ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚੋਣਾਂ ਲੜਨ ਬਾਰੇ ਕੀ ਕਾਰਨ ਦੱਸਿਆ

ਨਬਜ਼-ਏ-ਪੰਜਾਬ ਬਿਊਰੋ, ਲੰਬੀ, 17 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਚੋਣਾਂ ਲੜਨ ਦਾ ਉਨ੍ਹਾਂ ਦਾ ਕੋਈ ਵਿਚਾਰ ਨਹੀਂ ਸੀ ਪਰ ਦੋ ਗੱਲਾਂ ਨੇ ਉਨ੍ਹਾਂ ਨੂੰ ਚੋਣ ਲੜਨ ਲਈ ਮਜਬੂਰ ਕਰ ਦਿੱਤਾ। ਲੰਮੀ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਦੀ ਕੋਰ ਕਮੇਟੀ ਨੇ ਮੈਨੂੰ ਹੁਕਮ ਦਿੱਤਾ ਕਿ ਤੁਸੀਂ ਚੋਣਾਂ ਲੜਨੀਆਂ ਹਨ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਦੇ ਹਰ ਹੁਕਮ ਨੂੰ ਮੰਨਿਆ ਹੈ ਅਤੇ ਜਿਹੜਾ ਫ਼ੈਸਲਾ ਪਾਰਟੀ ਨੇ ਲਿਆ, ਉਸ ਨੂੰ ਹਮੇਸ਼ਾ ਸਿਰ-ਮੱਥੇ ਲਿਆ ਹੈ।
ਉਨ੍ਹਾਂ ਕਿਹਾ ਕਿ ਚੋਣਾਂ ਲੜਨ ਦਾ ਦੂਜਾ ਕਾਰਨ ਇਹ ਸੀ ਕਿ ਇਸ ਇਲਾਕੇ ਦੇ ਲੋਕਾਂ ਨੇ 50-60 ਸਾਲ ਮੇਰਾ ਸਾਥ ਦਿੱਤਾ ਅਤੇ ਮੈਨੂੰ ਸਧਾਰਨ ਕਿਸਾਨੀ ਤੋਂ ਚੁੱਕ ਕੇ 5 ਵਾਰ ਮੁੱਖ ਮੰਤਰੀ ਅਤੇ ਕੇਂਦਰ ਦਾ ਮੰਤਰੀ ਬਣਾਇਆ। ਸ੍ਰੀ ਬਾਦਲ ਨੇ ਕਿਹਾ ਕਿ ਮੇਰੀ ਇੱਛਾ ਹੈ ਕਿ ਮੇਰਾ ਆਖ਼ਰੀ ਸਾਹ ਇਸ ਇਲਾਕੇ ਦੀ ਸੇਵਾ ਵਿੱਚ ਨਿਕਲੇ। ਉਨ੍ਹਾਂ ਕਿਹਾ ਕਿ ਜੇਕਰ ਮੈਂ ਅਜਿਹਾ ਨਹੀਂ ਕਰਦਾ ਤਾਂ ਲੋਕਾਂ ਨੂੰ ਮੇਰੇ ਨਾਲ ਗਿਲ੍ਹਾ ਹੋਣਾ ਸੀ।
ਸ੍ਰੀ ਬਾਦਲ ਨੇ ਕਿਹਾ ਕਿ ਮੈਂ ਕੋਸ਼ਿਸ਼ ਕੀਤੀ ਕਿ ਸਾਰੇ ਪਿੰਡਾਂ ਵਿੱਚ ਆਪ ਜਾ ਕੇ ਲੋਕਾਂ ਵਿੱਚ ਹਾਜ਼ਰੀ ਭਰਾਂ ਪਰ ਬੀਮਾਰੀ ਕਾਰਨ ਕੁੱਝ ਪਿੰਡ ਰਹਿ ਗਏ। ਉਨ੍ਹਾਂ ਕਿਹਾ ਕਿ ਜਦੋਂ ਮੈਂ ਸਿਹਤਯਾਬ ਹੋਇਆ ਤਾਂ ਦੁਬਾਰਾ ਆਪਣੇ ਕੰਮ ਤੇ ਲੱਗ ਗਿਆ। ਉਨ੍ਹਾਂ ਕਿਹਾ ਕਿ ਵੋਟਾਂ ਤੋਂ ਬਾਅਦ ਸੂਬੇ ਵਿੱਚ ਨਵੀਂ ਸਰਕਾਰ ਬਣਨੀ ਹੈ ਅਤੇ ਉਸ ਸਰਕਾਰ ਨੇ 5 ਸਾਲ ਲੋਕਾਂ ਦੀ ਸੇਵਾ ਕਰਨੀ ਹੈ। ਇਸ ਲਈ ਸਰਕਾਰ ਬਣਾਉਣ ਦਾ ਫੈਸਲਾ ਬਹੁਤ ਅਹਿਮ ਹੈ।
ਉਨ੍ਹਾਂ ਕਿਹਾ ਕਿ ਪਿਛਲੀ ਵਾਰ ਕੈਪਟਨ ਅਮਰਿੰਦਰ ਸਿੰਘ ਨੇ ਝੂਠੇ ਵਾਅਦੇ ਅਤੇ ਝੂਠੀਆਂ ਗੱਲਾਂ ਕਰਕੇ ਆਪਣੀ ਸਰਕਾਰ ਬਣਾ ਲਈ ਪਰ ਜਨਤਾ ਲਈ ਕੁੱਝ ਨਹੀਂ ਕੀਤਾ। ਸ੍ਰੀ ਬਾਦਲ ਨੇ ਕਿਹਾ ਕਿ ਬਾਕੀ ਪਾਰਟੀਆਂ ਨੇ ਹਮੇਸ਼ਾ ਸੂਬੇ ਨਾਲ ਵਿਤਕਰਾ ਕੀਤਾ ਹੈ ਪਰ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਦਲ-ਬਦਲੀ ਦਾ ਬੜਾ ਜ਼ੋਰ ਹੈ ਪਰ ਜਿਹੜੇ ਉਮੀਦਵਾਰ ਵਾਰ-ਵਾਰ ਪਾਰਟੀ ਬਦਲ ਰਹੇ ਹਨ, ਉਨ੍ਹਾਂ ਦਾ ਕੀ ਭਰੋਸਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਂ ਪਾਰਟੀ ਨੂੰ ਕੋਈ ਬਦਲ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਇਸ ਸਮੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਬਹੁਤ ਖ਼ਰਾਬ ਹੈ, ਇਸ ਲਈ ਲੋਕਾਂ ਨੂੰ ਬਹੁਤ ਸੋਚ-ਸਮਝ ਕੇ ਸਰਕਾਰ ਬਣਾਉਣੀ ਪਵੇਗੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…