Share on Facebook Share on Twitter Share on Google+ Share on Pinterest Share on Linkedin ਸਰਕਾਰੀ ਸਕੂਲਾਂ ਦੀ ਸ਼ਾਨ ਬਹਾਲ ਕਰਨ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡਾਂਗੇ: ਬੈਂਸ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ-2023 ਦਾ ਆਗਾਜ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ 2023 ਦਾ ਆਗਾਜ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖ਼ਲਾ ਵਧਾਉਣਾ ਹੈ। ਇਸ ਸਬੰਧੀ ਅੱਜ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਸਿੱਖਿਆ ਅਧਿਕਾਰੀਆਂ ਦੀ ਇੱਕ ਰੋਜ਼ਾ ਓਰੀਐਂਟੇਸ਼ਨ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਹਰਜੋਤ ਬੈਂਸ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਸ਼ਾਨ ਬਹਾਲ ਕਰਨ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। ਸ੍ਰੀ ਬੈਂਸ ਨੇ ਕਿਹਾ ਕਿ ਸਾਡਾ ਮਕਸਦ ਸਿਰਫ਼ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣਾ ਹੀ ਨਹੀਂ ਸਗੋਂ ਹਰੇਕ ਵਿਦਿਆਰਥੀ ਦਾ ਅਗਲੀ ਜਮਾਤ ਵਿੱਚ ਦਾਖ਼ਲਾ ਯਕੀਨੀ ਬਣਾਉਣਾ ਵੀ ਹੈ। ਉਨ੍ਹਾਂ ਜੋਰ ਦੇ ਕੇ ਆਖਿਆ ਕਿ ਲੰਮੀ ਗੈਰ ਹਾਜ਼ਰੀ ਕਾਰਨ ਸਕੂਲ ਛੱਡਣ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਅਧਿਕਾਰੀ ਵਿਸ਼ੇਸ਼ ਉਪਰਾਲੇ ਕਰਨ। ‘ਬਿਹਤਰ ਅਨੁਭਵ ਵਿੱਦਿਆ ਮਿਆਰੀ, ਮਾਣ ਪੰਜਾਬ ਦਾ ਸਕੂਲ ਸਰਕਾਰੀ ਦੇ ਨਾਅਰੇ ਨੂੰ ਸਾਕਾਰ ਕਰਨ ਦੀ ਹਦਾਇਤਾਂ ਜਾਰੀ ਕਰਦਿਆਂ ਮੰਤਰੀ ਨੇ ਕਿਹਾ ਕਿ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ। ਜਿਸਦੇ ਤਹਿਤ 31 ਮਾਰਚ ਤੱਕ ਹਰ ਸਕੂਲ ਵਿੱਚ ਵਿਦਿਆਰਥੀਆਂ ਦੇ ਬੈਠਣ ਲਈ ਬੈਂਚ ਮੁਹੱਈਆ ਕਰਵਾਏ ਜਾਣਗੇ ਅਤੇ ਧਾਰਮਿਕ ਸਥਾਨਾਂ ਵਿੱਚ ਚੱਲਦੇ ਸਕੂਲਾਂ ਨੂੰ ਵੱਖਰੀਆਂ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇਗਾ। ਸਿੱਖਿਆ ਵਿਭਾਗ ’ਚੋਂ ਰਿਸ਼ਵਤਖ਼ੋਰੀ ਦੇ ਕਲੰਕ ਨੂੰ ਸਦਾ ਲਈ ਖ਼ਤਮ ਕਰਨ ਬਾਰੇ ਬੋਲਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਅਜਿਹਾ ਕਰੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਜ਼ਿਲ੍ਹਾ ਤੇ ਬਲਾਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਮਲੇ ’ਤੇ ਤਿੱਖੀ ਨਜ਼ਰ ਰੱਖਣ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਕੰਮ ਸਭਿਆਚਾਰ ਦਾ ਵਿਕਾਸ ਹੋਵੇਗਾ। ਜਿਸ ਵਿੱਚ ਮਿਹਨਤੀ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਬਣਦਾ ਮਾਣ ਤਾਣ ਦਿੱਤਾ ਜਾਵੇਗਾ। ਇਸ ਮੌਕੇ ਸਿੱਖਿਆ ਵਿਭਾਗ ਦੇ ਪ੍ਰਮੱਖ ਸਕੱਤਰ ਜਸਪ੍ਰੀਤ ਤਲਵਾੜ, ਐਸਸੀਈਆਰਟੀ ਦੇ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ, ਸਹਾਇਕ ਡਾਇਰੈਕਟਰ ਸ਼ੰਕਰ ਚੌਧਰੀ ਸਮੇਤ ਹੋਰਨਾਂ ਅਧਿਕਾਰੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਪੇਸ਼ਕਾਰੀਆਂ ਦਿੱਤੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ