
ਆਪ ਦੀ ਸਰਕਾਰ ਬਣਨ ’ਤੇ ਮੁਹਾਲੀ ਹਲਕੇ ਨੂੰ ਬਣਾਵਾਂਗੇ ਸਭ ਤੋਂ ਵਿਕਸਿਤ ਤੇ ਖੂਬਸੂਰਤ: ਕੁਲਵੰਤ ਸਿੰਘ
75 ਸਾਲ ਬੀਤਣ ਉਪਰੰਤ ਵੀ ਪੰਜਾਬ ਦੇ ਪਿੰਡ ਤੇ ਸ਼ਹਿਰ ਬੁਨਿਆਦੀ ਸਹੂਲਤਾਂ ਤੋਂ ਸੱਖਣੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ:
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਮੁਹਾਲੀ ਸਮੇਤ ਹਲਕੇ ਦੇ ਹਰ ਪਿੰਡ ਦਾ ਵਿਕਾਸ ਸ਼ਹਿਰਾਂ ਦੀ ਤਰਜ਼ ‘ਤੇ ਕੀਤਾ ਜਾਵੇਗਾ ਅਤੇ ਮੁਹਾਲੀ ਹਲਕਾ ਵਿਕਾਸ ਪੱਖੋਂ ਪੰਜਾਬ ਵਿੱਚੋਂ ਸਭ ਤੋਂ ਮੋਹਰੀ ਅਤੇ ਖੂਬਸੂਰਤ ਹੋਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੇਅਰ ਅਤੇ ਮੁਹਾਲੀ ਤੋਂ ਆਪ ਦੇ ਉਮੀਦਵਾਰ ਕੁਲਵੰਤ ਸਿੰਘ ਨੇ ਵੱਖ-ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਮੇਰਾ ਸੁਪਨਾ ਹੈ ਕਿ ਹਰ ਪਿੰਡ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮਿਲਣ ਅਤੇ ਕੋਈ ਵੀ ਪਿੰਡ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ।
ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਜਿਵੇਂ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕੀਤੇ ਹਨ, ਪੰਜਾਬ ਵਿੱਚ ਵੀ ਉਸੇ ਤਰਜ਼ ’ਤੇ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 7 ਦਹਾਕਿਆਂ ਤੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਬਣਦੀਆਂ ਆ ਰਹੀਆਂ ਹਨ, ਪਰ ਉਨ੍ਹਾਂ ਨੇ ਅਜ਼ਾਦੀ ਦੇ 75 ਸਾਲ ਬੀਤ ਜਾਣ ਤੋਂ ਬਾਅਦ ਵੀ ਪਿੰਡਾਂ ਤੇ ਸ਼ਹਿਰਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਵੱਧ ਤੋਂ ਵੱਧ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਓ ਤਾਂ ਜੋ ਪੰਜਾਬ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ।