ਹੈਪੇਟਾਈਟਸ-ਸੀ ਤਾਂ ਕੀ, ਸਰਕਾਰ ਆਮ ਦਵਾਈਆਂ ਮੁਹੱਈਆ ਕਰਵਾਉਣ ਵਿੱਚ ਵੀ ਬੁਰੀ ਤਰ੍ਹਾਂ ਫੇਲ੍ਹ: ਸਿੱਧੂ

ਸਿਹਤ ਸੇਵਾਵਾਂ ਦੀ ਹਾਲਾਤ ਨਾਜ਼ੁਕ, ਪਰ ਫੋਕੀ ਵਾਹ-ਵਾਹ ਲਈ ਇਸ਼ਤਿਹਾਰਾਂ ’ਤੇ ਰੋੜ੍ਹਿਆਂ ਜਾ ਰਿਹੈ ਖਜ਼ਾਨਾ

ਨਬਜ਼-ਏ-ਪੰਜਾਬ, ਮੁਹਾਲੀ, 9 ਅਗਸਤ:
ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਹਸਪਤਾਲਾਂ ਦੀ ਬੁਰੀ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਹੈਪੇਟਾਈਟਸ-ਸੀ ਵਰਗੀ ਗੰਭੀਰ ਬਿਮਾਰੀ ਨਾਲ ਨਜਿੱਠਣਾ ਤਾਂ ਦੂਰ ਦੀ ਗੱਲ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਜ਼ਰੂਰੀ ਅਤੇ ਜੀਵਨ ਰੱਖਿਅਕ ਦਵਾਈਆਂ ਮੁਹੱਈਆ ਕਰਵਾਉਣ ਵਿੱਚ ਵੀ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਫੋਕੀ ਵਾਹ-ਵਾਹ ਕਰਵਾਉਣ ਲਈ ਇਸ਼ਤਿਹਾਰਾਂ ਉਤੇ ਸਰਕਾਰੀ ਪੈਸਾ ਪਾਣੀ ਵਾਂਗ ਵਹਾ ਰਹੇ ਹਨ ਜਦੋਂ ਕਿ ਸੂਬੇ ਵਿਚ ਸਿਹਤ ਸੇਵਾਵਾਂ ਦੀ ਹਾਲਾਤ ਬਹੁਤ ਹੀ ਨਾਜ਼ੁਕ ਬਣ ਗਈ ਹੈ।
ਸ੍ਰੀ ਸਿੱਧੂ ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਪਿਛਲੇ ਕੁਝ ਹਫ਼ਤਿਆਂ ਤੋਂ ਹੈਪੇਟਾਈਟਸ ਸੀ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਤੋਂ ਇਲਾਵਾ ਆਮ ਦਵਾਈਆਂ ਵੀ ਨਹੀਂ ਮਿਲ ਰਹੀਆਂ। ਉਨ੍ਹਾਂ ਕਿਹਾ ਕਿ ਇਹ ਦਵਾਈਆਂ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਮੁਫ਼ਤ ਦਿੱਤੀਆਂ ਜਾਂਦੀਆਂ ਹਨ, ਪਰ ਹੁਣ ਇਹ ਦਵਾਈਆਂ ਉਪਲਬਧ ਨਹੀਂ ਹਨ ਕਿਉਂਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਸਮੇਂ ਸਿਰ ਦਵਾਈ ਖ਼ਰੀਦਣ ਵਿੱਚ ਅਸਫਲ ਰਹੀ ਹੈ।
ਭਾਜਪਾ ਆਗੂ ਨੇ ਪਿੱਛਲੇ ਸਾਲਾਂ ਦੀਆਂ ਰਿਪੋਰਟਾਂ ਦਾ ਹਵਾਲਾ ਦੇਂਦੇ ਹੋਏ ਕਿਹਾ, ‘‘2022-23 ਵਿੱਚ ਸੂਬੇ ਅੰਦਰ ਹੈਪੇਟਾਈਟਸ-ਸੀ ਦੇ ਲਗਪਗ 18 ਹਜ਼ਾਰ ਮਾਮਲੇ ਸਾਹਮਣੇ ਆਏ ਹਨ ਜੋ ਦੇਸ਼ ਵਿੱਚ ਸਭ ਤੋਂ ਵੱਧ ਹਨ। ਪਰ ਪੰਜਾਬ ਸਰਕਾਰ ਦੀ ਜ਼ਮੀਨੀ ਹਕੀਕਤ ਨੂੰ ਪਛਾਣਨ ਦੀ ਥਾਂ ਦਿੱਲੀ ਦੇ ਸਿਹਤ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਨ ‘ਤੇ ਤੁਲੀ ਹੋਈ ਹੈ।’’ ਸਿੱਧੂ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਦਿੱਲੀ ਦਾ ਸਿਹਤ ਮਾਡਲ ਲਾਗੂ ਕੀਤਾ ਗਿਆ ਹੈ, ਉਦੋਂ ਤੋਂ ਸਮਾਜ ਦੇ ਕਮਜ਼ੋਰ ਵਰਗ ਅਤੇ ਪੇਂਡੂ ਖੇਤਰ ਦੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੇਂਡੂ ਡਿਸਪੈਂਸਰੀਆਂ ਅਤੇ ਸਿਹਤ ਕੇਂਦਰਾਂ ਦਾ ਨਾਂ ਆਮ ਆਦਮੀ ਕਲੀਨਕ ਦੀ ਬਜਾਏ ਸਰਕਾਰ ਨੂੰ ਸਿਹਤ ਸੇਵਾਵਾਂ ਵੱਲ ਤਵੱਜੋ ਦੇਣੀ ਚਾਹੀਦੀ ਹੈ। ਭਾਜਪਾ ਆਗੂ ਨੇ ਕਿਹਾ ਕਿ ਬਰਸਾਤੀ ਵਿਚ ਮਲੇਰੀਆ ਅਤੇ ਡੇਂਗੂ ਵਰਗੀਆਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਨੇ ਅੱਜੇ ਤੱਕ ਵੱਡੇ ਪੱਧਰ ’ਤੇ ਕੋਈ ਵੀ ਮੁਹਿੰਮ ਨਹੀਂ ਚਲਾਈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਕੋਈ ਸਿਹਤ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਗਈਆਂ।

Load More Related Articles
Load More By Nabaz-e-Punjab
Load More In General News

Check Also

ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 28 ਜਨਵਰੀ: …