ਜ਼ਿਲ੍ਹੇ ਵਿੱਚ 5 ਜੂਨ ਨੂੰ ਵਿਆਪਕ ਪੱਧਰ ’ਤੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ: ਡੀਸੀ ਅਮਿਤ ਤਲਵਾੜ

ਵਾਤਾਵਰਨ ਦਿਵਸ ਮਨਾਉਣ ਸਬੰਧੀ ਡੀਸੀ ਮੁਹਾਲੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਆਈ ਹਰਿਆਲੀ ਐਪ ਰਾਹੀਂ ਸਰਕਾਰੀ ਨਰਸਰੀ ਤੋਂ ਮੁਫ਼ਤ ਪੌਦੇ ਪ੍ਰਾਪਤ ਕਰ ਸਕਦੇ ਹਨ ਜ਼ਿਲ੍ਹਾ ਵਾਸੀ: ਅਮਿਤ ਤਲਵਾੜ

ਜ਼ਿਲ੍ਹਾ ਵਾਸੀਆਂ ਨੂੰ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਤੇ ਦੇਖਭਾਲ ਕਰਨ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 5 ਜੂਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਵਿਸ਼ਵ ਵਾਤਾਵਰਨ ਵਿਆਪਕ ਪੱਧਰ ’ਤੇ ਮਨਾਇਆ ਜਾਵੇਗਾ। ਇਸ ਸਬੰਧੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਜੰਗਲਾਤ ਵਿਭਾਗ, ਸਿੱਖਿਆ ਵਿਭਾਗ, ਮੁਹਾਲੀ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ। ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਵਿਸ਼ਵ ਵਾਤਾਵਰਨ ਦਿਵਸ ਮੌਕੇ ਜ਼ਿਲ੍ਹਾ ਭਰ ਵਿੱਚ ਢੁਕਵੀਆਂ ਥਾਵਾਂ ’ਤੇ ਪੌਦੇ ਲਗਾਏ ਜਾਣਗੇ ਅਤੇ ਜਾਗਰੂਕਤਾ ਸਾਈਕਲ ਰੈਲੀ ਕੱਢੀ ਜਾਵੇਗੀ। ਇਸ ਤੋਂ ਇਲਾਵਾ ਵਿੱਦਿਅਕ ਅਦਾਰਿਆਂ ਵਿੱਚ ਆਨਲਾਈਨ ਪੇਂਟਿੰਗ ਮੁਕਾਬਲੇ ਵੀ ਕਰਵਾਏ ਜਾਣਗੇ।
ਡੀਸੀ ਅਮਿਤ ਤਲਵਾੜ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਹੈਡਕੁਆਟਰ ਸਮੇਤ ਵੱਖ-ਵੱਖ ਖਾਲੀ ਥਾਵਾਂ ’ਤੇ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀ ਮਦਦ ਨਾਲ ਢੁਕਵੀਆਂ ਥਾਵਾਂ ਦੀ ਪਛਾਣ ਕਰਕੇ ਉੱਥੇ ਪੌਦੇ ਲਗਾਏ ਜਾਣ। ਇਸ ਮੁਹਿੰਮ ਵਿੱਚ ਐਨਜੀਓਜ਼ ਦਾ ਵੀ ਸਹਿਯੋਗ ਲੈਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਮੌਕੇ ਮੁੱਖ ਚੋਣ ਅਫ਼ਸਰ ਵੱਲੋਂ ਇਸ ਵਿਸ਼ਵ ਵਾਤਾਵਰਨ ਦਿਵਸ ਦੇ ਥੀਮ ‘ਟੁਵਾਰਡਜ਼ ਕਲੀਨਰ ਇੰਨਵਾਇਰਮੈਂਟ ਐਂਡ ਸਟਰੋਂਗ ਡੈਮੋਕਰੇਸੀ’’ ਦੇ ਤਹਿਤ ਆਨਲਾਈਨ ਪ੍ਰਤੀਯੋਗਤਾ ਕਰਵਾਈ ਜਾਵੇਗੀ। ਉਨ੍ਹਾਂ ਸਮੂਹ ਬੀਐਲਓਜ਼/ਈਐਲਸੀ ਮੈਂਬਰਜ਼ ਨੂੰਠ ਇਸ ਪ੍ਰਤੀਯੋਗਤਾ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ 3 ਜੂਨ ਨੂੰ ਸਮੂਹ ਵਿੱਦਿਅਕ ਕੇਂਦਰਾਂ ਵਿੱਚ ਆਨਲਾਈਨ ਪੇਂਟਿੰਗ, ਸਲੋਗਨ, ਪੋਸਟਰ ਮੇਕਿੰਗ ਅਤੇ ਮਜ਼ਬੂਤ ਲੋਕਤੰਤਰ ਸਬੰਧੀ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਨਾਗਰਿਕ ਆਈ ਹਰਿਆਲੀ ਐਪ ਰਾਹੀਂ ਸਰਕਾਰੀ ਨਰਸਰੀਆਂ ਤੋਂ ਮੁਫ਼ਤ ਵਿੱਚ ਪੌਦੇ ਲੈ ਸਕਦੇ ਹਨ ਅਤੇ ਆਪਣੇ ਆਲੇ-ਦੁਆਲੇ ਨੂੰ ਹਰਿਆ ਭਰਿਆ ਬਣਾ ਸਕਦੇ ਹਨ।
ਸ੍ਰੀ ਤਲਵਾੜ ਨੇ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਸ਼ਹਿਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਹਸਪਤਾਲ, ਸਕੂਲਾਂ, ਕਾਲਜਾਂ ਅਤੇ ਧਾਰਮਿਕ ਸਥਾਨਾਂ ’ਤੇ ਸਫ਼ਾਈ ਅਭਿਆਨ ਚਲਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵਿਸ਼ਵ ਵਾਤਾਵਰਨ ਦਿਵਸ ਮੌਕੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਸਹਿਯੋਗ ਦੇਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਐਸ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਮਰਦੀਪ ਸਿੰਘ ਗੁਜਰਾਲ, ਐਸਡੀਐਮ ਹਰਬੰਸ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…