ਮੋਦੀ ਵਿਰੁੱਧ ਦਿੱਲੀ ਜਾ ਰਹੇ ਕਿਸਾਨਾਂ ਨੂੰ ਪੰਜਾਬ ਵਿੱਚ ਕਿਉਂ ਜਲੀਲ ਕਰ ਰਹੇ ਹਨ ਕੈਪਟਨ ਅਮਰਿੰਦਰ: ਅਮਨ ਅਰੋੜਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 25 ਫਰਵਰੀ:
ਕੇਂਦਰ ਦੀ ਭਾਜਪਾ-ਅਕਾਲੀ ਗਠਜੋੜ ਸਰਕਾਰ ਕੋਲੋਂ 2014 ਦੀਆਂ ਲੋਕ ਸਭਾ ਚੋਣਾਂ ਮੌਕੇ ਕਿਸਾਨਾਂ ਨਾਲ ਕੀਤੇ ਵਾਅਦੇ ਲਾਗੂ ਕਰਾਉਣ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਪੰਜਾਬ ਅੰਦਰ ਹੀ ਰੋਕਣ ਦਾ ਵਿਰੋਧ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਸਖਤ ਨਿਖੇਧੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਪਾਰਟੀ ਵਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਹਰਿਆਣਾ ਸਮੇਤ ਭਾਜਪਾ ਦੀਆਂ ਹੋਰ ਪ੍ਰਦੇਸ਼ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਰੋਕਣ ਪਿੱਛੇ ਮੋਦੀ ਸਰਕਾਰ ਨੂੰ ਬਚਾਉਣ ਦੀ ਕੋਸ਼ਿਸ਼ ਸਮਝ ਆਉਂਦੀ ਹੈ, ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਸਰਕਾਰ ਲੋਕਤੰਤਰਿਕ ਤਰੀਕੇ ਨਾਲ ਕੇਂਦਰ ਸਰਕਾਰ ’ਤੇ ਦਬਾਅ ਪਾਉਣ ਜਾ ਰਹੇ ਕਿਸਾਨਾਂ ਅਤੇ ਕਿਸਾਨਾਂ ਨੂੰ ਰਸਤੇ ਵਿੱਚ ਰੋਕ ਕੇ ਕਿਉਂ ਪ੍ਰੇਸ਼ਾਨ ਕਰ ਰਹੀ ਹੈ? ਸਰਕਾਰ ਦਾ ਕਿਸਾਨਾਂ ਉੱਤੇ ਇਹ ਜਬਰ-ਜੁਲਮ ਸਮਝ ਤੋਂ ਪਰੇ ਹੈ।
ਸ੍ਰੀ ਅਮਨ ਅਰੋੜਾ ਨੇ ਹਰਿਆਣਾ ‘ਚ ਭਾਜਪਾ ਦੀ ਖਟੱਰ ਸਰਕਾਰ ਵਲੋਂ ਦਿੱਲੀ ਜਾ ਰਹੇ ਕਿਸਾਨਾਂ ‘ਤੇ ਲਾਠੀਚਾਰਜ ਕਰਨ ਅਤੇ ਦਰਜਨਾਂ ਕਿਸਾਨਾਂ ਉਤੇ ਕੇਸ ਦਰਜ ਕਰਨ ਦੀ ਕਾਰਵਾਈ ਦੀ ਵੀ ਆਲੋਚਨਾ ਕੀਤਾ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨਾਂ ਅਤੇ ਕਿਸਾਨ ਸੰਗਠਨਾਂ ਵਲੋਂ ਨਰਿੰਦਰ ਮੋਦੀ ਸਰਕਾਰ ਉਤੇ ਡਾ. ਸਵਾਮੀਨਾਥਨ ਦੀਆਂ ਸਿਫਾਰਿਸ਼ਾਂ ਲਾਗੂ ਕਰਾਉਣ ਅਤੇ ਸਮੁੱਚੇ ਕਿਸਾਨੀ ਕਰਜੇ ਮੁਆਫ ਕਰਾਉਣ ਲਈ ਦਬਾਅ ਬਣਾਉਣ ਖਾਤਰ ‘ਦਿੱਲੀ ਕੂਚ’ ਦਾ ਸੱਦਾ ਦਿੱਤਾ ਗਿਆ ਸੀ, ਪਰੰਤੂ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੰਜਾਬ ‘ਚ ਹੀ ਨਾਕਾਬੰਦੀ ਕਰਕੇ ਦਿੱਲੀ ਜਾ ਰਹੇ ਕਿਸਾਨਾਂ ਨੂੰ ਘੇਰ ਲਿਆ। ‘ਆਪ’ ਆਗੂ ਨੇ ਦੱਸਿਆ ਕਿ ਸੁਨਾਮ ਹਲਕੇ ਦੀ ਚੀਮਾਂ ਮੰਡੀ ‘ਚ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੈਂਕੜੇ ਕਿਸਾਨਾਂ ਨੂੰ ਅਣਐਲਾਨੀ ਹਿਰਾਸਤ ਵਿੱਚ ਲੈ ਲਿਆ ਗਿਆ। ਕੈਪਟਨ ਸਰਕਾਰ ਦੀ ਇਸ ਬੇਰੁਖੀ ਅਤੇ ਬੇਇਨਸਾਫੀ ਵਿਰੁੱਧ ਪਿਛਲੇ ਤਿੰਨ ਦਿਨਾਂ ਤੋਂ ਕਿਸਾਨਾਂ ਨੂੰ ਚੀਮਾ ਮੰਡੀ ਵਿੱਚ ਹੀ ਪੱਕਾ ਮੋਰਚਾ ਲਾਉਣ ’ਤੇ ਮਜਬੂਰ ਕਰ ਦਿੱਤਾ।
ਸ੍ਰੀ ਅਮਨ ਅਰੋੜਾ ਨੇ ਚੀਮਾ ਮੰਡੀ ਜਾ ਕੇ ਕਿਸਾਨਾਂ ਦੇ ਰੋਸ ਧਰਨੇ ਵਿੱਚ ਸ਼ਮੂਲੀਅਤ ਕੀਤੀ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਇਸ ਬੇਲੋੜੇ ਕਦਮ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਅਤੇ ਸੱਤਾਧਾਰੀ ਪਾਰਟੀਆਂ ਵਲੋਂ ਕੀਤੇ ਚੋਣ ਵਾਅਦੇ ਲਾਗੂ ਕਰਾਉਣ ਲਈ ਆਮ ਆਦਮੀ ਪਾਰਟੀ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਕਿਸਾਨਾਂ ਨਾਲ ਡਟ ਕੇ ਖੜੀ ਹੈ। ‘ਆਪ’ ਆਗੂ ਨੇ ਕਿਹਾ ਕਿ ਕਿਸਾਨਾਂ ਨਾਲ ਝੂਠੇ ਅਤੇ ਗੁੰਮਰਾਹਕੁੰਨ ਵਾਅਦੇ ਕਰਕੇ ਕੇਂਦਰ ਦੀ ਸੱਤਾ ਵਿੱਚ ਆਈ ਭਾਜਪਾ-ਅਕਾਲੀ ਗਠਜੋੜ ਸਰਕਾਰ ਨੇ ਜਿਸ ਤਰੀਕੇ ਨਾਲ ਕਿਸਾਨਾਂ ਨਾਲ ਧ੍ਰੋਹ ਕਮਾਇਆ ਸੀ, ਉਸੇ ਤਰ੍ਹਾਂ ਕਾਂਗਰਸ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਵਾਅਦਾ-ਖ਼ਿਲਾਫ਼ੀ ਕੀਤੀ ਹੈ। ਸ੍ਰੀ ਅਮਨ ਅਰੋੜਾ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਇੱਕੋ ਥੈਲੀ ਦੇ ਕਿਸਾਨ ਵਿਰੋਧੀ ਚੱਟੇ-ਵੱਟੇ ਕਰਾਰ ਦਿੰਦੇ ਹੋਏ ਪੰਜਾਬ ਭਰ ਦੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਅਤੇ ਅਕਾਲੀ ਭਾਜਪਾ ਵਰਗੇ ਮੌਕਾਪ੍ਰਸਤ ਸਿਆਸੀ ਦਲਾਂ ਨੂੰ ਕਰਾਰੀ ਹਾਰ ਦੇ ਕੇ ਸਬਕ ਸਿਖਾਉਣ ਦਾ ਸੱਦਾ ਦਿੱਤਾ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …