
ਜ਼ਰੂਰ ਜਾਣੋ: ਕਿਸਾਨ ਆਗੂ ਰਾਜੇਵਾਲ ਨੇ ਦਿੱਲੀ ਹਿੰਸਾ ਤੇ ਕਿਸਾਨ ਅੰਦੋਲਨ ਬਾਰੇ ਕੀ ਖੁਲਾਸੇ ਕੀਤੇ
ਦਿੱਲੀ ਘਟਨਾ ਤੋਂ ਬਾਅਦ ਹੁਣ ਵੀ ਪੂਰੇ ਜੋਬਨ ’ਤੇ ਕਿਸਾਨ ਅੰਦੋਲਨ: ਬਲਬੀਰ ਰਾਜੇਵਾਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨ ਅੰਦੋਲਨ ਜਾਰੀ ਰਹੇਗਾ। ਬੀਤੀ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਦਿੱਲੀ ਵਿੱਚ ਟਰੈਕਟਰ ਮਾਰਚ ਦੌਰਾਨ ਵਾਪਰੀ ਘਟਨਾਵਾਂ ਨੂੰ ਮੰਦਭਾਗਾ ਦੱਸਦਿਆਂ ਉਨ੍ਹਾਂ ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਜੋਸ਼ ਦੇ ਨਾਲ ਹੋਸ਼ ਨੂੰ ਬਰਕਰਾਰ ਰੱਖਦਿਆਂ ਸ਼ਾਂਤਮਈ ਤਰੀਕੇ ਨਾਲ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਬਣਨ।
ਸ੍ਰੀ ਰਾਜੇਵਾਲ ਨੇ ਦਾਅਵਾ ਕੀਤਾ ਕਿ 26 ਜਨਵਰੀ ਦੀ ਘਟਨਾ ਤੋਂ ਬਾਅਦ ਹੁਣ ਵੀ ਕਿਸਾਨ ਅੰਦੋਲਨ ਪੂਰੇ ਜੋਬਨ ’ਤੇ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵਧੀਕੀਆਂ ਦੀਆਂ ਹੱਦਾਂ ਪਾਰ ਕਰਦਿਆਂ ਦਿੱਲੀ ਅਤੇ ਹਰਿਆਣਾ ਵਿੱਚ ਇੰਟਰਨੈੱਟ ਦੀ ਸੁਵਿਧਾ ਬੰਦ ਕਰਕੇ ਕਿਸਾਨਾਂ ਨੂੰ ਲੋਕਾਂ ਤੋਂ ਅਲੱਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਕਾਰਨ ਕਿਸਾਨ ਅੰਦੋਲਨ ਬਾਰੇ ਇੱਧਰਲੇ ਲੋਕਾਂ ਨੂੰ ਪੂਰੀ ਜਾਣਕਾਰੀ ਨਹੀਂ ਮਿਲ ਰਹੀ ਹੈ ਅਤੇ ਨੈਟ ਬੰਦ ਹੋਣ ਕਾਰਨ ਉਹ ਆਪਣੇ ਲੋਕਾਂ ਨੂੰ ਸੁਨੇਹਾ ਅਤੇ ਸੁਚੇਤ ਕਰਨ ਇੱਥੇ ਆਏ ਹਨ। ਇਸ ਤੋਂ ਬਾਅਦ ਉਹ ਮੁੜ ਦਿੱਲੀ ਧਰਨੇ ’ਤੇ ਡਟ ਜਾਣਗੇ। ਇੱਥੋਂ ਤੱਕ ਕਿ ਕਈ ਵਾਰ ਸਰਕਾਰੀ ਫੁਰਮਾਨ ’ਤੇ ਕਿਸਾਨਾਂ ਦਾ ਬਿਜਲੀ-ਪਾਣੀ ਵੀ ਬੰਦ ਕਰ ਦਿੱਤਾ ਜਾਂਦਾ ਹੈ ਅਤੇ ਗਣਤੰਤਰ ਦਿਵਸ ਵਾਲੇ ਦਿਨ ਦੀਆਂ ਘਟਨਾਵਾਂ ਦੀਆਂ ਤਸਵੀਰਾਂ ਦਿਖਾ ਕੇ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸ੍ਰੀ ਰਾਜੇਵਾਲ ਨੇ ਕਿਸਾਨਾਂ ਨੂੰ ਬਾਹਰੀ ਵਿਅਕਤੀਆਂ ਦੇ ਬਹਿਕਾਵੇਂ ਵਿੱਚ ਨਾ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਰੋਸ ਪ੍ਰਦਰਸ਼ਨਾਂ ਦੌਰਾਨ ਜੋਸ਼ ਦੇ ਨਾਲ ਨਾਲ ਹੋਸ਼ ਤੋਂ ਕੰਮ ਨਹੀਂ ਲੈਣਗੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਕਿਸਾਨ ਹਾਰ ਜਾਵੇਗਾ ਅਤੇ ਮੋਦੀ ਸਰਕਾਰ ਜਿੱਤ ਜਾਵੇਗੀ। ਇਸ ਲਈ ਅਮਨ ਸ਼ਾਂਤੀ ਬਣਾ ਕੇ ਰੱਖਣਾ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮੌਜੂਦਾ ਹਾਲਾਤਾਂ ਅਤੇ ਕਿਸਾਨਾਂ ਅਤੇ ਆਮ ਲੋਕਾਂ ਦੀ ਨਬਜ਼ ਨੂੰ ਪਛਾਣਦੇ ਹੋਏ ਤਿੰਨੇ ਖੇਤੀ ਕਾਲੇ ਕਾਨੂੰਨ ਤੁਰੰਤ ਪ੍ਰਭਾਵ ਨਾਲ ਵਾਪਸ ਲਏ ਜਾਣ।
ਸ੍ਰੀ ਰਾਜੇਵਾਲ ਨੇ ਪੰਜਾਬ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਕਿਸਾਨ ਅੰਦੋਲਨ ਦਾ ਹਿੱਸਾ ਬਣਨ ਲਈ ਘਰੋਂ ਇਹ ਮਿੱਥ ਕੇ ਆਉਣ ਕਿ ਉਹ ਕਿਸੇ ਦੇ ਬਹਿਕਾਵੇਂ ਵਿੱਚ ਨਹੀਂ ਆਉਣਗੇ, ਕਿਉਂਕਿ ਉਹ ਘਟੀਆ ਸਿਸਟਮ ਦੇ ਖ਼ਿਲਾਫ਼ ਹੱਕਾਂ ਦੀ ਖਾਤਰ ਲੜਾਈ ਲੜ ਰਹੇ ਹਨ ਨਾ ਕਿ ਨਹੀਂ ਕਿਸੇ ਵਿਅਕਤੀ ਜਾਂ ਧਿਰ ਨਾਲ ਯੁੱਧ ਲੜਨ ਜਾ ਰਹੇ ਹਨ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ’ਤੇ ਸ੍ਰੀ ਰਾਜੇਵਾਲ ਨੇ ਕਿਹਾ ਕਿ ਫਿਲਹਾਲ ਸਰਕਾਰ ਦਾ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਲਈ ਕੋਈ ਸੱਦਾ ਪੱਤਰ ਨਹੀਂ ਆਇਆ ਹੈ। ਜੇਕਰ ਸਰਕਾਰ ਮੀਟਿੰਗ ਲਈ ਸੱਦੇਗੀ ਤਾਂ ਉਹ ਆਪਣੇ ਸਾਥੀਆਂ ਨਾਲ ਸ਼ਲਾਹ ਮਸ਼ਵਰਾ ਕਰਕੇ ਜ਼ਰੂਰ ਮੀਟਿੰਗ ਵਿੱਚ ਜਾਣਗੇ। ਦਿੱਲੀ ਹਿੰਸਾ ਬਾਰੇ ਉਨ੍ਹਾਂ ਮੁੜ ਸਪੱਸ਼ਟ ਕੀਤਾ ਕਿ ਬੀਤੀ 26 ਜਨਵਰੀ ਦੇ ਘਟਨਾਕ੍ਰਮ ਲਈ ਕਿਸਾਨ ਜਥੇਬੰਦੀਆਂ ਨੇ ਅਜਿਹੀ ਕੋਈ ਯੋਜਨਾ ਨਹੀਂ ਉਲੀਕੀ ਗਈ ਸੀ। ਜਿਸ ਨਾਲ ਦੇਸ਼ ਦਾ ਮਾਹੌਲ ਖ਼ਰਾਬ ਹੋਵੇ। ਪਰ ਇਸ ਦੇ ਬਾਵਜੂਦ ਜੋ ਉੱਥੇ ਹੋਇਆ ਉਹ ਬਹੁਤ ਹੀ ਮੰਦਭਾਗੀ ਗੱਲ ਹੈ। ਇਸ ਮੌਕੇ ਪ੍ਰੋ. ਮਨਜੀਤ ਸਿੰਘ, ਕਿਸਾਨ ਆਗੂ ਕੁਲਵੰਤ ਸਿੰਘ ਤ੍ਰਿਪੜੀ, ਦਵਿੰਦਰ ਸਿੰਘ ਬਾਜਵਾ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ।