nabaz-e-punjab.com

ਪੁੱਡਾ ਭਵਨ ਵਿੱਚ ਅਣਅਧਿਕਾਰਤ ਕਲੋਨੀਆਂ, ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਵਰਕਸ਼ਾਪ 26 ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ:
ਆਪਣੇ ਅਧਿਕਾਰ ਖੇਤਰ ਵਿੱਚ ਵਿਕਸ਼ਿਤ ਅਣਅਧਿਕਾਰਤ ਕਲੋਨੀਆਂ ਦੇ ਡਿਵੈਲਪਰਾਂ/ਕਾਲੋਨਾਈਜ਼ਰਾਂ ਅਤੇ ਇਨ੍ਹਾਂ ਕਲੋਨੀਆਂ ਵਿੱਚ ਪਲਾਟਾਂ ਅਤੇ ਇਮਾਰਤਾਂ ਦੇ ਮਾਲਕਾਂ ਨੂੰ ਆਪਣੇ ਪਲਾਟ, ਕਲੋਨੀਆਂ ਅਤੇ ਇਮਾਰਤਾਂ ਨੂੰ ਰੈਗੂਲਰਾਈਜ਼ ਕਰਵਾਉਣ ਦੀ ਪ੍ਰਕਿਰਿਆ ਦੀ ਮੁੱਢਲੀ ਜਾਣਕਾਰੀ ਦੇਣ ਲਈ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ 26-11-2018 (ਸੋਮਵਾਰ) ਨੂੰ ਵਰਕਸ਼ਾਪ ਲਗਾਈ ਜਾਵੇਗੀ। ਇਹ ਵਰਕਸ਼ਾਪ ਕਮੇਟੀ ਰੂਮ ਦੂਜੀ ਮੰਜ਼ਿਲ ਪੁੱਡਾ ਭਵਨ ਸੈਕਟਰ-62 ਵਿੱਚ ਸਵੇਰੇ 11 ਵਜੇ ਸ਼ੁਰੂ ਹੋਵੇਗੀ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ, ਗਮਾਡਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ਆਯੋਜਨ ਅਣਅਧਿਕਾਰਤ ਕਲੋਨੀਆਂ ਨੂੰ ਵਿਕਸ਼ਿਤ ਕਰਨ ਵਾਲੇ ਡਿਵੈਲਪਰਾਂ ਅਤੇ ਇਨ੍ਹਾਂ ਕਲੋਨੀਆਂ ਵਿੱਚ ਪੈਂਦੇ ਪਲਾਟਾਂ ਦੇ ਮਾਲਕਾਂ ਨੂੰ ਰੈਗੂਲਰਾਈਜ਼ੇਸ਼ਨ ਦੀ ਪ੍ਰਕਿਰਿਆ ਬਾਰੇ, ਜਾਗਰੂਕ ਕਰਨ ਲਈ ਕੀਤਾ ਜਾ ਰਿਹਾ ਹੈ। ਅਣਅਧਿਕਾਰਤ ਕਲੋਨੀਆਂ ਦੇ ਡਿਵੈਲਪਰ ਅਤੇ ਇਨ੍ਹਾਂ ਕਲੋਨੀਆਂ ਵਿੱਚ ਪਲਾਟ ਮਾਲਕ ਇਸ ਵਰਕਸ਼ਾਪ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਰਕਸ਼ਾਪ ਵਿੱਚ ਰੈਗੂਲਰਾਈਜੇਸ਼ਨ ਪ੍ਰਕਿਰਿਆ ਬਾਬਤ ਮੁਕੰਮਲ ਜਾਣਕਾਰੀ ਜਿਵੇਂ ਕਿ ਲੋੜੀਂਦੇ ਦਸਤਾਵੇਜ਼, ਫੀਸ ਅਤੇ ਰੈਗੂਲਰਾਈਜ਼ੇਸ਼ਨ ਨਾਲ ਸਬੰਧਤ ਸਵਾਲਾਂ ਦੇ ਜਵਾਬ ਵੀ ਦਿੱਤੇ ਜਾਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਵਰਕਸ਼ਾਪ ਨੂੰ ਕਰਵਾਉਣ ਦੇ ਨਾਲ ਨਾਲ ਰੈਗੂਲਰਾਈਜ਼ੇਸ਼ਨ ਪ੍ਰਕ੍ਰਿਆ ਦੀ ਲਗਾਤਾਰ ਜਾਣਕਾਰੀ ਅਥਾਰਟੀ ਦੇ ਰੈਗੂਲੇਟਰੀ ਵਿੰਗ ਦੇ ਫੀਲਡ ਵਿੱਚ ਤਾਇਨਾਤ ਅਮਲੇ ਵੱਲੋਂ ਅਥਾਰਟੀ ਦਫ਼ਤਰ ਵਿੱਚ ਵੀ ਦਿੱਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਮੌਜ਼ੂਦ ਅਣਅਧਿਕਾਰਤ ਕਲੋਨੀਆਂ, ਪਲਾਟਾਂ ਅਤੇ ਬਿਲਡਿੰਗਾਂ ਨੂੰ ਰੈਗੂਲਰਾਈਜ਼ ਕਰਨ ਲਈ ਪਿਛਲੇ ਮਹੀਨੇ ਪਾਲਿਸੀ ਨੋਟੀਫਾਈ ਕੀਤੀ ਗਈ ਸੀ। ਇਸ ਪਾਲਿਸੀ ਅਧੀਨ ਰੈਗੂਲਰਾਈਜ਼ੇਸ਼ਨ ਸਬੰਧੀ ਅਰਜ਼ੀਆਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਸੇਵਾ ਕੇਂਦਰਾਂ ਅਤੇ ਐਚਡੀਐਫ਼ਸੀ ਬੈਂਕ ਦੀਆਂ ਨਾਮਜ਼ਦ ਸ਼ਾਖਾਵਾਂ ਵਿੱਚ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਰੈਗੂਲਰਾਈਜ਼ੇਸ਼ਨ ਲਈ ਅਪਲਾਈ ਕਰਨ ਵਿੱਚ ਰੁਚੀ ਰੱਖਣ ਵਾਲਿਆਂ ਦੀ ਸਹੂਲਤ ਲਈ ਆਨਲਾਈਨ ਅਰਜ਼ੀ ਦਾਖਲ ਕਰਨ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਗਈ ਹੈ। ਨੋਟੀਫਾਈ ਕੀਤੀ ਗਈ ਪਾਲਿਸੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਕਿਉਂ ਜੋ ਰਾਜ ਭਰ ’ਚੋਂ ਹੁਣ ਤੱਕ ਵਿਭਾਗ ਨੂੰ 1 ਹਜ਼ਾਰ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋ ਚੁੱਕੀਆਂ ਹਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…