ਉਦਯੋਗਿਕ ਫੋਕਲ ਪੁਆਇੰਟ ਫੇਜ਼-9 ਵੈਲਫੇਅਰ ਐਸੋਸੀਏਸ਼ਨ ਦਾ ਵਫ਼ਦ ਵਿਧਾਇਕ ਸਿੱਧੂ ਨੂੰ ਮਿਲਿਆ

ਵਿਧਾਇਕ ਸਿੱਧੂ ਨੂੰ ਸੌਂਪਿਆ ਮੁੱਖ ਮੰਤਰੀ ਦੇ ਨਾਂ ਲਿਖਿਆ ਮੰਗ ਪੱਤਰ, ਛੋਟੇ ਸਨਅਤਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦੱਸੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ:
ਉਦਯੋਗਿਕ ਫੋਕਲ ਪੁਆਇੰਟ ਸਨਅਤੀ ਏਰੀਆ ਫੇਜ਼-9 ਵੈਲਫੇਅਰ ਐਸੋਸੀਏਸ਼ਨ ਦਾ ਇੱਕ ਉੱਚ ਪੱਧਰੀ ਵਫ਼ਦ ਨੇ ਬੀਤੇ ਦਿਨੀਂ ਮੁਹਾਲੀ ਦੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਅਤੇ ਛੋਟੇ ਸਨਅਤਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਵਫ਼ਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਲਿਖਿਆ ਇੱਕ ਲੰਮਾ ਚੌੜਾ ਮੰਗ ਪੱਤਰ ਵੀ ਵਿਧਾਇਕ ਸਿੱਧੂ ਨੂੰ ਸੌਂਪਿਆ। ਇਹ ਜਾਣਕਾਰੀ ਦਿੰਦਿਆਂ ਕੌਂਸਲਰ ਜਸਬੀਰ ਸਿੰਘ ਨੇ ਕਿਹਾ ਕਿ ਉਹ ਪਿਛਲੇ ਲੰਮੇ ਅਰਸੇ ਤੋਂ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਲੇਕਿਨ ਹੁਣ ਤੱਕ ਕਿਸੇ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਜ਼ਿਆਦਾਤਰ ਛੋਟੇ ਕਾਰੋਬਾਰੀ ਕਿਰਾਏ ਦੀਆਂ ਇਮਾਰਤਾਂ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿੰਨਾ ਉਹ ਸਨਅਤੀ ਪਲਾਟ ਦਾ ਕਿਰਾਏ ਦੇ ਰਹੇ ਹਨ। ਉਨੀਂ ਤਾਂ ਉਨ੍ਹਾਂ ਨੂੰ ਆਮਦਨ ਵੀ ਨਹੀਂ ਹੁੰਦੀ ਹੈ।
ਇਸ ਮੌਕੇ ਸੰਸਥਾ ਦੇ ਪ੍ਰਧਾਨ ਗੁਰਮੇਲ ਸਿੰਘ, ਜੱਗਣ ਸਿੰਘ, ਹਾਕਮ ਸਿੰਘ, ਤਰਸੇਮ ਸਿੰਘ, ਸੁਖਵਿੰਦਰ ਸਿੰਘ ਬਬਲਾ, ਵਿਨੋਦ ਕੁਮਾਰ, ਅਵਤਾਰ ਸਿੰਘ ਮਟਰਾਂ, ਗੁਰਮੇਲ ਸਿੰਘ ਦਿਆਲਪੁਰਾ ਅਤੇ ਕਾਂਗਰਸ ਆਗੂ ਹਰਚਰਨ ਸਿੰਘ ਸੋਥਾ ਵੀ ਮੌਜੂਦ ਸਨ। ਉਨ੍ਹਾਂ ਨੇ ਮੰਗ ਕੀਤੀ ਕਿ ਕਿਰਾਏ ਦੀਆਂ ਇਮਾਰਤਾਂ ਤੋਂ ਛੁਟਕਾਰਾ ਦਿਵਾਉਣ ਲਈ ਛੋਟੇ ਕਾਰੋਬਾਰੀਆਂ ਨੂੰ ਮੁੱਖ ਮੰਤਰੀ ਦੇ ਰਿਜ਼ਰਵ ਕੋਟੇ ’ਚੋਂ 5 ਤੋਂ 10 ਮਰਲੇ ਤੱਕ ਦੇ ਸਨਅਤੀ ਪਲਾਟ ਮੁਹੱਈਆ ਕਰਵਾਏ ਜਾਣ ਅਤੇ ਕਾਰੋਬਾਰੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਤਾਂ ਜੋ ਉਹ ਆਪਣਾ ਅਤੇ ਆਪਣੇ ਪਰਿਵਾਰਕ ਮੈਂਬਰਾਂ ਦਾ ਭਵਿੱਖ ਸਵਾਰ ਸਕਣ।
ਇਸ ਮੌਕੇ ਵਿਧਾਇਕ ਸ੍ਰੀ ਸਿੱਧੂ ਨੇ ਛੋਟੇ ਕਾਰੋਬਾਰੀਆਂ ਨੂੰ ਭਰੋਸਾ ਦਿੱਤਾ ਕਿ ਇਸ ਸਬੰਧੀ ਉਹ ਜਲਦੀ ਹੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਤੋਂ ਜਾਣੂ ਕਰਵਾਉਣਗੇ। ਉਂਜ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਸਨਅਤੀ ਨੀਤੀ ਰਾਹੀਂ ਉਦਯੋਗਪਤੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਮੁਹਾਲੀ ’ਚੋਂ ਗੁਆਂਢੀ ਸੂਬਿਆਂ ਵਿੱਚ ਸ਼ਿਫ਼ਟ ਹੋ ਚੁੱਕੀਆਂ ਸਨਅਤੀ ਇਕਾਈਆਂ ਨੂੰ ਮੁੜ ਮੁਹਾਲੀ ਵਿੱਚ ਸਥਾਪਿਤ ਕਰਨ ਲਈ ਯੋਗ ਪੈਰਵੀ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…