Nabaz-e-punjab.com

ਵਿਸ਼ਵ ਤੰਬਾਕੂ ਵਿਰੋਧੀ ਦਿਵਸ: ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਨੇ ਤੰਬਾਕੂ ਵਿਰੋਧੀ ਇੰਟਰ ਸਕੂਲ ਪੇਂਟਿੰਗ ਮੁਕਾਬਲੇ ਕਰਵਾਏ

ਵੱਖ-ਵੱਖ ਸਕੂਲਾਂ ਦੇ 600 ਤੋਂ ਵੱਧ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ, ਕਲਾ ਰਾਹੀਂ ਉਕੇਰੇ ਤੰਬਾਕੂ ਦੇ ਹਾਨੀਕਾਰਕ ਪ੍ਰਭਾਵ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ:
ਤੰਬਾਕੂ ਵਿਰੁੱਧ ਲੰਮੇ ਸਮੇਂ ਤੋਂ ਸੰਘਰਸ਼ਸ਼ੀਲ ਸੰਸਥਾ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਵੱਲੋਂ ‘ਵਿਸਵ ਤੰਬਾਕੂ ਵਿਰੋਧੀ ਦਿਵਸ’ ਨੂੰ ਸਮਰਪਿਤ ਸਕੂਲੀ ਹੀ ਵਿਦਿਆਰਥੀਆਂ ਦੇ 22ਵੇਂ ਪੇਂਟਿੰਗ ਮੁਕਾਬਲੇ ਅੱਜ ਇੱਥੇ ਖਾਲਸਾ ਕਾਲਜ ਆਫ਼ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼ ਫੇਜ਼-3ਏ ਵਿੱਚ ਕਰਵਾਇਆ ਗਿਆ। ਜਿਸ ਵਿੱਚ ਮੁਹਾਲੀ ਦੇ ਵੱਖ-ਵੱਖ ਸਕੂਲਾਂ ਦੇ 600 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਕਲਾ ਰਾਹੀਂ ਤੰਬਾਕੂ ਦੀਆਂ ਹਾਨੀਆਂ ਨੂੰ ਕਾਗਜ ’ਤੇ ਉਕੇਰੀਆਂ। ਇਨ੍ਹਾਂ ਮੁਕਾਬਲਿਆਂ ਵਿੱਚ ਚੌਥੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਸ਼ੇ੍ਰਣੀ ਦੇ ਵਿਦਿਆਰਥੀਆਂ ਨੂੰ ਚਾਰ ਗਰੁੱਪਾਂ ਵਿੱਚ ਵੰਡਿਆ ਗਿਆ ਅਤੇ ਹਰੇਕ ਗਰੁੱਪ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ‘ਸੰਸਾਰ ਤੰਬਾਕੂ ਰਹਿਤ ਦਿਵਸ’ ਦੇ ਮੌਕੇ ਵਿਸ਼ੇਸ਼ ਤੋਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਬੋਲਦਿਆਂ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਤੰਬਾਕੂ ਦੇਸ਼ ਅਤੇ ਸਮਾਜ ਲਈ ਸਭ ਤੋਂ ਵੱਡੀ ਸਿਹਤ ਚੁਨੌਤੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾਰੂ ਪ੍ਰਭਾਵਾਂ ਬਾਰੇ ਸ਼ੁਰੂਆਤ ਤੋਂ ਹੀ ਜਾਗਰੂਕ ਕਰਕੇ ਆਉਣ ਵਾਲੀ ਨਸਲਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕਦਾ ਹੈ। ਜੇਕਰ ਅਸੀਂ ਸ਼ੁਰੂਆਤ ਤੋਂ ਹੀ ਬੱਚਿਆਂ ਨੂੰ ਤੰਬਾਕੂ ਤੋਂ ਬਚਾ ਲਈਏ ਤਾਂ ਫਿਰ ਦੂਜੀ ਕਿਸਮ ਦੇ ਨਸ਼ਿਆਂ ਨੂੰ ਵੀ ਠੱਲ੍ਹ ਪਾਈ ਜਾ ਸਕਦੀ ਹੈ ਕਿਉਂਕਿ ਹਰ ਇੱਕ ਨਸ਼ੇ ਦਾ ਆਦੀ ਵਿਅਕਤੀ ਆਪਣੀ ਜ਼ਿੰਦਗੀ ਵਿੱਚ ਨਸ਼ੇ ਦੀ ਸ਼ੁਰੂਆਤ ਤੰਬਾਕੂ ਤੋਂ ਹੀ ਕਰਦਾ ਹੈ ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੀ ਪ੍ਰਧਾਨ ਓਪਿੰਦਰਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਆਉਣ ਵਾਲੀ ਨਸਲਾਂ ਨੂੰ ਤੰਬਾਕੂ ਦੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਦੇ ਟੀਚੇ ਨੂੰ ਲੈ ਕੇ ਉਨ੍ਹਾਂ ਦੀ ਸੰਸਥਾ ਪਿਛਲੇ ਦੋ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਤੰਬਾਕੂ ਕੰਟਰੋਲ ਲਈ ਕੰਮ ਕਰ ਰਹੀ ਹੈ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਸੰਸਥਾ ਦੀ ਸੰਸਥਾਪਕ ਮਰਹੂਮ ਬੀਬੀ ਅਮਤੇਸ਼ਵਰ ਕੌਰ ਨੇ 1998 ਵਿੱਚ ਤੰਬਾਕੂ ਵਿਰੋਧੀ ਪੇਂਟਿੰਗ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦੀ ਤਿਆਰੀ ਦੌਰਾਨ ਵਿਦਿਆਰਥੀ ਤੰਬਾਕੂ ਦੇ ਮਨੁੱਖੀ ਸਰੀਰ ਤੇ ਖ਼ਤਰਨਾਕ ਪ੍ਰਭਾਵਾਂ ਬਾਰੇ ਪੜ੍ਹਦੇ, ਜਾਣਦੇ ਅਤੇ ਉਨ੍ਹਾਂ ਨੂੰ ਤਸਵੀਰਾਂ ਰਾਹੀਂ ਉਕੇਰਦੇ ਹਨ। ਇਸ ਨਾਲ ਉਨ੍ਹਾਂ ਦੀ ਸੋਚ ਵਿੱਚ ਤਬਦੀਲੀ ਆਉਣਾ ਸੁਭਾਵਿਕ ਹੈ।
ਇਸ ਤੋਂ ਪਹਿਲਾਂ ਸੰਸਥਾ ਦੀ ਮੀਤ ਪ੍ਰਧਾਨ ਸੁਰਜੀਤ ਕੌਰ ਸੈਣੀ ਨੇ ਕਿਹਾ ਕਿ ਜੇਕਰ ਅਸੀਂ ਵਿਦਿਆਰਥੀਆਂ ਨੂੰ 20 ਸਾਲ ਦੀ ਉਮਰ ਤੱਕ ਤੰਬਾਕੂ ਨਸ਼ੇ ਤੋਂ ਬਚਾ ਲਈਏ ਤਾਂ ਉਹ ਉਮਰ ਭਰ ਕਿਸੇ ਕਿਸਮ ਦੇ ਨਸ਼ੇ ਨੂੰ ਹੱਥ ਨਹੀਂ ਲਗਾਉਣਗੇ। ਉਨ੍ਹਾਂ ਦੀ ਸੰਸਥਾ ਵੱਲੋਂ ਪੇਂਟਿੰਗ ਮੁਕਾਬਲਿਆਂ ਰਾਹੀਂ ਨਵੀਂ ਪੀੜੀ ਨੂੰ ਤੰਬਾਕੂ ਤੋਂ ਬਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਦੇ ਆਉਣ ਵਾਲੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…