ਸਰਕਾਰ ਦੇ ਚਾਰ ਸਾਲ: ਭਾਜਪਾ ਵੱਲੋਂ ਮੁੱਖ ਮੰਤਰੀ ’ਤੇ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼

ਮੁੱਖ ਮੰਤਰੀ ਨੇ ਝੂਠ ਬੋਲਣ ਵਿੱਚ ‘ਆਪ’ ਆਗੂ ਅਰਵਿੰਦ ਕੇਜਰੀਵਾਲ ਨੂੰ ਪਿੱਛੇ ਛੱਡਿਆ

ਪੰਜਾਬ ਵਿੱਚ ਆਪਣੇ ਬਲਬੂਤੇ 117 ਸੀਟਾਂ ’ਤੇ ਚੋਣ ਲੜੇਗੀ ਭਾਜਪਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਾਰਚ:
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੁੱਖ ਬੁਲਾਰੇ ਅਨਿਲ ਸਰੀਨ ਨੇ ਕਾਂਗਰਸ ਸਰਕਾਰ ਦੇ ਚਾਰ ਸਾਲ ਪੂਰੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਿਣਵਾਈਆਂ ਜਾ ਰਹੀਆਂ ਪ੍ਰਾਪਤੀਆਂ ਨੂੰ ਨਿਰਾ ਝੂਠ ਦਾ ਪੁਲੰਦਾ ਦੱਸਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਝੂਠ ਬੋਲਣ ਅਤੇ ਲੋਕਾਂ ਨੂੰ ਗੁਮਰਾਹ ਕਰਨ ਦੇ ਮਾਮਲੇ ਵਿੱਚ ‘ਆਪ’ ਆਗੂ ਅਰਵਿੰਦ ਕੇਜਰੀਵਾਲ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਝੂਠ ਬੋਲਣ ਵਿੱਚ ਸਭ ਤੋਂ ਅੱਗੇ ਹਨ ਜਦੋਂਕਿ ਵਿਕਾਸ ਅਤੇ ਚੋਣ ਵਾਅਦੇ ਪੂਰੇ ਕਰਨ ਵਿੱਚ ਸਭ ਤੋਂ ਪਿੱਛੇ ਹਨ।
ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਭਾਜਪਾ ਆਗੂ ਅਨਿਲ ਸਰੀਨ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਵਿਕਾਸ ਪੱਖੋਂ ਡੱਕਾ ਤੱਕ ਨਹੀਂ ਤੋੜਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਕਿਸਾਨ ਹਿਤੈਸ਼ੀ ਨਹੀਂ ਬਲਕਿ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸ਼ਾਸਨ ਵਿੱਚ ਪੰਜਾਬ ਦੇ ਸਿਰ ਕਰਜ਼ੇ ਦੀ ਪੰਡ ਕਈ ਗੁਣਾ ਭਾਰੀ ਹੋ ਗਈ ਹੈ ਅਤੇ ਚਾਰ ਸਾਲਾਂ ਵਿੱਚ 1232 ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਹਨ। ਸਰਕਾਰ ਦੀ ਘਰ-ਘਰ ਰੁਜ਼ਗਾਰ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ, ਗਰੀਬਾਂ ਨੂੰ ਪੱਕੇ ਮਕਾਨ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਮੇਤ ਹੋਰ ਕਈ ਅਹਿਮ ਮਸਲਿਆਂ ਨੂੰ ਹੱਲ ਕਰਨ ਵਿੱਚ ਕਾਂਗਰਸ ਸਰਕਾਰ ਬੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਕਿਸਾਨੀ ਸੰਘਰਸ਼ ਅਤੇ ਖੇਤੀ ਕਾਨੂੰਨਾਂ ਬਾਰੇ ਪੁੱਛੇ ਜਾਣ ’ਤੇ ਭਾਜਪਾ ਆਗੂ ਇਹ ਕਹਿ ਕੇ ਟਾਲਾ ਵੱਟਦੇ ਰਹੇ ਕਿ ਅੱਜ ਉਹ ਸਿਰਫ਼ ਸਰਕਾਰ ਦੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਨ ਆਏ ਹਨ।
ਭਾਜਪਾ ਆਗੂ ਨੇ ਕਿਹਾ ਕਿ ਸਰਕਾਰ ਨੇ ਸਿਰਫ਼ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਤੋਂ ਬਿਨਾਂ ਕੋਈ ਕੰਮ ਨਹੀਂ ਕੀਤਾ ਹੈ। ਬੇਰੁਜ਼ਗਾਰਾਂ ਨੌਜਵਾਨਾਂ ਅਤੇ ਮੁਲਾਜ਼ਮਾਂ ਦੀ ਬਾਂਹ ਫੜਨ ਦੀ ਥਾਂ ਸਰਕਾਰ ਨੇ ਪੁਲੀਸ ਤੋਂ ਲਾਠੀਚਾਰਜ ਕਰਵਾ ਕੇ ਸੰਘਰਸ਼ਸ਼ੀਲ ਲੋਕਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਰੋਨਾ ਦੇ ਚੱਲਦਿਆਂ ਲੌਕਡਾਊਨ ਵੇਲੇ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਰਾਸ਼ਨ ਦੀ ਸਹੀ ਵੰਡ ਨਹੀਂ ਕੀਤੀ ਗਈ। ਵਜ਼ੀਫ਼ਾ ਘੁਟਾਲੇ ਵਿੱਚ ਮੁੱਖ ਮੰਤਰੀ ਨੇ ਆਪਣੇ ਸਾਥੀ ਮੰਤਰੀ ਨੂੰ ਕਲੀਨ ਚਿੱਟ ਦੇ ਕੇ ਗਰੀਬ ਬੱਚਿਆਂ ਨਾਲ ਧਰੋਹ ਕਮਾਇਆ ਹੈ ਜਦੋਂਕਿ ਪੜ੍ਹਾਈ ਕਰਨ ਤੋਂ ਬਾਅਦ ਹਜ਼ਾਰਾਂ ਦਲਿਤ ਵਿਦਿਆਰਥੀਆਂ ਨੂੰ ਹੁਣ ਤੱਕ ਡਿਗਰੀਆਂ ਨਹੀਂ ਮਿਲੀਆਂ ਹਨ। ਜਿਸ ਕਾਰਨ ਉਨ੍ਹਾਂ ਦੀ ਪੜ੍ਹਾਈ ਕਿਸੇ ਕੰਮ ਦੀ ਨਹੀਂ ਰਹੀ ਅਤੇ ਬੇਰੁਜ਼ਗਾਰ ਨੌਜਵਾਨ ਓਵਰਏਜ ਹੁੰਦੇ ਜਾ ਰਹੇ ਹਨ। ਸਰਕਾਰ ਦੀ ਆਟਾ-ਦਾਲ ਸਕੀਮ ਨਾਲ ਮੁੱਖ ਮੰਤਰੀ ਨੇ ਚਾਹ ਪੱਤੀ ਅਤੇ ਘੀ ਦੇਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਹੁਣ ਤੱਕ ਗਰੀਬ ਲੋਕ ਚਾਹ ਪੱਤੀ ਅਤੇ ਘੀ ਨੂੰ ਤਰਸ ਗਏ ਹਨ।
ਇਸ ਮੌਕੇ ਭਾਜਪਾ ਆਗੂ ਖੁਸ਼ਵੰਤ ਰਾਏ ਗੀਗਾ, ਸੰਜੀਵ ਵਸ਼ਿਸ਼ਟ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ ਤੇ ਸੁਸ਼ੀਲ ਰਾਣਾ, ਮੁਹਾਲੀ ਮੰਡਲ ਦੇ ਪ੍ਰਧਾਨ ਸੋਹਨ ਸਿੰਘ ਤੇ ਅਨਿਲ ਕੁਮਾਰ ਗੱਡੂ, ਖਰੜ ਮੰਡਲ ਦੇ ਪ੍ਰਧਾਨ ਪਵਨ ਮਨੋਚਾ ਤੇ ਹੋਰ ਆਗੂ ਹਾਜ਼ਰ ਸਨ।
ਭਾਜਪਾ ਦੇ ਮੁੱਖ ਬੁਲਾਰੇ ਅਨਿਲ ਸਰੀਨ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਥਿਤੀ ਕਾਫ਼ੀ ਮਜ਼ਬੂਤ ਹੈ ਅਤੇ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ 117 ਸੀਟਾਂ ’ਤੇ ਆਪਣੇ ਬਲਬੂਤੇ ’ਤੇ ਚੋਣ ਲੜੇਗੀ ਅਤੇ ਸ਼ਾਨਦਾਰ ਜਿੱਤ ਹਾਸਲ ਕਰਾਂਗੇ। ਜਦੋਂ ਉਨ੍ਹਾਂ ਨੂੰ ਨਗਰ ਨਿਗਮ ਤੇ ਮਿਉਂਸਪਲ ਚੋਣਾਂ ਦੇ ਨਤੀਜਿਆਂ ਬਾਰੇ ਭਾਜਪਾ ਦੀ ਹੋਈ ਨਿਰਾਸ਼ਾਜਨਕ ਹਾਰ ਪੁੱਛਿਆ ਗਿਆ ਤਾਂ ਸ੍ਰੀ ਸਰੀਨ ਕਿਹਾ ਕਿ ਨਿਗਮ ਚੋਣ ਸਰਕਾਰ ਨੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਅਤੇ ਧੱਕੇਸ਼ਾਹੀ ਨਾਲ ਜਿੱਤੀਆਂ ਹਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…