ਵਿਸ਼ਵ ਮਲੇਰੀਆ ਦਿਵਸ: ਸਿਹਤ ਵਿਭਾਗ ਵੱਲੋਂ ਜਾਗਰੂਕਤਾ ਦਾ ਹੋਕਾ

ਨਬਜ਼-ਏ-ਪੰਜਾਬ, ਮੁਹਾਲੀ, 25 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਮੂਹ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਵਿੱਚ ਅੱਜ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਸਿਹਤ ਕਾਮਿਆਂ ਨੇ ਰੈਲੀਆਂ, ਸਵਾਲ-ਜਵਾਬ ਮੁਕਾਬਲੇ, ਨੁੱਕੜ ਨਾਟਕਾਂ ਅਤੇ ਹੋਰ ਵੱਖ-ਵੱਖ ਸਮਾਗਮ ਆਯੋਜਿਤ ਕਰਕੇ ਜਾਗਰੂਕਤਾ ਦਾ ਹੋਕਾ ਦਿੱਤਾ। ਇੱਥੋਂ ਦੇ ਸਰਕਾਰੀ ਹਸਪਤਾਲ ਫੇਜ਼-6 ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।
ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਹਰ ਸਾਲ ਦੁਨੀਆਂ ਭਰ ਵਿੱਚ ਮਨਾਏ ਜਾਣ ਵਾਲੇ ਇਸ ਦਿਨ ਦੀ ਅਹਿਮੀਅਤ ਬਾਰੇ ਜਾਣਨਾ ਬਹੁਤ ਜ਼ਰੂਰੀ ਹੈ। ਪੰਜਾਬ ਸਰਕਾਰ ਨੇ 2030 ਤੱਕ ਮਲੇਰੀਆ ਦਾ ਮੁਕੰਮਲ ਖ਼ਾਤਮਾ ਕਰਨ ਦਾ ਟੀਚਾ ਮਿਥਿਆ ਹੈ, ਜਿਸ ਦੀ ਪ੍ਰਾਪਤੀ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਲੋਕਾਂ ਨੂੰ ਵੀ ਸਿਹਤ ਵਿਭਾਗ ਦਾ ਸਾਥ ਦੇਣਾ ਚਾਹੀਦਾ ਹੈ। ਸਿਵਲ ਸਰਜਨ ਨੇ ਕਿਹਾ ਕਿ ਮਲੇਰੀਆ ਬੁਖ਼ਾਰ ਦੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਨੇੜਲੇ ਸਿਹਤ ਕੇਂਦਰ ਵਿੱਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਲੇਰੀਆ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਨੇ ਕਿਹਾ ਕਿ ਮਲੇਰੀਆ ਗੰਭੀਰ ਕਿਸਮ ਦਾ ਬੁਖ਼ਾਰ ਹੈ ਜੋ ਮਾਦਾ ਐਨਾਫ਼ਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਬੁਖ਼ਾਰ ਫੈਲਾਉਣ ਵਾਲਾ ਮੱਛਰ ਬਰਸਾਤ ਦੇ ਮੌਸਮ ਵਿੱਚ ਵਧਦਾ-ਫੁਲਦਾ ਹੈ। ਠੰਢ ਅਤੇ ਕਾਂਬੇ ਨਾਲ ਰੋਜ਼ਾਨਾ ਜਾਂ ਤੀਜੇ ਦਿਨ ਬੁਖ਼ਾਰ ਹੋਣਾ, ਉਲਟੀਆਂ ਤੇ ਸਿਰਦਰਦ ਹੋਣਾ, ਬੁਖ਼ਾਰ ਉੱਤਰਨ ਮਗਰੋਂ ਥਕਾਵਟ ਤੇ ਕਮਜ਼ੋਰੀ ਹੋਣਾ, ਸਰੀਰ ਦਾ ਪਸੀਨੋ-ਪਸੀਨੀ ਹੋਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ। ਖ਼ੂਨ ਦੀ ਜਾਂਚ ਕਰਵਾਉਣ ’ਤੇ ਮਲੇਰੀਆ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ। ਜੇ ਮਲੇਰੀਆ ਦੀ ਪੁਸ਼ਟੀ ਹੁੰਦੀ ਹੈ ਤਾਂ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਥਾਂ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਅਜਿਹੀਆਂ ਥਾਵਾਂ ’ਤੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ। ਪੂਰਾ ਸਰੀਰ ਢੱਕ ਕੇ ਰੱਖਣ ਵਾਲੇ ਕੱਪੜੇ ਪਾਏ ਜਾਣ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਐਸਐਮਓ ਡਾ. ਐਚਐਸ ਚੀਮਾ, ਡਾ. ਵਿਜੈ ਭਗਤ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਬਰਾੜ ਵੀ ਹਾਜ਼ਰ ਸਨ।

Load More Related Articles

Check Also

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਸ਼ਵ ਸ਼ਾਂਤੀ ਤੇ ਹਿੰਦ-ਪਾਕਿ…