
ਪਰਾਲੀ ਪ੍ਰਬੰਧਨ: ਕਿਸਾਨਾਂ ਦੇ ਸ਼ੰਕੇ ਦੂਰ ਕਰਨ ਲਈ ਵਿਸ਼ੇਸ਼ ਵਟਸਐਪ ਚੈਟਬੋਟ ਤਿਆਰ: ਡੀਸੀ
ਵਟਸਐਪ ਰਾਹੀਂ ਪੀਏਯੂ ਦੇ ਮਾਹਰ ਦੇ ਰਹੇ ਹਨ ਕਿਸਾਨਾਂ ਦੇ ਪ੍ਰਸ਼ਨਾਂ ਦੇ ਢੁਕਵੇਂ ਜਵਾਬ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਕਤੂਬਰ:
ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਨੇ ਵਟਸਐਪ ਚੈਟਬੋਟ ਤਿਆਰ ਕੀਤਾ ਹੈ। ਇਸ ਰਾਹੀਂ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਵੱਲੋਂ ਕਿਸਾਨਾਂ ਦੇ ਮਸ਼ੀਨਰੀ ਪ੍ਰਤੀ ਸ਼ੰਕੇ ਅਤੇ ਪ੍ਰਸ਼ਨਾਂ ਦੇ ਜਵਾਬ ਦਿੱਤੇ ਜਾਂਦੇ ਹਨ। ਕਿਸਾਨ ਆਪਣੇ ਮੋਬਾਈਲ ਫੋਨ ਵਿੱਚ 6283191730 ਨੰਬਰ ਸੇਵ ਕਰਕੇ ਅਤੇ ਵਟਸਐਪ ’ਤੇ ਪਰਾਲੀ ਲਿਖ ਕੇ ਚੈਟ ਸ਼ੁਰੂ ਕਰ ਸਕਦੇ ਹਨ। ਇਹ ਪ੍ਰਗਟਾਵਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਵੈਬਐਕਸ ਰਾਹੀਂ ਸਹਾਇਕ ਖੇਤੀਬਾੜੀ ਅਫ਼ਸਰਾਂ ਅਤੇ ਅਗਾਂਹਵਧੂ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਸਬਸਿਡੀ ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਨਵੀਨਤਮ ਖੇਤੀ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਇਆ ਜਾ ਸਕੇ।
ਸ੍ਰੀ ਦਿਆਲਨ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਤਰੀਕਿਆਂ ਰਾਹੀਂ ਪਰਾਲੀ ਨਾ ਸਾੜਨ ਅਤੇ ਇਨ-ਸੀਟੂ ਤਰੀਕੇ ਰਾਹੀਂ ਇਸਦਾ ਪ੍ਰਬੰਧਨ ਕਰਨ ਬਾਰੇ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਵਿੱਢੀ ਇਸ ਮੁਹਿੰਮ ਨੂੰ ਪੂਰੇ ਜ਼ੋਰ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਨੂੰ ਵਰਤੋਂ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਤੋਂ ਆਰਥਿਕ ਲਾਭ ਵੀ ਹੋ ਸਕੇ। ਉਨ੍ਹਾਂ ਕਿਹਾ ਕਿ ਅੱਗ ਲਾਉਣ ਦਾ ਰੁਝਾਨ ਮਨੁੱਖੀ ਸਿਹਤ ਦੇ ਨਾਲ ਨਾਲ ਵਾਤਾਵਰਨ ਲਈ ਬਹੁਤ ਹਾਨੀਕਾਰਕ ਹੈ। ਧੰੂਏਂ ਤੋਂ ਪੈਦਾ ਹੋਈਆਂ ਜ਼ਹਿਰੀਲੀਆਂ ਗੈਸਾਂ ਮਨੁੱਖ ਦੀਆਂ ਅੱਖਾਂ ਅਤੇ ਸਾਹ ਨਾਲ ਸਬੰਧਤ ਜਾਨਲੇਵਾ ਬੀਮਾਰੀਆਂ ਨੂੰ ਜਨਮ ਦਿੰਦੀਆਂ ਹਨ।
ਡੀਸੀ ਨੇ ਦੱਸਿਆ ਕਿ ਵਾਤਾਵਰਨ ਪ੍ਰਦੂਸ਼ਿਤ ਹੋਣ ਨਾਲ ਕਰੋਨਾ ਮਹਾਮਾਰੀ ਦੇ ਪ੍ਰਕੋਪ ਵਿੱਚ ਵੀ ਵਾਧਾ ਹੋਣ ਦਾ ਖ਼ਤਰਾ ਬਣੇਗਾ। ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਖੋਰਾ ਲਗਦਾ ਹੈ ਅਤੇ ਜ਼ਮੀਨ ਵਿਚਲੇ ਕਿਸਾਨ ਮਿੱਤਰ ਕੀੜੇ ਵੀ ਨਾਲ ਹੀ ਸੜ ਜਾਂਦੇ ਹਨ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਤੇ ਰਹਿੰਦ ਖੰੂਹਦ ਸੰਭਾਲਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸਾਧਨਾਂ ਰਾਹੀਂ ਜਿਵੇਂ ਕਿ ਜਨਤਕ ਥਾਵਾਂ ਤੇ ਪੋਸਟਰ, ਹੋਰਡਿੰਗਾਂ ਲਗਾ ਕੇ, ਵੈਨਾਂ ਰਾਹੀਂ ਅਨਾੳਂੂਸਮੈਂਟ ਕਰਕੇ, ਨੁੱਕੜ ਮੀਟਿੰਗਾਂ ਰਾਹੀਂ ਪ੍ਰੇਰਿਤ ਕਰਨਾ ਅਤੇ ਕਿਸਾਨਾਂ ਦੇ ਸ਼ੰਕੇ ਸਵਾਲਾਂ ਦੇ ਨਿਵਾਰਨ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜਿੱਥੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਮਦਦ ਲਈ ਵਚਨਬੱਧ ਹੈ ਉੱਥੇ ਹੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਅਗਾਂਹਵਧੂ ਕਿਸਾਨਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੇ ਵੀ ਇਹ ਭਰੋਸਾ ਦਿੱਤਾ ਕਿ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ।