ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ ਨਵੀਂ ਪਾਈਪਲਾਈਨ ਪਾਉਣ ਦਾ ਕੰਮ ਸ਼ੁਰੂ
ਨਬਜ਼-ਏ-ਪੰਜਾਬ, ਮੁਹਾਲੀ, 4 ਫਰਵਰੀ:
ਇੱਥੋਂ ਦੇ ਫੇਜ਼-6 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਸਮੱਸਿਆ ਦੇ ਹੱਲ ਲਈ ਨਵੀਂ ਪਾਈਪਲਾਈਨ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਜਿਸ ਦਾ ਰਸਮੀ ਉਦਘਾਟਨ ਵੈੱਲਫੇਅਰ ਐਕਸ਼ਨ ਕਮੇਟੀ ਫੇਜ਼-6 ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਆਰਪੀ ਸ਼ਰਮਾ ਨੇ ਕਹੀ ਦਾ ਟੱਕ ਲਗਾ ਕੇ ਕੀਤਾ। ਉਨ੍ਹਾਂ ਦੱਸਿਆ ਕਿ ਸਥਾਨਕ ਵਸਨੀਕਾਂ ਨੂੰ ਪਾਣੀ ਦੀ ਨਿਕਾਸੀ ਸਬੰਧੀ ਸਮੱਸਿਆ ਆ ਰਹੀ ਸੀ। ਇਸ ਏਰੀਆ ਵਿੱਚ ਸਟਾਰਮ ਵਾਟਰ ਦੀ ਨਿਕਾਸੀ ਸਹੀ ਢੰਗ ਨਾਲ ਨਾ ਹੋਣ ਕਾਰਨ ਲੋਕਾਂ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਲੇਕਿਨ ਹੁਣ ਇਸ ਸਮੱਸਿਆ ਦਾ ਪੱਕਾ ਹੱਲ ਹੋ ਜਾਵੇਗਾ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਵੈੱਲਫੇਅਰ ਐਕਸ਼ਨ ਕਮੇਟੀ ਫੇਜ਼-6 ਦੇ ਮੈਂਬਰਾਂ ਨੇ ਇਹ ਮਸਲਾ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ, ਜਿਨ੍ਹਾਂ ਨੇ ਯੋਗ ਪੈਰਵਾਈ ਕਰਦਿਆਂ ਸਟਾਰਮ ਵਾਟਰ ਦੀ ਨਿਕਾਸੀ ਲਈ 9 ਲੱਖ ਰੁਪਏ ਦਾ ਐਸਟੀਮੇਟ ਪਾਸ ਕਰਵਾਇਆ ਅਤੇ ਹੁਣ ਨਵੀਂ ਸਟਾਰਮ ਵਾਟਰ ਪਾਈਪਲਾਈਨ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇੱਕ ਮਹੀਨੇ ਦੇ ਅੰਦਰ-ਅੰਦਰ ਪੂਰਾ ਲਿਆ ਜਾਵੇਗਾ ਤਾਂ ਜੋ ਬਰਸਾਤ ਦੇ ਦਿਨਾਂ ਵਿੱਚ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।
ਇਸ ਮੌਕੇ ਪੀਐਸ ਬੇਦੀ, ਤਰਸੇਮ ਲਾਲ, ਮਨਮੀਤ ਸਿੰਘ ਮਿੱਠੂ, ਸੀਨੀਅਰ ਪੱਤਰਕਾਰ ਸਪਿੰਦਰ ਸਿੰਘ ਰਾਣਾ, ਕੁਲਵਿੰਦਰ ਸਿੰਘ, ਰਾਜ ਕੁਮਾਰ ਸੂਦ, ਹਰਜੀਤ ਸਿੰਘ, ਮਹਿੰਦਰ ਸਿੰਘ, ਭੁਪਿੰਦਰ ਸਿੰਘ, ਨਿਰਮਲ ਸਿੰਘ, ਮਨਜਿੰਦਰ ਸਿੰਘ, ਕਿਰਪਾਲ ਸਿੰਘ ਅਤੇ ਹਰਮਨ ਹੁੰਦਲ ਹਾਜ਼ਰ ਸਨ।