ ਹੈ ਕਿ ਮੁਹਾਲੀ ਪ੍ਰਸ਼ਾਸਨ ਇਸ ਮਸਲੇ ਦੇ ਹੱਲ ਲਈ ਗੰਭੀਰ ਨਹੀਂ ਹੈ। ਹਾਲਾਂਕਿ ਇਸ ਸਬੰਧੀ ਗਮਾਡਾ ਨੇ ਆਪਣਾ ਪੱਖ ਰੱਖਦਿਆਂ ਮੁਹਾਲੀ ਵਾਸੀਆਂ ਨੂੰ ਲੋੜ ਅਨੁਸਾਰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਹਾਈ ਕੋਰਟ ਵਿੱਚ ਹਲਫ਼ਨਾਮਾ ਵੀ ਦਾਇਰ ਕੀਤਾ ਸੀ, ਪ੍ਰੰਤੂ ਪਿਛਲੇ ਕਈ ਸਾਲਾਂ ਵਿੱਚ ਕਜੌਲੀ ਤੋਂ ਸਿੱਧੇ ਪਾਈਪਲਾਈਨ ਦਾ ਪ੍ਰਾਜੈਕਟ ਹਾਲੇ ਤੱਕ ਸਿਰੇ ਨਹੀਂ ਚੜ੍ਹਿਆ। ਇਹੀ ਨਹੀਂ ਪਿੰਡ ਜੰਡਪੁਰ ਵਿੱਚ ਬਣਨ ਵਾਲਾ ਵਾਟਰ ਟਰੀਟਮੈਂਟ ਪਲਾਂਟ ਦਾ ਕੰਮ ਵੀ ਠੰਢੇ ਬਸਤੇ ਵਿੱਚ ਪਿਆ ਹੈ। ਜਿਸ ਦਾ ਖ਼ਮਿਆਜ਼ਾ ਸ਼ਹਿਰ ਵਾਸੀਆਂ ਨੂੰ ਭੁਗਤਨਾ ਪੈ ਰਿਹਾ ਹੈ।
ਸ੍ਰੀ ਬੇਦੀ ਨੇ ਕਿਹਾ ਕਿ ਗਮਾਡਾ ਅਤੇ ਮੁਹਾਲੀ ਨਗਰ ਨਿਗਮ ਵੱਲੋਂ ਕਰੋੜਾਂ ਰੁਪਏ ਟੈਕਸਾਂ ਦੇ ਰੂਪ ਵਿੱਚ ਲੋਕਾਂ ਤੋਂ ਵਸੂਲੀ ਕੀਤੀ ਜਾਂਦੀ ਹੈ ਪ੍ਰੰਤੂ ਇਸ ਦੇ ਬਾਵਜੂਦ ਜਲ ਸਪਲਾਈ ਵਿਭਾਗ, ਗਮਾਡਾ ਅਤੇ ਨਗਰ ਨਿਗਮ ਮੁਹਾਲੀ ਵਾਸੀਆਂ ਦੀ ਪਿਆਸ ਬੁਝਾਉਣ ਵਿੱਚ ਬੂਰੀ ਤਰ੍ਹਾਂ ਫੇਲ ਸਾਬਤ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਪਾਣੀ ਦੀ ਸਪਲਾਈ ਵਿੱਚ ਸੁਧਾਰ ਨਹੀਂ ਲਿਆਂਦਾ ਗਿਆ ਤਾਂ ਉਹ ਸ਼ਹਿਰ ਦੇ ਲੋਕਾਂ ਨੂੰ ਨਾਲ ਲੈ ਕੇ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਗੇ। ਇਸ ਮੌਕੇ ਜਤਿੰਦਰ ਸਿੰਘ ਜੌਲੀ ਭੱਟੀ, ਮਾ. ਰਾਮ ਸਰੂਪ ਜੋਸ਼ੀ, ਦਲਬੀਰ ਸਿੰਘ ਕਾਨੂੰਗੋਈ, ਨਵਨੀਤ ਤੋਕੀ, ਪੀਐਸ ਗਿੱਲ, ਮਹਿੰਦਰੂ, ਤਿਲਕ ਰਾਜ ਸ਼ਰਮਾ, ਨਰਿੰਦਰ ਮੋਦੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…