Nabaz-e-punjab.com

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਤੇ ਬਰਸਾਤੀ ਪਾਣੀ ਨੂੰ ਸੰਭਾਲਣ ਲਈ ਤੇਜ਼ੀ ਨਾਲ ਕੰਮ ਕਰਨ ਦੀ ਲੋੜ

ਨਿਰਮਾਣ ਕਾਰਜਾਂ ਵਿੱਚ ਵਰਤਿਆ ਜਾਵੇ ਸੀਵਰੇਜ ਟਰੀਟਮੈਂਟ ਪਲਾਂਟ ਰਾਹੀਂ ਸਾਫ਼ ਕੀਤਾ ਪਾਣੀ

ਅਧਿਕਾਰੀਆਂ ਨੂੰ ਪੌਦੇ ਲਗਾਉਣ ਲਈ ਪਿੰਡਾਂ ਵਿੱਚ ਢੁਕਵੀਆਂ ਥਾਵਾਂ ਦੀ ਸ਼ਨਾਖ਼ਤ ਕਰਨ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੁਲਾਈ:
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਬਰਸਾਤ ਦੇ ਪਾਣੀ ਨੂੰ ਸੰਭਾਲਣ ਲਈ ਤੇਜ਼ੀ ਨਾਲ ਕੰਮ ਕਰਨ ਦੀ ਲੋੜ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਿਆ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ‘ਜਲ ਸ਼ਕਤੀ ਅਭਿਆਨ’ ਸਬੰਧੀ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਟਰੀਟਮੈਂਟ ਪਲਾਂਟ (ਐਸਟੀਪੀ) ਨੇੜੇ ਹੋ ਰਹੇ ਨਿਰਮਾਣ ਕਾਰਜਾਂ ਵਿੱਚ ਐਸਟੀਪੀ ਰਾਹੀਂ ਸੋਧੇ ਗਏ ਪਾਣੀ ਦੀ ਵਰਤੋਂ ਕੀਤੀ ਜਾਵੇ ਅਤੇ ਬਰਸਾਤ ਦੇ ਪਾਣੀ ਨੂੰ ਰੀਚਾਰਜ ਕਰਨ ਸਬੰਧੀ ਤੇਜ਼ੀ ਨਾਲ ਕੰਮ ਕੀਤਾ ਜਾਵੇ ਤਾਂ ਜੋ ਬਰਸਾਤ ਦੇ ਸੀਜ਼ਨ ਵਿੱਚ ਪਾਣੀ ਬਚਾਉਣ ਲਈ ਸਮੇਂ ਸਿਰ ਉਪਰਾਲੇ ਵਿੱਢੇ ਜਾ ਸਕਣ।ਉਨ੍ਹਾਂ ਕਿਹਾ ਕਿ ਪਾਣੀ ਦੀ ਦੁਰਵਰਤੋਂ ਕਾਰਨ ਅੱਜ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ। ਜਿਸ ਨੂੰ ਬਚਾਉਣਾ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਹੋ ਰਹੀ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕੇ ਜਾਣ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਪਿੰਡਾਂ ਵਿੱਚ ਪੌਦੇ ਲਗਾਉਣ ਲਈ ਢੁਕਵੀਆਂ ਥਾਵਾਂ ਦੀ ਸ਼ਨਾਖ਼ਤ ਕਰਨ, ਜਿੱਥੇ ਪੌਦੇ ਲਗਾਉਣ ਤੋਂ ਬਾਅਦ ਇਨ੍ਹਾਂ ਦੀ ਸਾਂਭ-ਸੰਭਾਲ ਦਾ ਢੁਕਵਾਂ ਪ੍ਰਬੰਧ ਹੋਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਤੇ ਤੁਪਕਾ ਸਿੰਚਾਈ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਇਸ ਮੌਕੇ ਸਬੰਧਤ ਵਿਭਾਗਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਕੀਤੇ ਗਏ ਅਤੇ ਕੀਤੇ ਜਾਣ ਵਾਲੇ ਕਾਰਜਾਂ ਦੀ ਤੁਰੰਤ ਰਿਪੋਰਟ ਦੇਣ ਦੇ ਆਦੇਸ਼ ਵੀ ਦਿੱਤੇ।ਇਸ ਮੌਕੇ ਮੁਹਾਲੀ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ, ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਡੀਡੀਪੀਓ ਡੀਕੇ ਸਾਲਦੀ, ਖੇਤੀਬਾੜੀ ਵਿਕਾਸ ਅਫ਼ਸਰ ਗੁਰਦਿਆਲ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…