ਨਸ਼ਿਆਂ ਦੇ ਖ਼ਾਤਮੇ ਲਈ ਸਾਨੂੰ ਸਾਰਿਆਂ ਨੂੰ ਸਾਂਝੀ ਲੜਾਈ ਲੜਨ ਦੀ ਲੋੜ: ਡੀਸੀ ਆਸ਼ਿਕਾ ਜੈਨ

ਨਸ਼ਿਆਂ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਕਾਰਵਾਈ ਦੀ ਸਮੀਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਾਂਝੀ ਲੜਾਈ ਲੜਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਨੌਜਵਾਨ ਵਰਗ ਅਤੇ ਮੀਡੀਆ ਇਸ ਦਿਸ਼ਾ ਵਿੱਚ ਅਹਿਮ ਰੋਲ ਨਿਭਾ ਸਕਦਾ ਹੈ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋਟਿਕਸ ਕੋਆਰਡੀਨੇਸ਼ਨ ਸੈਂਟਰ (ਐਨਸੀਓਆਰਡੀ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੁਹਾਲੀ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ।
ਡੀਸੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਸਿਵਲ ਤੇ ਪੁਲੀਸ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਮੁਹਾਲੀ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਕਰਵਾਈਆਂ ਜਾਣ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਸਮੇਤ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਜਾਣਕਾਰੀ ਦਿੱਤੀ ਜਾਵੇ।
ਸ੍ਰੀਮਤੀ ਜੈਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸੂਬੇ ਵਿੱਚ ਨਸ਼ਿਆਂ ਦੇ ਖ਼ਾਤਮੇ ਦਾ ਪੱਧਰਾ ਹੋ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਟੁੱਟ ਚੁੱਕੀ ਹੈ ਅਤੇ ਹੁਣ ਲੋਕਾਂ ਦੇ ਸਹਿਯੋਗ ਨਾਲ ਪੂਰਨ ਰੂਪ ਵਿੱਚ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇ। ਡੀਸੀ ਨੇ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਰੇਖਾਂਕਿਤ ਕਰਦਿਆਂ ਕਿਹਾ ਕਿ ਪੁਲੀਸ ਨੇ ਪਹਿਲਾਂ ਹੀ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਵਿੱਢੀ ਹੋਈ ਹੈ, ਜਿਸ ਕਾਰਨ ਵੱਡੇ ਨਸ਼ਾ ਤਸਕਰਾਂ ਨੂੰ ਸਲਾਖ਼ਾਂ ਪਿੱਛੇ ਡੱਕਿਆ ਗਿਆ ਹੈ।
ਇਸ ਮੌਕੇ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਵੱਲੋਂ ਨਸ਼ਿਆਂ ਬਾਰੇ ਸ਼ਿਕਾਇਤ ਦੇਣ ਲਈ ਜਨਤਕ ਥਾਵਾਂ ’ਤੇ ਸ਼ਿਕਾਇਤ ਬਾਕਸ ਲਗਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਪੁਲੀਸ ਦੇ ਇਸ ਉਪਰਾਲਾ ਦੀ ਸ਼ਲਾਘਾ ਕਰਦਿਆਂ ਪੂਰੇ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਸ਼ਿਕਾਇਤ ਤੇ ਸੁਝਾਅ ਬਕਸੇ ਲਗਾਏ ਜਾਣ। ਉਨ੍ਹਾਂ ਨੇ ਏਡੀਸੀ ਅਤੇ ਐਸਡੀਐਮਜ਼ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਮੀਟਿੰਗ ਵਿੱਚ ਏਡੀਸੀ (ਜਨਰਲ) ਅਮਨਿੰਦਰ ਕੌਰ ਬਰਾੜ, ਐੱਸਡੀਐਮ ਸਰਬਜੀਤ ਕੌਰ, ਐੱਸਡੀਐਮ ਖਰੜ ਰਵਿੰਦਰ ਸਿੰਘ ਅਤੇ ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਐੱਸਪੀ ਅਮਨਦੀਪ ਸਿੰਘ ਬਰਾੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles

Check Also

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’ ਸੀਐਮ ਦੀ ਯੋਗਸ਼ਾਲਾ ਦਾ ਲੋ…