
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਹਿਲਾ ਸ਼ਕਤੀ ਨਾਲ ਕਰਾਂਗੇ ਜਿੱਤ ਹਾਸਲ: ਬੱਬੀ ਬਾਦਲ
ਬੱਬੀ ਬਾਦਲ ਨੇ ਮੁਹਾਲੀ ਵਿਖੇ ਸ਼ਹਿਰ ਦੀਆਂ ਅੌਰਤਾਂ ਦੀਆਂ ਸਮੱਸਿਆਵਾਂ ਸੁਣੀਆਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਇੱਥੇ ਫੇਜ਼-11 ਵਿਖੇ ਅੌਰਤਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਲਈ ਯੋਗ ਪੈਰਵੀ ਕਰਨ ਦਾ ਭਰੋਸਾ ਦਿੱਤਾ। ਬੱਬੀ ਬਾਦਲ ਨੇ ਕਿਹਾ ਕਿ ਇਹ ਬਹੁਤ ਤ੍ਰਾਸਦੀ ਵਾਲੀ ਗੱਲ ਹੈ ਕਿ ਸਰਕਾਰਾਂ ਦੀ ਅਣਦੇਖੀ ਕਾਰਨ ਅੱਧੀ ਅਸਮਾਨ ਦੀ ਮਾਲਕ ਅੌਰਤ, ਅਜੋਕੇ ਸਮੇਂ ਵਿੱਚ ਅਨੇਕਾਂ ਪ੍ਰਕਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਵੱਲੋਂ ਅੌਰਤਾਂ ਨੂੰ ਬਰਾਬਰੀ ਦੇ ਹੱਕ ਦੇਣ ਦੀ ਗੱਲ ਕਹੀ ਸੀ ਪਰ ਪੁਰਸ਼ ਪ੍ਰਧਾਨ ਸਮਾਜ ਵਿੱਚ ਘਰੇਲੂ ਅੌਰਤਾਂ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਇਹੀ ਨਹੀਂ ਕੰਮਕਾਜੀ ਅੌਰਤਾਂ ਵੀ ਸੁਰੱਖਿਅਤ ਨਹੀਂ ਹਨ। ਅੌਰਤਾਂ ’ਤੇ ਅੱਤਿਆਚਾਰ ਅਤੇ ਸ਼ੋਸ਼ਣ ਦੀਆਂ ਖ਼ਬਰਾਂ ਰੋਜ਼ਾਨਾ ਅਖ਼ਬਾਰਾਂ ਦੀਆਂ ਸੁਰਖੀਆ ਬਣ ਰਹੀਆਂ ਹਨ ਪਰ ਸਮੇਂ ਦੀਆਂ ਸਰਕਾਰਾਂ ਇਨ੍ਹਾਂ ਸਮੱਸਿਆਵਾਂ ਦਾ ਸਥਾਈ ਹੱਲ ਕੱਢਣ ਵਿੱਚ ਬੂਰੀ ਤਰ੍ਹਾਂ ਫੇਲ ਸਾਬਤ ਹੋ ਰਹੀਆਂ ਹਨ ਪ੍ਰੰਤੂ ਇਸ ਵਾਰ ਪੰਜਾਬ ’ਚੋਂ ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਲਈ ਅੌਰਤਾਂ ਦੀ ਅਹਿਮ ਭੂਮਿਕਾ ਹੋਵੇਗੀ, ਕਿਉਂਕਿ ਕਿਸਾਨੀ ਸੰਘਰਸ਼ ਵੀ ਅੌਰਤਾਂ ਦੇ ਸਹਿਯੋਗ ਨਾਲ ਜਿੱਤਿਆ ਗਿਆ ਹੈ।
ਅਕਾਲੀ ਆਗੂ ਨੇ ਕਿਹਾ ਕਿ ਗਰੀਬ ਵਰਗ ਦੀਆਂ ਲੜਕੀਆਂ ਦੀ ਉੱਚ ਪੜਾਈ ਲਈ ਸਕੂਲ, ਕਾਲਜ, ਤਕਨੀਕੀ ਕਾਲਜ ਅਤੇ ਛੋਟੇ-ਮੋਟੇ ਕੋਰਸ ਸ਼ੁਰੂ ਕਰਨੇ ਚਾਹੀਦੇ ਹਨ ਤਾਂ ਜੋ ਇਹ ਆਪਣੇ ਪੈਰਾਂ ’ਤੇ ਖੜੀਆਂ ਹੋ ਸਕਣ ਪਰ ਅਜਿਹਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਜਦੋਂਕਿ ਪਿੰਡਾਂ ਦੀ ਜ਼ਿਆਦਾਤਰ ਆਬਾਦੀ ਗਰੀਬੀ ਰੇਖ ਤੋਂ ਵੀ ਥੱਲੇ ਹੋਣ ਕਾਰਨ ਗਰੀਬ ਮਾਪੇ ਆਪਣੀਆਂ ਧੀਆਂ ਨੂੰ ਪੜ੍ਹਾਉਣ ਤੋਂ ਵੀ ਅਸਮਰੱਥ ਹਨ। ਬੱਬੀ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਵਿੱਚ ਉਨ੍ਹਾਂ ਦੀ ਭਾਈਵਾਲ ਸਰਕਾਰ ਬਣੀ ਤਾਂ ਅੌਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਰੁਜ਼ਗਾਰ ਮੁਹੱਈਆ ਕਰਵਾਉਣ ਨੂੰ ਵੀ ਤਰਜ਼ੀਹ ਦਿੱਤੀ ਜਾਵੇਗੀ।
ਇਸ ਮੌਕੇ ਇੰਦਰਜੀਤ ਕੌਰ, ਪਰਮਜੀਤ ਕੌਰ, ਸੋਨੀਆ ਸੰਧੂ, ਸਿਮਰਨ ਕੌਰ, ਸੁਨੀਤਾ ਰਾਣੀ, ਅਮਰਜੀਤ ਕੌਰ, ਕੁਲਦੀਪ ਕੌਰ, ਹਰਜੀਤ ਕੌਰ, ਦਰਸ਼ਨੀ ਦੇਵੀ, ਮਨਜੀਤ ਕੌਰ, ਕਮਲੇਸ਼ ਕੁਮਾਰੀ, ਜਸਵਿੰਦਰ ਕੌਰ, ਬਲਜੀਤ ਕੌਰ, ਭਿੰਦਰ ਕੌਰ, ਰਣਜੀਤ ਕੌਰ, ਗੁਰਦੀਪ ਕੌਰ, ਮਨਦੀਪ ਕੌਰ, ਕੁਲਵਿੰਦਰ ਕੌਰ ਵੀ ਹਾਜ਼ਰ ਸਨ।