
ਕੇਜਰੀਵਾਲ ਦੀ 1 ਹਜ਼ਾਰ ਮਾਣਭੱਤਾ ਦੇਣ ਦੀ ਗਾਰੰਟੀ ਸਬੰਧੀ ਅੌਰਤਾਂ ਦੇ ਕਾਰਡ ਬਣਾਉਣ ਦਾ ਕੰਮ ਸ਼ੁਰੂ
ਆਜ਼ਾਦ ਕੌਂਸਲਰ ਰਮਨਪ੍ਰੀਤ ਕੌਰ ਨੇ ਪਿੰਡ ਕੁੰਭੜਾ ਵਿੱਚ 350 ਅੌਰਤਾਂ ਦੇ ਗਰੰਟੀ ਕਾਰਡ ਦੇ ਫਾਰਮ ਭਰੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ 18 ਸਾਲ ਤੋਂ ਵੱਧ ਉਮਰ ਦੀਆਂ ਅੌਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਮਾਣਭੱਤਾ ਦੇਣ ਦੀ ਗਾਰੰਟੀ ਸਬੰਧੀ ਮੁਹਾਲੀ ਹਲਕੇ ਵਿੱਚ ਲਾਭਪਾਤਰੀ ਅੌਰਤਾਂ ਦੇ ਗਰੰਟੀ ਕਾਰਡ ਬਣਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਸਬੰਧੀ ਅੱਜ ਨਗਰ ਨਿਗਮ ਦੇ ਪਿੰਡ ਕੁੰਭੜਾ ਵਿਖੇ ਆਜ਼ਾਦ ਕੌਂਸਲਰ ਰਮਨਪ੍ਰੀਤ ਕੌਰ ਦੀ ਅਗਵਾਈ ਹੇਠ 350 ਅੌਰਤਾਂ ਦੇ ਗਾਰੰਟੀ ਕਾਰਡ ਬਣਾਉਣ ਲਈ ਫਾਰਮ ਭਰੇ ਗਏ।
ਇਸ ਮੌਕੇ ਪਿੰਡ ਦੀਆਂ ਅੌਰਤਾਂ ਨੇ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਸਾਬਕਾ ਮੇਅਰ ਦੀ ਚੋਣ ਮੁਹਿੰਮ ਨੂੰ ਆਪਣੇ ਹੱਥਾਂ ਵਿੱਚ ਲੈਣ ਦਾ ਪ੍ਰਣ ਕੀਤਾ। ਸ੍ਰੀਮਤੀ ਰਮਨਪ੍ਰੀਤ ਕੌਰ ਨੇ ਕਿਹਾ ਕਿ ਬੀਤੇ ਦਿਨੀਂ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ ਉਨ੍ਹਾਂ ਦੀ ਡਿਊਟੀ ਲਗਾਈ ਗਈ ਸੀ ਕਿ ਆਪਣੀ ਵਾਰਡ ਦੀਆਂ ਵੱਧ ਤੋਂ ਵੱਧ ਅੌਰਤਾਂ ਦੇ ਗਾਰੰਟੀ ਕਾਰਡ ਬਣਾਉਣ ਲਈ ਫਾਰਮ ਭਰੇ ਗਏ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ’ਤੇ ਅੌਰਤਾਂ ਦੀ ਸੁਰੱਖਿਆ ਅਤੇ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਵਾਰ ਮੁਹਾਲੀ ਹਲਕੇ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦੀ ਹਾਮੀ ਭਰ ਰਹੇ ਹਨ। ਜਿਸ ਕਾਰਨ ਹੁਕਮਰਾਨ ਪਾਰਟੀ ਦੇ ਆਗੂਆਂ ਦੀ ਚਿੰਤਾ ਵਧ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਲਾਕੇ ਦੇ ਲੋਕ ਵਿਧਾਇਕ ਬਲਬੀਰ ਸਿੱਧੂ ਦੀਆਂ ਕਥਿਤ ਵਧੀਕੀਆਂ ਤੋਂ ਬੇਹੱਦ ਪ੍ਰੇਸ਼ਾਨ ਹਨ। ਐਤਕੀਂ ਵਿਧਾਨ ਸਭਾ ਚੋਣਾਂ ਇਲਾਕੇ ਦੇ ਲੋਕ ਸਿੱਧੂ ਭਰਾਵਾਂ ਨੂੰ ਸਬਕ ਸਿਖਾਉਣ ਦੇ ਮੂੜ ਵਿੱਚ ਹਨ। ਉਨ੍ਹਾਂ ਕਿਹਾ ਕਿ ਸਿੱਧੂ ਨੇ ਕੈਬਨਿਟ ਮੰਤਰੀ ਰਹਿੰਦੇ ਸਮੇਂ ਮੁਹਾਲੀ ਦੇ ਵਿਕਾਸ ਨੂੰ ਤਵੱਜੋ ਨਹੀਂ ਦਿੱਤੀ ਅਤੇ ਹੁਣ ਚੋਣਾਂ ਨੇੜੇ ਆਉਣ ਕਾਰਨ ਲੋਕਾਂ ਨੂੰ ਫਰਮਾਉਣ ਲਈ ਧੜਾਧੜ ਨੀਂਹ ਪੱਥਰ ਰੱਖੇ ਜਾ ਰਹੇ ਹਨ।