
ਪਿਛਲੇ 5 ਸਾਲਾਂ ਵਿੱਚ ਆਜ਼ਾਦ ਗਰੁੱਪ ਨੇ ਮੁਹਾਲੀ ਦਾ ਸਰਬਪੱਖੀ ਵਿਕਾਸ ਕੀਤਾ: ਕੁਲਵੰਤ ਸਿੰਘ
ਸਾਬਕਾ ਮੇਅਰ ਨੇ ਸ਼ਹਿਰ ਵਾਸੀਆਂ ਨੂੰ ‘ਪਾਰਟੀ ਨਹੀਂ, ਕਿਰਦਾਰ ਚੁਣੋ’ ਦੀ ਕੀਤੀ ਅਪੀਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਵੱਡੀ ਗਿਣਤੀ ਵੋਟਰਾਂ ਵੱਲੋਂ ਅਜ਼ਾਦ ਗਰੁੱਪ ਦੇ ਸਾਰੇ ਉਮੀਦਵਾਰਾਂ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ, ਜਿਸ ਦੇ ਚੱਲਦਿਆਂ ਅਜ਼ਾਦ ਗਰੁੱਪ ਦੇ ਮੈਂਬਰ ਵੱਡੇ ਫਰਕ ਨਾਲ ਚੋਣ ਜਿੱਤਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੇਅਰ ਅਤੇ ਅਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਨੇ ਬੁੱਧਵਾਰ ਨੂੰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਪੜ੍ਹੇ ਲਿਖੇ ਸੂਝਵਾਨ ਵੋਟਰ ਭਲੀ-ਭਾਂਤ ਜਾਣਦੇ ਹਨ ਕਿ ਆਜ਼ਾਦ ਗਰੁੱਪ ਨੇ ਪਿਛਲੇ ਪੰਜ ਸਾਲਾਂ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਹਿਰ ਦਾ ਬਹੁਪੱਖੀ ਵਿਕਾਸ ਕੀਤਾ ਹੈ ਅਤੇ ਇਸੇ ਵਿਕਾਸ ਨੂੰ ਦੇਖਦੇ ਹੋਏ ਸ਼ਹਿਰ ਵਾਸੀ ਆਜ਼ਾਦ ਗਰੁੱਪ ਦੇ ਮੈਂਬਰਾਂ ਨੂੰ ਜਿਤਾਉਣ ਲਈ ਇੱਕਜੁਟ ਹੋ ਗਏ ਹਨ।
‘ਪਾਰਟੀ ਨਹੀਂ, ਕਿਰਦਾਰ ਚੁਣੋ’ ਦਾ ਨਾਅਰਾ ਬੁਲੰਦ ਕਰਦਿਆਂ ਕੁਲਵੰਤ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਇਸ ਵਾਰ ਪਾਰਟੀ ਨਹੀਂ ਸਿਰਫ ਕਿਰਦਾਰ ਦੇਖ ਕੇ ਵੋਟਾਂ ਪਾਉਣ ਅਤੇ ਨਗਰ ਨਿਗਮ ਵਿੱਚ ਸਾਫ ਸੁਥਰੇ ਅਕਸ ਵਾਲੇ ਚਿਹਰਿਆਂ ਨੂੰ ਹੀ ਜਿਤਾ ਕੇ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਆਜ਼ਾਦ ਗਰੁੱਪ ਦਾ ਮਕਸਦ ਲੋਕਾਂ ਦੀ ਸੇਵਾ ਕਰਨਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦਿਆ ਕਿਹਾ ਕਿ ਜਿੱਤਣ ਉਪਰੰਤ ਆਜ਼ਾਦ ਗਰੁੱਪ ਮੁਹਾਲੀ ਨੂੰ ਵਿਕਾਸ ਪੱਖੋਂ ਹੋਰ ਬੁਲੰਦੀਆਂ ਵੱਲ ਲੈ ਕੇ ਜਾਵੇਗਾ।
ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਮੁਹਾਲੀ ਸਭ ਤੋਂ ਖੂਬਸੂਰਤ ਸ਼ਹਿਰ ਬਣੇ ਅਤੇ ਇੱਥੋਂ ਦੇ ਵਸਨੀਕਾਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਲਗਾਤਾਰ ਮਿਲਣ। ਉਨ੍ਹਾਂ ਕਿਹਾ ਕਿ ਜਿੱਤਣ ਉਪਰੰਤ ਮੁਹਾਲੀ ਦੇ ਰੁਕੇ ਹੋਏ ਵਿਕਾਸ ਦੇ ਸਾਰੇ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਬਿਨਾਂ ਕਿਸੇ ਵਿਤਕਰੇ ਤੋਂ ਮੁਕੰਮਲ ਕਰਵਾਉਣਗੇ, ਕਿਉਂਕਿ ਆਜ਼ਾਦ ਗਰੁੱਪ ਦਾ ਟੀਚਾ ਮੁਹਾਲੀ ਸ਼ਹਿਰ ਦਾ ਵਿਕਾਸ ਕਰਨਾ ਹੈ।