
ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਾਂਗੇ: ਸਤਿੰਦਰ ਜੈਨ
ਆਪ ਆਗੂ ਸਤਿੰਦਰ ਜੈਨ ਨੇ ਬਲੌਂਗੀ ਨੇੜੇ ਪੈਲੇਸ ਵਿੱਚ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣੀਆਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ:
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਅੱਜ ਬਲੌਂਗੀ ਨੇੜੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵਪਾਰੀ ਵਰਗ ਬੁਰੀ ਤਰ੍ਹਾਂ ਤੰਗ ਪ੍ਰੇਸ਼ਾਨ ਹੈ। ਜਿਸ ਕਾਰਨ ਸੂਬੇ ਵਿੱਚ ਉਦਯੋਗਿਕ ਘਰਾਣੇ ਸਨਅਤਾਂ ਲਗਾਉਣ ਨੂੰ ਤਿਆਰ ਨਹੀਂ ਹਨ। ਇੱਥੇ ਬੁਨਿਆਦੀ ਢਾਂਚੇ ਦੀ ਬਹੁਤ ਵੱਡੀ ਸਮੱਸਿਆ ਹੈ ਅਤੇ ਕੋਈ ਵੀ ਕੰਮ ਰਿਸ਼ਵਤ ਤੋਂ ਬਿਨਾਂ ਨਹੀਂ ਹੁੰਦਾ ਹੈ। ਇਸ ਸਬੰਧੀ ਵਪਾਰੀ ਖ਼ੁਦ ਦੱਸਦੇ ਹਨ ਕਿ ਅਧਿਕਾਰੀ ਪੈਸੇ ਦੀ ਡਿਮਾਂਡ ਕਰਦੇ ਹਨ।
ਵਪਾਰ ਸ਼ੁਰੂ ਕਰਨ ਲਈ ਸਰਕਾਰ ਤੋਂ ਪ੍ਰਵਾਨਗੀ ਅਤੇ ਹੋਰਨਾਂ ਸ਼ਰਤਾਂ ਪੂਰੀਆਂ ਕਰਨ ਲਈ ਵਾਪਰੀਆਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਹੈ ਅਤੇ ਵਾਰ ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਢਣੇ ਪੈਂਦੇ ਹਨ। ਪੰਜਾਬ ਵਿੱਚ ਵਪਾਰੀਆਂ ਦੀ ਕੋਈ ਸੁਰੱਖਿਆ ਨਹੀਂ ਹੈ ਅਤੇ ਸੂਬੇ ਵਿੱਚ ਸਿਹਤ ਸੇਵਾਵਾਂ ਤਾ ਬਹੁਤ ਮਾੜਾ ਹਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ’ਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ ਅਤੇ ਵਪਾਰੀਆਂ ਲਈ ਸੁਰੱਖਿਅਤ ਮਾਹੌਲ ਪੈਦਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ 24 ਘੰਟਿਆਂ ਵਿੱਚ ਰਿਸ਼ਵਤਖ਼ੋਰੀ ਨੂੰ ਨੱਥ ਪਾਈ ਜਾਵੇਗੀ ਅਤੇ ਰਿਸ਼ਵਤਖ਼ੋਰ ਅਫ਼ਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਸ੍ਰੀ ਜੈਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਵਿੱਚ ਇੱਕ ਡਿਸਪੈਂਸਰੀ ਨੂੰ ਤਾਲਾ ਲੱਗਿਆ ਮਿਲਿਆ ਅਤੇ ਬਾਥਰੂਮ ਬਹੁਤ ਮਾੜੀ ਹਾਲਤ ਵਿੱਚ ਸਨ, ਦਵਾਈਆਂ ਵਾਲੇ ਕਮਰੇ ਵਿੱਚ ਧੂੜ ਜਮੀ ਹੋਈ ਸੀ ਅਤੇ ਉੱਥੇ ਦਵਾਈ ਨਾਮ ਦੀ ਕੋਈ ਚੀਜ਼ ਨਹੀਂ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਮੁੱਖ ਮੰਤਰੀ ਦੇ ਇਲਾਕੇ ਵਿੱਚ ਇਹ ਹਾਲ ਹੈ ਤਾਂ ਬਾਕੀ ਥਾਵਾਂ ਦੀ ਹਾਲਤ ਦਾ ਅੰਦਾਜਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ।
ਇਸ ਮੌਕੇ ‘ਆਪ’ ਦੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਵਿਨੀਤ ਵਰਮਾ, ਟਰੇਡ ਵਿੰਗ ਦੇ ਸੂਬਾ ਪ੍ਰਧਾਨ ਰਿੰਪੀ ਮਿੱਤਲ, ਸਹਿ ਪ੍ਰਧਾਨ ਅਨਿਲ ਠਾਕੁਰ, ਵਪਾਰ ਮੰਡਲ ਦੇ ਮੀਤ ਪ੍ਰਧਾਨ ਵਰਿੰਦਰ ਬੇਦੀ, ਸੀਨੀਅਰ ਆਗੂ ਡਾ. ਸੰਨੀ ਆਹਲੂਵਾਲੀਆ, ਐਡਵੋਕੇਟ ਅਮਰਦੀਪ ਕੌਰ, ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ, ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਵਪਾਰੀ ਅਤੇ ਕਾਰੋਬਾਰੀ ਹਾਜ਼ਰ ਸਨ।