Share on Facebook Share on Twitter Share on Google+ Share on Pinterest Share on Linkedin ਅਸੀਂ ਆਪਣੀ ਨਹੀਂ, ਪੰਜਾਬ ਅਤੇ ਪੰਜਾਬੀ ਦੀ ਰੱਖਿਆ ਕਰਨੀ ਹੈ : ਭਗਵੰਤ ਮਾਨ ਜੇ ਪੰਜਾਬ ਵਿੱਚ ਮੈਂ ਸੁਰੱਖਿਅਤ ਨਹੀਂ, ਤਾਂ ਕੌਣ ਸੁਰੱਖਿਅਤ ਹੈ? : ਭਗਵੰਤ ਨਬਜ਼-ਏ-ਪੰਜਾਬ ਬਿਊਰੋ, ਸ੍ਰੀ ਆਨੰਦੁਪਰ ਸਾਹਿਬ (ਰੋਪੜ), 5 ਫਰਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ‘ਮਿਸ਼ਨ ਪੰਜਾਬ 2022’ ਦੇ ਤਹਿਤ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਹਰਜੋਤ ਬੈਂਸ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ‘ਚ ਚੋਣ ਪ੍ਰਚਾਰ ਕੀਤਾ। ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮਾਨ ਨੇ ਵੱਖ ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੱੜ ਖੁਸ਼ਹਾਲ ਪੰਜਾਬ ਬਣਾਉਣ ਲਈ 20 ਫਰਵਰੀ ਦੇ ਦਿਨ ‘ਝਾੜੂ’ ਵਾਲਾ ਬਟਨ ਦਬਾ ਕੇ ਆਪਣੀ ਸਰਕਾਰ ਆਪ ਬਣਾਉਣ। ਇਸ ਸਮੇਂ ਲੋਕਾਂ ਵਿੱਚ ਭਾਰੀ ਉਤਸ਼ਾਹ ਪ੍ਰਗਟ ਕੀਤਾ ਅਤੇ ਫੁੱਲ ਬਰਸਾ ਕੇ ਅਤੇ ਹਾਰ ਪਾ ਕੇ ਮਾਨ ਦਾ ਸਵਾਗਤ ਕਰ ਰਹੇ ਸਨ। ਸ਼ਨੀਵਾਰ ਨੂੰ ਭਗਵੰਤ ਮਾਨ ਨੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਭਰਤਗੜ, ਨੰਗਲ ਟਰੱਕ ਯੂਨੀਅਨ ਚੌਕ ਅਤੇ ਗੋਹਾਲਨੀ ਇਲਾਕੇ ਵਿੱਚ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਉਮੀਦਵਾਰ ਹਰਜੋਤ ਬੈਂਸ ਦੇ ਹੱਕ ਵਿੱਚ ਵੋਟ ਪਾਉਣ ਅਤੇ ‘ਆਪ’ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਮਾਨ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਨਾ ਲੋਕ ਸੁਰੱਖਿਅਤ ਹਨ ਅਤੇ ਨਾ ਹੀ ਸ੍ਰੀ ਗੁਰੂ ਗਰੰਥ ਸਾਹਿਬ ਸਮੇਤ ਹੋਰ ਧਰਮਿਕ ਗਰੰਥ ਸੁਰੱਖਿਅਤ ਹਨ। ਪਿੱਛਲੀਆਂ ਕਮਜ਼ੋਰ ਸਰਕਾਰਾਂ ਕਾਰਨ ਪੰਜਾਬ ਵਿੱਚ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ। ਉਨਾਂ ਕਿਹਾ ਕਿ ਕਾਂਗਰਸੀ ਆਗੂਆਂ ਦੀ ਕੁਰਸੀ ਦੀ ਲੜਾਈ ਦੇ ਚੱਲਦਿਆਂ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰਾਂ ਵਿਗੜ ਗਈ, ਜਿਸ ਦਾ ਖਮਿਆਜਾ ਪੰਜਾਬ ਦੇ ਦੇ ਲੋਕਾਂ ਨੂੰ ਭੁਗਤਨਾ ਪਿਆ। ਕਾਂਗਰਸ ਦੇ ਆਗੂ ਅਤੇ ਮੰਤਰੀ ਲੋਕਾਂ ਲਈ ਕੰਮ ਕਰਨ ਦੀ ਥਾਂ ਪੰਜ ਸਾਲ ਤੱਕ ਸੱਤਾ ਲਈ ਆਪਸ ਵਿੱਚ ਹੀ ਲੜਦੇ ਰਹੇ ਅਤੇ ਇੱਕ ਦੂਜੇ ਦੀਆਂ ਲੱਤਾਂ ਖਿੱਚਦੇ ਰਹੇ। ਮਾਨ ਨੇ ਕਿਹਾ ਕਿ ਜੇ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਅੱਜ ਕਿਸੇ ਦੀ ਮੁੱੜ ਬੇਅਦਬੀਆਂ ਕਰਨ ਦੀ ਹਿੰਮਤ ਨਹੀਂ ਸੀ ਪੈਣੀ। ਪਰ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਾਂਝੀ ਸਰਕਾਰ ਦੀ ਤਰਾਂ ਕਾਂਗਰਸ ਸਰਕਾਰ ਨੇ ਵੀ ਬੇਅਦਬੀ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਕੋਈ ਸਜ਼ਾ ਦੇਣ ਦੀ ਥਾਂ ਉਸ ਦਾ ਰਾਜਨੀਤਿਕ ਲਾਹਾ ਖੱਟਿਆ। ਉਨਾਂ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਬੇਅਦਬੀ, ਗੋਲੀਕਾਂਡ ਅਤੇ ਬੰਬ ਧਮਾਕੇ ਜਿਹੇ ਮਾਮਲਿਆਂ ਦੀ ਨਿਰਪੱਖਤਾ ਨਾਲ ਜਾਂਚ ਕਰਵਾ ਕੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਨੂੰ ਸਖ਼ਤ ਦੇਵੇਗੀ ਅਤੇ ਪੰਜਾਬ ਵਿੱਚ ਅਮਨ ਸ਼ਾਂਤੀ ਤੇ ਭਾਈਚਾਰਾ ਕਾਇਮ ਰੱਖੇਗੀ। ਇੱਕ ਸਵਾਲ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਉਸ ਨੂੰ ਕਿਸੇ ਵਿਸ਼ੇਸ਼ ਸੁਰੱਖਿਆ ਦੀ ਲੋੜ ਨਹੀਂ। ਸਾਨੂੰ ਆਪਣੀ ਸੁਰੱਖਿਆ ਦੀ ਚਿੰਤਾਂ ਨਹੀਂ, ਸਗੋਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਦਾ ਫਿਕਰ ਹੈ। ਜਦੋਂ ਤੱਕ ਪੰਜਾਬ ਦੇ ਤਿੰਨ ਕਰੋੜ ਲੋਕ ਅਤੇ ਸਾਰੇ ਧਰਮਾਂ ਦੇ ਧਾਰਮਿਕ ਗਰੰਥ ਸੁਰੱਖਿਅਤ ਨਹੀਂ ਹੋ ਜਾਂਦੇ, ਉਨਾਂ ਨੂੰ ਕੋਈ ਵਿਸ਼ੇਸ਼ ਸੁਰੱਖਿਆ ਦੀ ਲੋੜ ਨਹੀਂ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਇਸ ਲਈ ‘ਆਪ’ ਦੀ ਜ਼ਿੰਮੇਵਾਰੀ ਸੁਰੱਖਿਆ ਵਿਵਸਥਾ ਨੂੰ ਸੁਧਾਰਨਾ ਹੈ, ਪੰਜਾਬ ਅਤੇ ਪੰਜਾਬੀਆਂ ਨੂੰ ਸੁਰੱਖਿਅਤ ਕਰਨਾ ਹੈ ਤਾਂ ਜੋ ਆਮ ਲੋਕ ਸੁਰੱਖਿਅਤ ਮਹਿਸੂਸ ਕਰਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਥਾਣਿਆਂ ਅਤੇ ਨਾਕਿਆਂ ‘ਤੇ ਪੁਲੀਸ ਦੀ ਭਾਰੀ ਕਮੀ ਹੈ, ਪਰ ਆਗੂਆਂ ਅਤੇ ਮੰਤਰੀਆਂ ਦੀ ਸੁਰੱਖਿਆ ਵਿੱਚ ਪੁਲੀਸ ਦੀ ਵੱਡੀ ਗਿਣਤੀ ਵਿੱਚ ਲਾਈ ਹੋਈ ਹੈ। ਪੁਲੀਸ ਦੇ ਜਵਾਨ ਵਿਧਾਇਕਾਂ, ਮੰਤਰੀਆਂ ਦੀਆਂ ਕੋਠੀਆਂ ਅਤੇ ਉਨਾਂ ਦੇ ਬੱਚਿਆਂ ਦੀ ਸੁਰੱਖਿਆ ਵਿੱਚ ਲੱਗੇ ਹੋਏ ਸਨ। ਇੱਥੋਂ ਤੱਕ ਕਿ ਬੱਚਿਆਂ ਨੂੰ ਸਕੂਲ ਛੱਡਣ, ਲੈ ਕੇ ਆਉਣ ਅਤੇ ਸੈਰ ਕਰਨ ਲਈ ਵੀ ਪੁਲੀਸ ਮੁਲਾਜ਼ਮਾਂ ਨੂੰ ਜਾਣਾ ਪੈਦਾ ਹੈ। ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਸੁਰੱਖਿਆ ਨੂੰ ਨਜ਼ਰਅੰਦਾਜ ਕਰਕੇ ਆਪਣੀ ਸੁਰੱਖਿਆਂ ਨੂੰ ਹੀ ਪਹਿਲ ਦਿੱਤੀ ਹੈ। ਉਨਾਂ ਕਿਹਾ ਕਿ ‘ਆਪ’ ਦੀ ਸਰਕਾਰ ਪੁਲੀਸ ਜਵਾਨਾਂ ਤੋਂ ਕੇਵਲ ਪੁਲੀਸ ਦਾ ਕੰਮ ਕਰਵਾਏਗੀ ਅਤੇ ਪੁਲੀਸ ਪ੍ਰਸ਼ਾਸਨ ਵਿੱਚ ਰਾਜਨੀਤਿਕ ਦਖ਼ਲਅੰਦਾਜ਼ੀ ਪੂਰੀ ਤਰਾਂ ਬੰਦ ਕਰ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਭ੍ਰਿਸ਼ਟਾਚਾਰ ਅਤੇ ਮਾਫੀਆ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਹਨ। ਸਰਕਾਰੀ ਛੱਤਰੀ ਵਿੱਚ ਚੱਲ ਰਹੇ ਰੇਤ ਮਾਫੀਆ, ਨਸ਼ਾ ਮਾਫੀਆ ਅਤੇ ਕੇਬਲ ਮਾਫੀਆ ਨੇ ਲੋਕਾਂ ਦਾ ਜੀਵਨ ਬਰਬਾਦ ਕਰ ਦਿੱਤਾ ਹੈ। ਬਾਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਵਿੰਚ ਮਾਫੀਆ ਦਾ ਬੋਲਬਾਲਾ ਰਿਹਾ ਅਤੇ ਮਾਫੀਆ ਆਗੂਆਂ ਨੇ ਮਿਲ ਕੇ ਗੈਰ ਕਾਨੂੰਨੀ ਕਾਰੋਬਾਰ ਚਲਾਇਆ। ਬਾਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਵਿੱਚ ਮਾਫੀਆ ਦੇ ਸਰਪ੍ਰਸਤ ਮੰਤਰੀਆਂ ਦੀ ਕੁਰਸੀਆਂ ‘ਤੇ ਬੈਠੇ ਸਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਾਸਨ ਵਿਵਸਥਾ ਵਿੱਚ ਫ਼ੈਲੇ ਭ੍ਰਿਸ਼ਟਾਚਾਰ ਅਤੇ ਸਾਰੇ ਤਰਾਂ ਦੇ ਮਾਫੀਆ ਨੂੰ ਪੂਰੀ ਤਰਾਂ ਖ਼ਤਮ ਕਰੇਗੀ ਅਤੇ ਪੰਜਾਬ ਨੂੰ ਵਿਕਾਸ ਦੀ ਰਾਹ ‘ਤੇ ਲੈ ਕੇ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ